Home » ਨਵੀਂ ਦਿੱਲੀ » ਸਰਨਾ ਤੇ ਜੀ.ਕੇ. ਦੱਸਣ ਕਿ ਸ਼੍ਰੋਮਣੀ ਕਮੇਟੀ ਵੱਲੋਂ ਕੌਮ ਦੀਆਂ ਜਾਇਦਾਦਾਂ ਵੇਚਣ ’ਤੇ ਉਨ੍ਹਾਂ ਨੇ ਚੁੱਪ ਕਿਉਂ ਵੱਟੀ: ਕਾਲਕਾ, ਕਾਹਲੋਂ

ਸਰਨਾ ਤੇ ਜੀ.ਕੇ. ਦੱਸਣ ਕਿ ਸ਼੍ਰੋਮਣੀ ਕਮੇਟੀ ਵੱਲੋਂ ਕੌਮ ਦੀਆਂ ਜਾਇਦਾਦਾਂ ਵੇਚਣ ’ਤੇ ਉਨ੍ਹਾਂ ਨੇ ਚੁੱਪ ਕਿਉਂ ਵੱਟੀ: ਕਾਲਕਾ, ਕਾਹਲੋਂ

SHARE ARTICLE

11 Views

ਨਵੀਂ ਦਿੱਲੀ, 21 ਜੂਨ (ਮਨਪ੍ਰੀਤ ਸਿੰਘ ਖਾਲਸਾ): ਦਿੱਲੀ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਸਰਦਾਰ ਹਰਮੀਤ ਸਿੰਘ ਕਾਲਕਾ ਤੇ ਜਨਰਲ ਸਕੱਤਰ ਸਰਦਾਰ ਜਗਦੀਪ ਸਿੰਘ ਕਾਹਲੋਂ ਨੇ ਅਕਾਲੀ ਦਲ ਬਾਦਲ ਦੇ ਆਗੂਆਂ ਪਰਮਜੀਤ ਸਿੰਘ ਸਰਨਾ ਤੇ ਮਨਜੀਤ ਸਿੰਘ ਜੀ.ਕੇ. ਨੂੰ ਸੁਆਲ ਕੀਤਾ ਹੈ ਕਿ ਉਹ ਦੱਸਣ ਕਿ ਕੌਮ ਦੀਆਂ ਜਾਇਦਾਦਾਂ ਵੇਚਣ ਦੇ ਸ਼੍ਰੋਮਣੀ ਕਮੇਟੀ ਦੇ ਕਾਰੇ ’ਤੇ ਉਨ੍ਹਾਂ ਨੇ ਚੁੱਪੀ ਕਿਉਂ ਵੱਟੀ ਹੋਈ ਹੈ। ਇਕ ਪ੍ਰੈਸ ਕਾਨਫਰੰਸ ਨੂੰ ਸੰਬੋਧਨ ਕਰਦਿਆਂ ਉਨ੍ਹਾਂ ਨੇ ਕਿਹਾ ਕਿ ਸਾਬਕਾ ਜਥੇਦਾਰ ਗਿਆਨੀ ਰਣਜੀਤ ਸਿੰਘ ਨੇ ਇਸ ਗੱਲ ਦੀ ਪੁਸ਼ਟੀ ਕੀਤੀ ਹੈ ਕਿ ਸ਼੍ਰੋਮਣੀ ਕਮੇਟੀ ਨੇ 60 ਲੱਖ ਰੁਪਏ ਕੀਮਤ ਦਾ ਪਲਾਟ 12 ਲੱਖ ਰੁਪਏ ਅਤੇ 55 ਲੱਖ ਰੁਪਏ ਕੀਮਤ ਦਾ ਪਲਾਟ 9 ਲੱਖ ਰੁਪਏ ਵਿਚ ਆਪਣੇ ਹੀ ਚਹੇਤਿਆਂ ਨੂੰ ਵੇਚ ਦਿੱਤੇ ਹਨ। ਇਹ ਜਾਇਦਾਦਾਂ ਸੰਗਤ ਨੇ ਹੀ ਸ਼੍ਰੋਮਣੀ ਕਮੇਟੀ ਨੂੰ ਭੇਟਾ ਵਜੋਂ ਦਿੱਤੇ ਸਨ ਤੇ ਇਹਨਾਂ ਨੂੰ ਵੇਚਣ ਦਾ ਸ਼੍ਰੋਮਣੀ ਕਮੇਟੀ ਦਾ ਕੋਈ ਹੱਕ ਨਹੀਂ ਬਣਦਾ। ਦਿੱਲੀ ਕਮੇਟੀ ਨੇ ਤਾਂ ਇਕੱਲੀ ਦਿੱਲੀ ਵਿਚ ਕੌਮ ਦੀਆਂ ਜਾਇਦਾਦਾਂ ਦੀ ਸੂਚੀ ਹੀ ਅਦਾਲਤ ਨੂੰ ਸੌਂਪੀ ਸੀ ਤੇ ਦੱਸਿਆ ਸੀ ਕਿ ਇਹ ਕੌਮੀ ਜਾਇਦਾਦਾਂ ਹਨ ਜੋ ਵੇਚੀਆਂ ਨਹੀਂ ਜਾ ਸਕਦੀਆਂ, ਉਸ ਵੇਲੇ ਤਾਂ ਪਰਮਜੀਤ ਸਿੰਘ ਸਰਨਾ ਤੇ ਮਨਜੀਤ ਸਿੰਘ ਜੀ.ਕੇ. ਨੇ ਹਾਲ ਦੁਹਾਈ ਪਾ ਦਿੱਤੀ ਸੀ ਤੇ ਧਰਨੇ ਮੁਜ਼ਾਹਰੇ ਸ਼ੁਰੂ ਕਰ ਦਿੱਤੇ ਸਨ। ਉਹਨਾਂ ਸਰਨਾ ਤੇ ਜੀ.ਕੇ. ਦੋਵਾਂ ਨੂੰ ਸਵਾਲ ਕੀਤਾ ਕਿ ਕੀ ਉਹ ਹੁਣ ਦਿੱਲੀ ਤੋਂ ਸੰਗਤ ਲਿਜਾ ਕੇ ਸ਼੍ਰੋਮਣੀ ਕਮੇਟੀ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਦੇ ਘਰ ਅੱਗੇ ਰੋਸ ਧਰਨੇ ਦੇਣਗੇ ਅਤੇ ਜਾਇਦਾਦਾਂ ਵੇਚਣ ਦਾ ਵਿਰੋਧ ਕਰਨਗੇ..? ਉਨ੍ਹਾਂ ਨੇ ਸ਼੍ਰੋਮਣੀ ਕਮੇਟੀ ਦੀ ਲੀਡਰਸ਼ਿਪ ਨੂੰ ਆਖਿਆ ਕਿ ਓਹ ਸ਼੍ਰੋਮਣੀ ਕਮੇਟੀ ਦੀ ਕਰੋੜਾਂ ਅਰਬਾਂ ਰੁਪਏ ਦੀ ਜ਼ਮੀਨ ਦੇ ਵੇਰਵੇ ਜਾਰੀ ਕਰੇ ਅਤੇ ਦੱਸੇ ਕਿ ਕਿਹੜੀ ਜ਼ਮੀਨ ਕਿੰਨੇ ਰੁਪਏ ਵਿਚ ਠੇਕੇ ’ਤੇ ਦਿੱਤੀ ਹੈ ਕਿਉਂਕਿ ਅੱਜ ਕੱਲ੍ਹ ਮਾਰਕੀਟ ਰੇਟ ਮੁਤਾਬਕ ਠੇਕਾ ਕੀਮਤਾਂ 50 ਤੋਂ ਲੈ ਕੇ 70 ਹਜ਼ਾਰ ਰੁਪਏ ਪ੍ਰਤੀ ਮਹੀਨਾ ਚਲ ਰਹੀਆਂ ਹਨ। ਜੇਕਰ ਸ਼੍ਰੋਮਣੀ ਕਮੇਟੀ ਨੇ ਘੱਟ ਰੇਟ ’ਤੇ ਜ਼ਮੀਨਾਂ ਠੇਕੇ ’ਤੇ ਦਿੱਤੀਆਂ ਹਨ ਤਾਂ ਕਿਉਂ ਦਿੱਤੀਆਂ ਹਨ, ਅਜਿਹੇ ਠੇਕੇ ਰੱਦ ਕਰ ਕੇ ਮਾਰਕੀਟ ਰੇਟ ਮੁਤਾਬਕ ਜ਼ਮੀਨਾਂ ਠੇਕੇ ’ਤੇ ਦਿੱਤੀਆਂ ਜਾਣ। ਉਹਨਾਂ ਨੇ ਇਹ ਵੀ ਮੰਗ ਕੀਤੀ ਕਿ ਪਿਛਲੇ 15 ਤੋਂ 20 ਸਾਲਾਂ ਤੋਂ ਹਰਿਆਣਾ ਵਿਚਲੀ ਜੋ ਸ਼੍ਰੋਮਣੀ ਕਮੇਟੀ ਦੀ ਜਾਇਦਾਦ ਹੈ, ਉਸਦੇ ਵੇਰਵੇ ਵੀ ਜਨਤਕ ਕੀਤੇ ਜਾਣ ਤੇ ਉਸਦਾ ਠੇਕਾ ਵੀ ਮਾਰਕੀਟ ਕੀਮਤ ਮੁਤਾਬਕ ਤੈਅ ਹੋਵੇ। ਉਹਨਾਂ ਕਿਹਾ ਕਿ ਇਹ ਜ਼ਮੀਨਾਂ ਜਾਇਦਾਦਾਂ ਕੌਮ ਦੀ ਜਾਇਦਾਦ ਹਨ ਜਿਸਨੂੰ ਵੇਚਣ ਦਾ ਕਿਸੇ ਨੂੰ ਵੀ ਹੱਕ ਨਹੀਂ। ਉਹਨਾਂ ਕਿਹਾ ਕਿ ਮਨਜੀਤ ਸਿੰਘ ਜੀ.ਕੇ. ਤੇ ਪਰਮਜੀਤ ਸਿੰਘ ਸਰਨਾ ਨੂੰ ਵੀ ਆਪਣੀ ਚੁੱਪੀ ਤੋੜਨੀ ਚਾਹੀਦੀ ਹੈ ਤੇ ਕੌਮ ਦੀਆਂ ਜਾਇਦਾਦਾਂ ਵੇਚਣ ਦਾ ਵਿਰੋਧ ਕਰਨਾ ਚਾਹੀਦਾ ਹੈ।

khireyapunjab
Author: khireyapunjab

ਸ੍ਰ. ਸੰਤੋਖ ਸਿੰਘ ਪ੍ਰੇਮੀ (ਐਡੀਟਰ ਖਿੜਿਆ ਪੰਜਾਬ) ਸਤਿਕਾਰਯੋਗ ਪਿਤਾ ਜੀ ਨੇ ਸਭ ਤੋਂ ਪਹਿਲਾ ਪੇਪਰ 1969 ਵਿੱਚ ਬਾਜ਼ਾਰ ਕਾਠੀਆਂ ਅੰਮ੍ਰਿਤਸਰ ਤੋਂ ਸ਼ੁਰੂ ਕੀਤਾ ਸੀ । ਉਸ ਤੋਂ ਬਾਅਦ ਕੁੱਝ ਸਮਾਂ ਖਿੜਿਆ ਪੰਜਾਬ ਹਫਤਾਵਾਰੀ ਖਾਲੜਾ ਮੰਡੀ ਤੋਂ ਵੀ ਪ੍ਰਕਾਸ਼ਿਤ ਕੀਤਾ ਜਾਂਦਾ ਰਿਹਾ । ਪਿਤਾ ਜੀ ਨੇ ਇਹ ਮਹੀਨਾਵਾਰੀ ਪੇਪਰ ਸ੍ਰ. ਲਛਮਣ ਸਿੰਘ ਗਿੱਲ (ਮਰਹੂਮ ਮੁੱਖ ਮੰਤਰੀ ਪੰਜਾਬ) ਦੀ ਯਾਦ ਵਿੱਚ ਸ਼ੁਰੂ ਕੀਤਾ ਸੀ ਕਿਉਂ ਕਿ ਉਹ ਗਿੱਲ ਜੀ ਨਾਲ ਪਰਸਨਲ ਪੀ. ਏ. ਦੇ ਤੌਰ ਤੇ ਵਿਚਰੇ ਸਨ । ਅਸੀ ਪਿਛਲੇ ਸਮੇਂ ਤੋਂ ਖਿੜਿਆ ਪੰਜਾਬ ਯੂ ਟਿਊਬ ਚੈਨਲ ਚਲਾ ਰਹੇ ਸੀ । ਹੁਣ ਪਿਤਾ ਜੀ ਵਲੋਂ ਸ਼ੁਰੂ ਕੀਤਾ ਨਿਊਜ਼ ਪੇਪਰ ਪੰਜਾਬੀ ਆਨਲਾਈਨ ਚਾਲੂ ਕੀਤਾ ਗਿਆ ਹੈ । ਅਕਾਲ ਪੁਰਖ ਸਹਾਈ ਹੋਵੇ ਪੰਜਾਬ ਅਤੇ ਪੰਜਾਬੀਅਤ ਦੀ ਸੇਵਾ ਕਰਨ ਦਾ ਬੱਲ ਬਖਸ਼ੇ ।

Leave a Reply

Your email address will not be published. Required fields are marked *

Latest News