ਨਵੀਂ ਦਿੱਲੀ, 16 ਜੁਲਾਈ (ਮਨਪ੍ਰੀਤ ਸਿੰਘ ਖਾਲਸਾ): ਦਿੱਲੀ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਸਰਦਾਰ ਹਰਮੀਤ ਸਿੰਘ ਕਾਲਕਾ ਤੇ ਜਨਰਲ ਸਕੱਤਰ ਸਰਦਾਰ ਜਗਦੀਪ ਸਿੰਘ ਕਾਹਲੋਂ ਅਤੇ ਧਰਮ ਪ੍ਰਚਾਰ ਚੈਅਰਮੈਨ ਸਰਦਾਰ ਜਸਪ੍ਰੀਤ ਸਿੰਘ ਕਰਮਸਰ ਨੇ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਨੂੰ ਆਖਿਆ ਹੈ ਕਿ ਉਹ ਗੁਰੂ ਤੇਗ ਬਹਾਦਰ ਸਾਹਿਬ ਦਾ 350 ਸਾਲਾ ਸ਼ਹੀਦੀ ਦਿਹਾੜਾ ਕੌਮ ਵੱਲੋਂ ਇਕਜੁੱਟ ਹੋ ਕੇ ਮਨਾਉਣ ਦੇ ਰਾਹ ਵਿਚ ਭੁਲੇਖੇ ਨਾ ਪਾਉਣ ਅਤੇ ਵੱਖਰੇ ਪ੍ਰੋਗਰਾਮ ਨਾ ਉਲੀਕਣ। ਇਕ ਪ੍ਰੈਸ ਕਾਨਫਰੰਸ ਨੂੰ ਸੰਬੋਧਨ ਕਰਦਿਆਂ ਸਰਦਾਰ ਹਰਮੀਤ ਸਿੰਘ ਕਾਲਕਾ, ਸਰਦਾਰ ਜਗਦੀਪ ਸਿੰਘ ਕਾਹਲੋਂ ਅਤੇ ਸਰਦਾਰ ਜਸਪ੍ਰੀਤ ਸਿੰਘ ਕਰਮਸਰ ਨੇ ਕਿਹਾ ਕਿ ਜਦੋਂ 1999 ਵਿਚ ਖਾਲਸਾ ਸਾਜਨਾ ਦਿਵਸ ਦਾ 300 ਸਾਲਾ ਮਨਾਇਆ ਗਿਆ ਤਾਂ ਸਮੁੱਚੀ ਕੌਮ ਸ੍ਰੀ ਆਨੰਦਪੁਰ ਸਾਹਿਬ ਵਿਚ ਇਕਜੁੱਟ ਹੋਈ। ਇਸੇ ਤਰੀਕੇ ਜਦੋਂ ਗੁਰੂ ਗੋਬਿੰਦ ਸਿੰਘ ਸਾਹਿਬ ਜੀ ਦਾ 350 ਸਾਲਾ ਪ੍ਰਕਾਸ਼ ਪੁਰਬ ਪਟਨਾ ਸਾਹਿਬ ਵਿਖੇ ਮਨਾਇਆ ਗਿਆ ਤਾਂ ਸਮੁੱਚੀ ਕੌਮ ਪਟਨਾ ਸਾਹਿਬ ਵਿਖੇ ਇਕੱਤਰ ਹੋਈ।
ਉਹਨਾਂ ਕਿਹਾ ਕਿ ਹੁਣ ਗੁਰੂ ਤੇਗ ਬਹਾਦਰ ਸਾਹਿਬ ਜੀ ਦਾ 350 ਸਾਲਾ ਸ਼ਹੀਦੀ ਦਿਹਾੜਾ ਆ ਰਿਹਾ ਹੈ। ਉਹਨਾਂ ਕਿਹਾ ਕਿ ਗੁਰੂ ਸਾਹਿਬ ਦੀ ਸ਼ਹਾਦਤ ਗੁਰਦੁਆਰਾ ਸੀਸਗੰਜ ਸਾਹਿਬ ਵਾਲੇ ਅਸਥਾਨ ’ਤੇ ਹੋਈ ਅਤੇ ਅੰਤਿਮ ਸਸਕਾਰ ਗੁਰਦੁਆਰਾ ਰਕਾਬਗੰਜ ਸਾਹਿਬ ਵਾਲੀ ਥਾਂ ’ਤੇ ਦਿੱਲੀ ਵਿਚ ਹੋਇਆ। ਉਹਨਾਂ ਕਿਹਾ ਕਿ ਇਸ ਲਈ ਇਹ ਦਿਹਾੜਾ ਮਨਾਉਣ ਦੀ ਮੁੱਢਲੀ ਜ਼ਿੰਮੇਵਾਰੀ ਦਿੱਲੀ ਗੁਰਦੁਆਰਾ ਕਮੇਟੀ ਦੀ ਬਣਦੀ ਹੈ। ਉਹਨਾਂ ਕਿਹਾ ਕਿ ਅਸੀਂ ਆਪਣੀ ਜ਼ਿੰਮੇਵਾਰੀ ਸਮਝਦਿਆਂ ਪਿਛਲੇ ਸਮੇਂ ਅੰਦਰ ਖੁਦ ਸਭ ਦੀ ਸਾਂਝੀ ਮੀਟਿੰਗ ਬੁਲਾਈ ਸੀ ਜਿਸ ਵਿਚ ਸ਼ਾਮਲ ਹੋਣ ਵਾਲੇ ਖੁਦ ਹਰਜਿੰਦਰ ਸਿੰਘ ਧਾਮੀ ਨੂੰ ਫੋਨ ਕਰ ਕੇ ਸੱਦਾ ਦਿੱਤਾ ਸੀ ਜਿਹਨਾਂ ਨੇ ਆਪਣੇ ਪ੍ਰਤੀਨਿਧ ਵਜੋਂ ਕਮੇਟੀ ਦੇ ਸਾਬਕਾ ਜਨਰਲ ਸਕੱਤਰ ਸਰਦਾਰ ਗੁਰਚਰਨ ਸਿੰਘ ਗਰੇਵਾਲ ਨੂੰ ਭੇਜਿਆ ਸੀ।
ਉਹਨਾਂ ਕਿਹਾ ਕਿ ਅਸੀਂ 350 ਸਾਲਾ ਸ਼ਹੀਦੀ ਦਿਹਾੜਾ ਮਨਾਉਣ ਵਾਸਤੇ ਪ੍ਰੋਗਰਾਮ ਉਲੀਕੇ ਹਨ ਜਿਹਨਾਂ ਤਹਿਤ ਲਾਲ ਕਿਲ੍ਹੇ ’ਤੇ ਸਮਾਗਮ ਰੱਖੇ ਗਏ ਹਨ ਜਿਹਨਾਂ ਵਿਚ ਕੇਂਦਰ ਸਰਕਾਰ ਤੇ ਦਿੱਲੀ ਸਰਕਾਰ ਦਾ ਵੀ ਸਹਿਯੋਗ ਲਿਆ ਜਾ ਰਿਹਾ ਹੈ। ਉਹਨਾਂ ਕਿਹਾ ਕਿ ਇਸ ਤੋਂ ਇਲਾਵਾ ਅਸੀਂ ਆਪਣੇ ਵਫਦ ਤਖ਼ਤ ਸ੍ਰੀ ਹਜ਼ੂਰ ਸਾਹਿਬ ਵਿਖੇ ਭੇਜੇ ਹਨ ਜਿਹਨਾਂ ਨੇ ਉਥੋਂ ਨਗਰ ਕੀਰਤਨ ਦਿੱਲੀ ਤੱਕ ਸਜਾਉਣ ਦੀ ਰੂਪ ਰੇਖਾ ਉਲੀਕੀ ਹੈ। ਇਸੇ ਤਰੀਕੇ ਅਸੀਂ ਤਖ਼ਤ ਪਟਨਾ ਸਾਹਿਬ ਦੇ ਪ੍ਰਬੰਧਕਾਂ ਨਾਲ ਵੀ ਗੱਲਬਾਤ ਕੀਤੀ ਹੈ ਤੇ ਇਕ ਮਹਾਨ ਨਗਰ ਕੀਰਤਨ ਪਟਨਾ ਸਾਹਿਬ ਤੋਂ ਦਿੱਲੀ ਤੱਕ ਸਜਾਇਆ ਜਾ ਰਿਹਾ ਹੈ। ਉਹਨਾਂ ਕਿਹਾ ਕਿ ਇਸੇ ਤਰੀਕੇ ਸਾਡੀ ਇੱਛਾ ਸੀ ਕਿ ਕਸ਼ਮੀਰੀ ਪੰਡਤਾਂ ਨੇ ਗੁਰੂ ਤੇਗ ਬਹਾਦਰ ਸਾਹਿਬ ਨੂੰ ਸ੍ਰੀ ਆਨੰਦਪੁਰ ਸਾਹਿਬ ਦੀ ਪਵਿੱਤਰ ਧਰਤੀ ’ਤੇ ਆ ਕੇ ਬੇਨਤੀ ਕੀਤੀ ਸੀ। ਇਸੇ ਲਈ ਅਸੀਂ ਸ੍ਰੀ ਆਨੰਦਪੁਰ ਸਾਹਿਬ ਤੋਂ ਗੁਰਦੁਆਰਾ ਸੀਸਗੰਜ ਸਾਹਿਬ ਤੱਕ ਨਗਰ ਕੀਰਤਨ ਸਜਾਉਣਾ ਚਾਹੁੰਦੇ ਹਾਂ ਤੇ ਚਾਹੁੰਦੇ ਹਾਂ ਕਿ ਪੰਜਾਬ ਵਿਚ ਇਸਦਾ ਸਾਰਾ ਪ੍ਰਬੰਧਕ ਸ਼੍ਰੋਮਣੀ ਕਮੇਟੀ ਵੱਲੋਂ ਕੀਤਾ ਜਾਵੇ। ਇਸੇ ਤਰੀਕੇ ਜਦੋਂ ਨਗਰ ਕੀਰਤਨ ਹਰਿਆਣਾ ਵਿਚ ਦਾਖਲ ਹੋਵੇ ਤਾਂ ਉਥੋਂ ਦਿੱਲੀ ਬਾਰਡਰ ਤੱਕ ਹਰਿਆਣਾ ਗੁਰਦੁਆਰਾ ਪ੍ਰਬੰਧਕ ਕਮੇਟੀ ਪ੍ਰਬੰਧ ਕਰੇ ਤੇ ਦਿੱਲੀ ਅਸੀਂ ਆਪ ਨਗਰ ਕੀਰਤਨ ਦਾ ਸਵਾਗਤ ਕਰਾਂਗੇ। ਉਹਨਾਂ ਕਿਹਾ ਕਿ ਇਹ ਬਹੁਤ ਹੀ ਦੁੱਖ ਦੀ ਗੱਲ ਹੈ ਕਿ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਨੇ ਆਪਣੇ ਨਵੇਂ ਬਣੇ ਸਲਾਹਕਾਰਾਂ ਦੀ ਸਲਾਹ ’ਤੇ ਵੱਖਰੇ ਪ੍ਰੋਗਰਾਮ ਉਲੀਕੇ ਹਨ ਜਦੋਂ ਕਿ ਇਹਨਾਂ ਸਲਾਹਕਾਰਾਂ ਜਿਹਨਾਂ ਵਿਚ ਪਰਮਜੀਤ ਸਿੰਘ ਸਰਨਾ ਤੇ ਮਨਜੀਤ ਸਿੰਘ ਜੀ.ਕੇ. ਸ਼ਾਮਲ ਹਨ, ਨੂੰ ਸੰਗਤ ਨੇ ਪਹਿਲਾਂ ਹੀ ਨਕਾਰ ਦਿੱਤਾ ਹੈ। ਉਹਨਾਂ ਕਿਹਾ ਕਿ ਇਹ ਵੀ ਅਸਲੀਅਤ ਹੈ ਕਿ ਜਿਹੜੇ 12 ਸਾਲਾਂ ਤੱਕ ਪਰਮਜੀਤ ਸਿੰਘ ਸਰਨਾ ਦਿੱਲੀ ਗੁਰਦੁਆਰਾ ਕਮੇਟੀ ਦੇ ਪ੍ਰਧਾਨ ਰਹੇ, ਉਹਨਾਂ ਦਾ ਅਕਾਲ ਤਖ਼ਤ ਸਾਹਿਬ ਨਾਲ ਟਕਰਾਅ ਰਿਹਾ ਤੇ ਉਹ ਦੋ-ਦੋ ਸੰਗਰਾਂਦਾ ਤੇ ਦੋ-ਦੋ ਗੁਰਪੁਰਬ ਮਨਾਉਂਦੇ ਰਹੇ। ਹੁਣ ਜਦੋਂ ਇਥੋਂ ਸੰਗਤ ਨੇ ਨਕਾਰ ਦਿੱਤਾ ਹੈ ਤਾਂ ਪੰਜਾਬ ਆ ਕੇ ਸ਼੍ਰੋਮਣੀ ਕਮੇਟੀ ਨੂੰ ਦਿੱਲੀ ਕਮੇਟੀ ਨਾਲ ਲੜਵਾ ਰਹੇ ਹਨ। ਉਹਨਾਂ ਕਿਹਾ ਕਿ ਇਹਨਾਂ ਲੋਕਾਂ ਦੇ ਕਾਰਨ ਹੀ ਅਕਾਲ ਦਲ ਦਾ ਪਤਨ ਹੋਇਆ ਹੈ ਤੇ ਹੁਣ ਇਹ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦਾ ਨੁਕਸਾਨ ਕਰਨਾ ਚਾਹੁੰਦੇ ਹਨ। ਉਹਨਾਂ ਕਿਹਾ ਕਿ ਹੁਣ ਗੁਰੂ ਸਾਹਿਬ ਦੇ ਸ਼ਹੀਦੀ ਦਿਹਾੜੇ ’ਤੇ ਵੱਖਰੇ ਪ੍ਰੋਗਰਾਮ ਉਲੀਕਵਾਕੇ ਇਹ ਲੋਕ ਕੌਮ ਵਿਚ ਦੁਬਿਧਾ ਤੇ ਭੁਲੇਖਾ ਪੈਦਾ ਕਰਨਾ ਚਾਹੁੰਦੇ ਹਨ। ਉਹਨਾਂ ਨੇ ਐਡਵੋਕੇਟ ਧਾਮੀ ਨੂੰ ਅਪੀਲ ਕੀਤੀ ਕਿ ਉਹ ਸਿਆਣੇ ਤੇ ਸੁਲਝੇ ਹੋਏ ਆਗੂ ਹਨ ਤੇ ਸਿਆਣਪ ਨਾਲ ਕੰਮ ਲੈਣ ਅਤੇ ਗੁਰੂ ਸਾਹਿਬ ਦਾ ਸ਼ਹੀਦੀ ਦਿਹਾੜਾ ਰਲ ਮਿਲ ਕੇ ਮਨਾਉਣ ਵਾਸਤੇ ਦਿੱਲੀ ਗੁਰਦੁਆਰਾ ਕਮੇਟੀ ਨੂੰ ਸਹਿਯੋਗ ਦੇਣ। ਉਹਨਾਂ ਕਿਹਾ ਕਿ ਦਿੱਲੀ ਗੁਰਦੁਆਰਾ ਕਮੇਟੀ ਨੇ ਵਿਦਿਆਰਥੀਆਂ ਲਈ ਸੈਮੀਨਾਰ ਤੋਂ ਲੈ ਕੇ ਸਰਬ ਧਰਮ ਸੰਮੇਲਨ, ਨਗਰ ਕੀਰਤਨ ਤੇ ਹੋਰ ਪ੍ਰੋਗਰਾਮ ਉਲੀਕੇ ਹਨ ਜਿਹਨਾਂ ਦਾ ਐਲਾਨ ਵੀ ਕੀਤਾ ਜਾ ਚੁੱਕਾ ਹੈ। ਉਹਨਾਂ ਕਿਹਾ ਕਿ ਇਸ ਲਈ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਨੂੰ ਸਾਨੂੰ ਹਰ ਤਰੀਕੇ ਦਾ ਸਹਿਯੋਗ ਦੇਣਾ ਚਾਹੀਦਾ ਹੈ। ਪੱਤਰਕਾਰਾਂ ਦੇ ਸਵਾਲਾਂ ਦੇ ਜਵਾਬ ਵਿਚ ਸਰਦਾਰ ਕਾਲਕਾ ਤੇ ਸਰਦਾਰ ਕਾਹਲੋਂ ਨੇ ਕਿਹਾ ਕਿ ਅਸੀਂ ਕੌਮ ਦੀਆਂ ਸਮੁੱਚੀਆਂ ਜਥੇਬੰਦੀਆਂ, ਸਿੰਘ ਸਭਾਵਾਂ, ਇਸਤਰੀ ਸਭਾਵਾਂ, ਨਿਹੰਗ ਸਿੰਘ ਜਥੇਬੰਦੀਆਂ ਸਮੇਤ ਸਭ ਨੂੰ ਸਹਿਯੋਗ ਲਈ ਅਪੀਲ ਕੀਤੀ ਹੈ ਤੇ ਲਿਖਤੀ ਸੱਦਾ ਪੱਤਰ ਵੀ ਭੇਜੇ ਹਨ। ਦਿੱਲੀ ਵਿਚ ਨਜਾਇਜ਼ ਕਬਜ਼ੇ ਵਾਸਤੇ ਸ੍ਰੀ ਗੁਰੂ ਗ੍ਰੰਥ ਸਾਹਿਬ ਦੇ ਸਰੂਪ ਨੂੰ ਵਰਤਣ ਬਾਰੇ ਸਵਾਲ ਦੇ ਜਵਾਬ ਵਿਚ ਸਰਦਾਰ ਕਾਲਕਾ ਤੇ ਸਰਦਾਰ ਕਾਹਲੋਂ ਨੇ ਦੱਸਿਆ ਕਿ ਜਿਵੇਂ ਹੀ ਮਾਮਲਾ ਸਾਡੇ ਧਿਆਨ ਵਿਚ ਆਇਆ ਅਸੀਂ ਤੁਰੰਤ ਗੁਰੂ ਮਹਾਰਾਜ ਦਾ ਸਰੂਪ ਉਥੋਂ ਲਿਆਂਦਾ ਹੈ। ਉਹਨਾਂ ਦੱਸਿਆ ਕਿ ਸਰੂਪ ਦੇਣ ਵਾਲੇ ਬਾਬਾ ਕੁਲਦੀਪ ਸਿੰਘ ਨੇ ਵੀ ਗਲਤੀ ਮੰਨੀ ਹੈ ਤੇ ਅਸੀਂ ਇਸ ਬਾਰੇ ਸ੍ਰੀ ਅਕਾਲ ਤਖ਼ਤ ਸਾਹਿਬ ਦੇ ਕਾਰਜਕਾਰੀ ਜਥੇਦਾਰ ਗਿਆਨੀ ਕੁਲਦੀਪ ਸਿੰਘ ਗਡਗੱਜ ਨੂੰ ਲਿਖਤੀ ਪੱਤਰ ਭੇਜ ਕੇ ਸਾਰੀ ਜਾਣਕਾਰੀ ਸਾਂਝੀ ਕੀਤੀ ਹੈ।

Author: khireyapunjab
ਸ੍ਰ. ਸੰਤੋਖ ਸਿੰਘ ਪ੍ਰੇਮੀ (ਐਡੀਟਰ ਖਿੜਿਆ ਪੰਜਾਬ) ਸਤਿਕਾਰਯੋਗ ਪਿਤਾ ਜੀ ਨੇ ਸਭ ਤੋਂ ਪਹਿਲਾ ਪੇਪਰ 1969 ਵਿੱਚ ਬਾਜ਼ਾਰ ਕਾਠੀਆਂ ਅੰਮ੍ਰਿਤਸਰ ਤੋਂ ਸ਼ੁਰੂ ਕੀਤਾ ਸੀ । ਉਸ ਤੋਂ ਬਾਅਦ ਕੁੱਝ ਸਮਾਂ ਖਿੜਿਆ ਪੰਜਾਬ ਹਫਤਾਵਾਰੀ ਖਾਲੜਾ ਮੰਡੀ ਤੋਂ ਵੀ ਪ੍ਰਕਾਸ਼ਿਤ ਕੀਤਾ ਜਾਂਦਾ ਰਿਹਾ । ਪਿਤਾ ਜੀ ਨੇ ਇਹ ਮਹੀਨਾਵਾਰੀ ਪੇਪਰ ਸ੍ਰ. ਲਛਮਣ ਸਿੰਘ ਗਿੱਲ (ਮਰਹੂਮ ਮੁੱਖ ਮੰਤਰੀ ਪੰਜਾਬ) ਦੀ ਯਾਦ ਵਿੱਚ ਸ਼ੁਰੂ ਕੀਤਾ ਸੀ ਕਿਉਂ ਕਿ ਉਹ ਗਿੱਲ ਜੀ ਨਾਲ ਪਰਸਨਲ ਪੀ. ਏ. ਦੇ ਤੌਰ ਤੇ ਵਿਚਰੇ ਸਨ । ਅਸੀ ਪਿਛਲੇ ਸਮੇਂ ਤੋਂ ਖਿੜਿਆ ਪੰਜਾਬ ਯੂ ਟਿਊਬ ਚੈਨਲ ਚਲਾ ਰਹੇ ਸੀ । ਹੁਣ ਪਿਤਾ ਜੀ ਵਲੋਂ ਸ਼ੁਰੂ ਕੀਤਾ ਨਿਊਜ਼ ਪੇਪਰ ਪੰਜਾਬੀ ਆਨਲਾਈਨ ਚਾਲੂ ਕੀਤਾ ਗਿਆ ਹੈ । ਅਕਾਲ ਪੁਰਖ ਸਹਾਈ ਹੋਵੇ ਪੰਜਾਬ ਅਤੇ ਪੰਜਾਬੀਅਤ ਦੀ ਸੇਵਾ ਕਰਨ ਦਾ ਬੱਲ ਬਖਸ਼ੇ ।