ਨਵੀਂ ਦਿੱਲੀ, 25 ਜੁਲਾਈ (ਮਨਪ੍ਰੀਤ ਸਿੰਘ ਖਾਲਸਾ): ਦਿੱਲੀ ਦੇ ਚੰਦਰ ਵਿਹਾਰ ’ਚ ਖੰਡਾ ਚੌਂਕ ਵਿਖੇ ਸਿੱਖ ਨੌਜਵਾਨ ਨਾਲ ਕੁਝ ਗੁੰਡਾ ਅਨਸਰਾਂ ਵੱਲੋਂ ਕੁੱਟਮਾਰ ਕਰਨ ਦੇ ਮਾਮਲੇ ਦਾ ਗੰਭੀਰ ਨੋਟਿਸ ਲੈਂਦਿਆਂ ਦਿੱਲੀ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਸਰਦਾਰ ਹਰਮੀਤ ਸਿੰਘ ਕਾਲਕਾ ਤੇ ਜਨਰਲ ਸਕੱਤਰ ਸਰਦਾਰ ਜਗਦੀਪ ਸਿੰਘ ਕਾਹਲੋਂ ਨੇ ਦਿੱਲੀ ਪੁਲਿਸ ਦੇ ਉਚ ਅਧਿਕਾਰੀਆਂ ਕੋਲ ਮਾਮਲਾ ਚੁੱਕਦਿਆਂ ਦੋਸ਼ੀਆਂ ਖਿਲਾਫ ਸਖ਼ਤ ਤੋਂ ਸਖ਼ਤ ਕਾਰਵਾਈ ਦੀ ਮੰਗ ਕੀਤੀ ਹੈ। ਜਾਰੀ ਕੀਤੇ ਇਕ ਬਿਆਨ ਵਿਚ ਸਰਦਾਰ ਕਾਲਕਾ ਤੇ ਸਰਦਾਰ ਕਾਹਲੋਂ ਨੇ ਦੱਸਿਆ ਕਿ ਚੰਦਰ ਵਿਹਾਰ ਵਿਚ ਇਹ ਨੌਜਵਾਨ ਲੰਬੇ ਸਮੇਂ ਤੋਂ ਸਵੈ ਇੱਛਾ ਨਾਲ ਟਰੈਫਿਕ ਕੰਟਰੋਲ ਕਰਨ ਵਿਚ ਸਹਾਇਤਾ ਦਿੰਦੇ ਹਨ ਜਿਸ ਨਾਲ ਇਲਾਕੇ ਵਿਚ ਟਰੈਫਿਕ ਬਹੁਤ ਸੁਚੱਜੇ ਢੰਗ ਨਾਲ ਚਲਦਾ ਹੈ। ਉਹਨਾਂ ਦੱਸਿਆ ਕਿ ਅੱਜ ਸਵੇਰੇ ਇਕ ਨੌਜਵਾਨ ਗਲਤ ਪਾਸੇ ਤੋਂ ਵਾਹਨ ਚਲਾ ਕੇ ਆ ਰਿਹਾ ਸੀ ਤਾਂ ਇਹਨਾਂ ਸੇਵਾਦਾਰਾਂ ਵਿਚੋਂ ਇਕ ਨੇ ਉਸਨੂੰ ਗਲਤ ਪਾਸੇ ਡ੍ਰਾਇਵਿੰਗ ਨਾ ਕਰਨ ਦੀ ਸਲਾਹ ਦਿੱਤੀ। ਇਸ ’ਤੇ ਨੌਜਵਾਨ ਭੜਕ ਉਠਿਆ ਅਤੇ ਆਪਣੇ ਨਾਲ ਦੇ ਗੁੰਡਾ ਅਨਸਰ ਸੱਦ ਲਿਆ ਤੇ ਉਕਤ ਨੌਜਵਾਨ ਨਾਲ ਕੁੱਟਮਾਰ ਕੀਤੀ। ਉਹਨਾਂ ਕਿਹਾ ਕਿ ਇਹ ਸਾਰੇ ਨੌਜਵਾਨ ਸਿੱਖੀ ਸਰੂਪ ਵਿਚ ਹਨ ਜੋ ਬਿਨਾਂ ਕਿਸੇ ਦੇ ਕਹੇ ਆਪਣੇ ਆਪ ਸੇਵਾ ਕਰਦੇ ਹਨ। ਉਹਨਾਂ ਕਿਹਾ ਕਿ ਜਦੋਂ ਉਹਨਾਂ ਨੂੰ ਇਸ ਕੁੱਟਮਾਰ ਦਾ ਪਤਾ ਲੱਗਾ ਤਾਂ ਉਹਨਾਂ ਤੁਰੰਤ ਇਲਾਕੇ ਦੇ ਮੈਂਬਰ ਅਨੁਪ ਸਿੰਘ ਘੁੰਮਣ ਨੂੰ ਮੌਕੇ ਤੇ ਭੇਜਿਆ ਅਤੇ ਉੱਚ ਪੁਲਿਸ ਅਧਿਕਾਰੀਆਂ ਕੋਲ ਇਹ ਮਾਮਲਾ ਚੁੱਕਿਆ ਹੈ ਤੇ ਦੋਸ਼ੀਆਂ ਖਿਲਾਫ ਸਖ਼ਤ ਤੋਂ ਸਖ਼ਤ ਕਾਰਵਾਈ ਦੀ ਮੰਗ ਕੀਤੀ ਹੈ ਤੇ ਅਧਿਕਾਰੀਆਂ ਨੇ ਭਰੋਸਾ ਦੁਆਇਆ ਹੈ ਕਿ ਕੋਈ ਵੀ ਦੋਸ਼ੀ ਬਖਸ਼ਿਆ ਨਹੀਂ ਜਾਵੇਗਾ ਤੇ ਇਹਨਾਂ ਖਿਲਾਫ ਕਾਨੂੰਨ ਮੁਤਾਬਕ ਸਖ਼ਤ ਕਾਰਵਾਈ ਕੀਤੀ ਜਾਵੇਗੀ।

Author: khireyapunjab
ਸ੍ਰ. ਸੰਤੋਖ ਸਿੰਘ ਪ੍ਰੇਮੀ (ਐਡੀਟਰ ਖਿੜਿਆ ਪੰਜਾਬ) ਸਤਿਕਾਰਯੋਗ ਪਿਤਾ ਜੀ ਨੇ ਸਭ ਤੋਂ ਪਹਿਲਾ ਪੇਪਰ 1969 ਵਿੱਚ ਬਾਜ਼ਾਰ ਕਾਠੀਆਂ ਅੰਮ੍ਰਿਤਸਰ ਤੋਂ ਸ਼ੁਰੂ ਕੀਤਾ ਸੀ । ਉਸ ਤੋਂ ਬਾਅਦ ਕੁੱਝ ਸਮਾਂ ਖਿੜਿਆ ਪੰਜਾਬ ਹਫਤਾਵਾਰੀ ਖਾਲੜਾ ਮੰਡੀ ਤੋਂ ਵੀ ਪ੍ਰਕਾਸ਼ਿਤ ਕੀਤਾ ਜਾਂਦਾ ਰਿਹਾ । ਪਿਤਾ ਜੀ ਨੇ ਇਹ ਮਹੀਨਾਵਾਰੀ ਪੇਪਰ ਸ੍ਰ. ਲਛਮਣ ਸਿੰਘ ਗਿੱਲ (ਮਰਹੂਮ ਮੁੱਖ ਮੰਤਰੀ ਪੰਜਾਬ) ਦੀ ਯਾਦ ਵਿੱਚ ਸ਼ੁਰੂ ਕੀਤਾ ਸੀ ਕਿਉਂ ਕਿ ਉਹ ਗਿੱਲ ਜੀ ਨਾਲ ਪਰਸਨਲ ਪੀ. ਏ. ਦੇ ਤੌਰ ਤੇ ਵਿਚਰੇ ਸਨ । ਅਸੀ ਪਿਛਲੇ ਸਮੇਂ ਤੋਂ ਖਿੜਿਆ ਪੰਜਾਬ ਯੂ ਟਿਊਬ ਚੈਨਲ ਚਲਾ ਰਹੇ ਸੀ । ਹੁਣ ਪਿਤਾ ਜੀ ਵਲੋਂ ਸ਼ੁਰੂ ਕੀਤਾ ਨਿਊਜ਼ ਪੇਪਰ ਪੰਜਾਬੀ ਆਨਲਾਈਨ ਚਾਲੂ ਕੀਤਾ ਗਿਆ ਹੈ । ਅਕਾਲ ਪੁਰਖ ਸਹਾਈ ਹੋਵੇ ਪੰਜਾਬ ਅਤੇ ਪੰਜਾਬੀਅਤ ਦੀ ਸੇਵਾ ਕਰਨ ਦਾ ਬੱਲ ਬਖਸ਼ੇ ।