ਨਵੀਂ ਦਿੱਲੀ 29 ਜੁਲਾਈ (ਮਨਪ੍ਰੀਤ ਸਿੰਘ ਖਾਲਸਾ):- ਸ਼੍ਰੋਮਣੀ ਅਕਾਲੀ ਦਲ ਦੀ ਦਿੱਲੀ ਇਕਾਈ ਦੀ ਯੂਥ ਵਿੰਗ ਦੇ ਪ੍ਰਧਾਨ ਸਰਦਾਰ ਰਮਨਦੀਪ ਸਿੰਘ ਸੋਨੂੰ ਨੇ ਸ੍ਰੀ ਅਕਾਲ ਤਖ਼ਤ ਸਾਹਿਬ ਦੇ ਕਾਰਜਕਾਰੀ ਜਥੇਦਾਰ ਸਿੰਘ ਸਾਹਿਬ ਜਥੇਦਾਰ ਕੁਲਦੀਪ ਸਿੰਘ ਗੜਗੱਜ ਦੇ ਨਜ਼ਦੀਕੀ ਰਿਸ਼ਤੇਦਾਰ ਸ. ਗੁਰਵਿੰਦਰ ਸਿੰਘ ਦੇ ਅਕਾਲ ਚਲਾਣਾ ਕਰ ਜਾਣ ’ਤੇ ਗਹਿਰੇ ਦੁੱਖ ਦਾ ਇਜ਼ਹਾਰ ਕੀਤਾ ਹੈ। ਉਨ੍ਹਾਂ ਨੇ ਕਿਹਾ ਕਿ ਸ. ਗੁਰਵਿੰਦਰ ਸਿੰਘ ਦੇ ਅਚਾਨਕ ਅਕਾਲ ਚਲਾਣੇ ਨਾਲ ਪਰਿਵਾਰ ਨੂੰ ਵੱਡਾ ਘਾਟਾ ਪਿਆ ਹੈ। ਉਨ੍ਹਾਂ ਨੇ ਜਥੇਦਾਰ ਕੁਲਦੀਪ ਸਿੰਘ ਗੜਗੱਜ ਅਤੇ ਪਰਿਵਾਰ ਨਾਲ ਹਮਦਰਦੀ ਪ੍ਰਗਟ ਕਰਦਿਆਂ ਕਰਤਾ ਪੁਰਖ ਅੱਗੇ ਅਰਦਾਸ ਕੀਤੀ ਕਿ ਵਿਛੜੀ ਰੂਹ ਨੂੰ ਆਪਣੇ ਚਰਣਾਂ ਵਿਚ ਨਿਵਾਸ ਅਤੇ ਪਰਿਵਾਰ ਨੂੰ ਭਾਣਾ ਮੰਨਣ ਦਾ ਬੱਲ ਬਖਸ਼ਿਸ਼ ਕਰਨ। ਜਿਕਰਯੋਗ ਹੈ ਕਿ ਸ. ਗੁਰਵਿੰਦਰ ਸਿੰਘ, ਸ੍ਰੀ ਅਕਾਲ ਤਖ਼ਤ ਸਾਹਿਬ ਦੇ ਕਾਰਜਕਾਰੀ ਜਥੇਦਾਰ ਗਿਆਨੀ ਕੁਲਦੀਪ ਸਿੰਘ ਗੜਗੱਜ ਦੇ ਜੀਜਾ ਜੀ, ਜਿਨ੍ਹਾਂ ਦੇ ਬੀਤੀ ਰਾਤ ਅੰਮ੍ਰਿਤਸਰ-ਤਰਨ ਤਾਰਨ ਸੜਕ ਉੱਤੇ ਗੋਹਲਵੜ ਦੇ ਨੇੜੇ ਮੋਟਰਸਾਈਕਲ ਨਾਲ ਗਾਂ ਟਕਰਾਉਣ ਕਰਕੇ ਸੜਕ ਉੱਤੇ ਡਿੱਗਣ ਨਾਲ ਸਿਰ ਵਿੱਚ ਗਹਿਰੀ ਸੱਟ ਲੱਗ ਗਈ ਅਤੇ ਉਹ ਅੱਜ ਅੰਮ੍ਰਿਤਸਰ ਦੇ ਇੱਕ ਹਸਪਤਾਲ ਵਿੱਚ ਇਲਾਜ ਦੌਰਾਨ ਚਲਾਣਾ ਕਰ ਗਏ ਸਨ । ਸ. ਗੁਰਵਿੰਦਰ ਸਿੰਘ ਪੰਜਾਬ ਪੁਲਿਸ ਵਿੱਚ ਏ.ਐੱਸ.ਆਈ ਸਨ ਜੋ ਤਰਨ ਤਾਰਨ ਜ਼ਿਲ੍ਹੇ ਦੇ ਖਾਰਾ ਪਿੰਡ ਦੇ ਰਹਿਣ ਵਾਲੇ ਸਨ ਅਤੇ ਮੌਜੂਦਾ ਸਮੇਂ ਉਹ ਅੰਮ੍ਰਿਤਸਰ ਸ਼ਹਿਰ ਵਿੱਚ ਭਾਈ ਮੰਝ ਰੋਡ ਸਥਿਤ ਗ੍ਰੈਂਡ ਇਸਟੇਟ ਵਿਖੇ ਆਪਣੇ ਪਰਿਵਾਰ ਸਮੇਤ ਰਹਿੰਦੇ ਸਨ। ਉਨ੍ਹਾਂ ਦਾ ਅੰਤਮ ਸਸਕਾਰ ਵੀਰਵਾਰ ਨੂੰ ਕੀਤਾ ਜਾਏਗਾ ।

Author: khireyapunjab
ਸ੍ਰ. ਸੰਤੋਖ ਸਿੰਘ ਪ੍ਰੇਮੀ (ਐਡੀਟਰ ਖਿੜਿਆ ਪੰਜਾਬ) ਸਤਿਕਾਰਯੋਗ ਪਿਤਾ ਜੀ ਨੇ ਸਭ ਤੋਂ ਪਹਿਲਾ ਪੇਪਰ 1969 ਵਿੱਚ ਬਾਜ਼ਾਰ ਕਾਠੀਆਂ ਅੰਮ੍ਰਿਤਸਰ ਤੋਂ ਸ਼ੁਰੂ ਕੀਤਾ ਸੀ । ਉਸ ਤੋਂ ਬਾਅਦ ਕੁੱਝ ਸਮਾਂ ਖਿੜਿਆ ਪੰਜਾਬ ਹਫਤਾਵਾਰੀ ਖਾਲੜਾ ਮੰਡੀ ਤੋਂ ਵੀ ਪ੍ਰਕਾਸ਼ਿਤ ਕੀਤਾ ਜਾਂਦਾ ਰਿਹਾ । ਪਿਤਾ ਜੀ ਨੇ ਇਹ ਮਹੀਨਾਵਾਰੀ ਪੇਪਰ ਸ੍ਰ. ਲਛਮਣ ਸਿੰਘ ਗਿੱਲ (ਮਰਹੂਮ ਮੁੱਖ ਮੰਤਰੀ ਪੰਜਾਬ) ਦੀ ਯਾਦ ਵਿੱਚ ਸ਼ੁਰੂ ਕੀਤਾ ਸੀ ਕਿਉਂ ਕਿ ਉਹ ਗਿੱਲ ਜੀ ਨਾਲ ਪਰਸਨਲ ਪੀ. ਏ. ਦੇ ਤੌਰ ਤੇ ਵਿਚਰੇ ਸਨ । ਅਸੀ ਪਿਛਲੇ ਸਮੇਂ ਤੋਂ ਖਿੜਿਆ ਪੰਜਾਬ ਯੂ ਟਿਊਬ ਚੈਨਲ ਚਲਾ ਰਹੇ ਸੀ । ਹੁਣ ਪਿਤਾ ਜੀ ਵਲੋਂ ਸ਼ੁਰੂ ਕੀਤਾ ਨਿਊਜ਼ ਪੇਪਰ ਪੰਜਾਬੀ ਆਨਲਾਈਨ ਚਾਲੂ ਕੀਤਾ ਗਿਆ ਹੈ । ਅਕਾਲ ਪੁਰਖ ਸਹਾਈ ਹੋਵੇ ਪੰਜਾਬ ਅਤੇ ਪੰਜਾਬੀਅਤ ਦੀ ਸੇਵਾ ਕਰਨ ਦਾ ਬੱਲ ਬਖਸ਼ੇ ।