ਨਵੀਂ ਦਿੱਲੀ, 11 ਅਗਸਤ (ਮਨਪ੍ਰੀਤ ਸਿੰਘ ਖਾਲਸਾ):- ਭਾਈ ਸੁੱਖਾ ਸਿੰਘ ਮਾੜੀ ਕੰਬੋਕੇ ਅਤੇ ਭਾਈ ਮਹਿਤਾਬ ਸਿੰਘ ਮੀਰਾਂਕੋਟ ਵੱਲੋਂ ਮੱਸੇ ਰੰਘੜ ਨੂੰ ਸੋਧਣ ਦੀ ਯਾਦ ਵਿਚ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ ਗੁਰਦੁਆਰਾ ਸ਼ਹੀਦ ਬਾਬਾ ਗੁਰਬਖ਼ਸ਼ ਸਿੰਘ ਜੀ ਵਿਖੇ ਗੁਰਮਤਿ ਸਮਾਗਮ ਕਰਵਾਇਆ ਗਿਆ। ਇਸ ਮੌਕੇ ਸ੍ਰੀ ਅਖੰਡ ਪਾਠ ਸਾਹਿਬ ਦੇ ਭੋਗ ਉਪਰੰਤ ਭਾਈ ਸੁਖਜੀਤ ਸਿੰਘ ਦੇ ਰਾਗੀ ਜਥੇ ਨੇ ਗੁਰਬਾਣੀ ਕੀਰਤਨ ਕੀਤਾ। ਅਰਦਾਸ ਭਾਈ ਪ੍ਰੇਮ ਸਿੰਘ ਨੇ ਕੀਤੀ ਅਤੇ ਸੰਗਤ ਨੂੰ ਪਾਵਨ ਹੁਕਮਨਾਮਾ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਦੇ ਗ੍ਰੰਥੀ ਸਿੰਘ ਸਾਹਿਬ ਗਿਆਨੀ ਗੁਰਮਿੰਦਰ ਸਿੰਘ ਨੇ ਸਰਵਣ ਕਰਵਾਇਆ। ਇਸ ਮੌਕੇ ਸਿੰਘ ਸਾਹਿਬ ਗਿਆਨੀ ਗੁਰਮਿੰਦਰ ਸਿੰਘ ਨੇ ਸੰਗਤ ਨਾਲ ਇਤਿਹਾਸ ਦੀ ਵਿਚਾਰ ਕਰਦਿਆਂ ਕਿਹਾ ਕਿ ਸਿੱਖ ਕੌਮ ਦੇ ਕੇਂਦਰੀ ਅਸਥਾਨ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਨੂੰ ਨੁਕਸਾਨ ਪਹੁੰਚਾਉਣ ਦੇ ਸਮੇਂ ਦੀਆਂ ਹਕੂਮਤਾਂ ਨੇ ਕਈ ਵਾਰ ਯਤਨ ਕੀਤੇ। ਜਕਰੀਆ ਖਾਨ ਦੀ ਹਕੂਮਤ ਸਮੇਂ ਮੱਸੇ ਰੰਘੜ ਨੇ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਦੀ ਬੇਅਦਬੀ ਕੀਤੀ, ਜਿਸ ਦਾ ਬਦਲਾ ਭਾਈ ਸੁੱਖਾ ਸਿੰਘ ਤੇ ਭਾਈ ਮਹਿਤਾਬ ਸਿੰਘ ਨੇ ਮੱਸੇ ਰੰਘੜ ਨੂੰ ਸੋਧ ਕੇ ਲਿਆ। ਉਨ੍ਹਾਂ ਕਿਹਾ ਕਿ ਸ਼੍ਰੋਮਣੀ ਕਮੇਟੀ ਵੱਲੋਂ ਇਸ ਦਿਨ ਦੀ ਯਾਦ ਮਨਾਉਣਾ ਸ਼ਲਾਘਾਯੋਗ ਉਪਰਾਲਾ ਹੈ, ਜਿਸ ਨਾਲ ਸੰਗਤਾਂ ਵਿਚ ਇਤਿਹਾਸ ਪ੍ਰਤੀ ਜਾਗਰਤਾ ਪੈਦਾ ਹੋਵੇਗੀ। ਸਮਾਗਮ ਮੌਕੇ ਸ੍ਰੀ ਦਰਬਾਰ ਸਾਹਿਬ ਦੇ ਜਨਰਲ ਮੈਨੇਜਰ ਸ. ਭਗਵੰਤ ਸਿੰਘ ਧੰਗੇੜਾ, ਵਧੀਕ ਮੈਨੇਜਰ ਸ. ਜਸਪਾਲ ਸਿੰਘ, ਸ. ਬਿਕਰਮਜੀਤ ਸਿੰਘ ਝੰਗੀ, ਮੀਤ ਮੈਨੇਜਰ ਸ. ਰਵਿੰਦਰਜੀਤ ਸਿੰਘ, ਸ. ਸਤਨਾਮ ਸਿੰਘ ਤੇ ਹੋਰ ਮੌਜੂਦ ਸਨ।

Author: khireyapunjab
ਸ੍ਰ. ਸੰਤੋਖ ਸਿੰਘ ਪ੍ਰੇਮੀ (ਐਡੀਟਰ ਖਿੜਿਆ ਪੰਜਾਬ) ਸਤਿਕਾਰਯੋਗ ਪਿਤਾ ਜੀ ਨੇ ਸਭ ਤੋਂ ਪਹਿਲਾ ਪੇਪਰ 1969 ਵਿੱਚ ਬਾਜ਼ਾਰ ਕਾਠੀਆਂ ਅੰਮ੍ਰਿਤਸਰ ਤੋਂ ਸ਼ੁਰੂ ਕੀਤਾ ਸੀ । ਉਸ ਤੋਂ ਬਾਅਦ ਕੁੱਝ ਸਮਾਂ ਖਿੜਿਆ ਪੰਜਾਬ ਹਫਤਾਵਾਰੀ ਖਾਲੜਾ ਮੰਡੀ ਤੋਂ ਵੀ ਪ੍ਰਕਾਸ਼ਿਤ ਕੀਤਾ ਜਾਂਦਾ ਰਿਹਾ । ਪਿਤਾ ਜੀ ਨੇ ਇਹ ਮਹੀਨਾਵਾਰੀ ਪੇਪਰ ਸ੍ਰ. ਲਛਮਣ ਸਿੰਘ ਗਿੱਲ (ਮਰਹੂਮ ਮੁੱਖ ਮੰਤਰੀ ਪੰਜਾਬ) ਦੀ ਯਾਦ ਵਿੱਚ ਸ਼ੁਰੂ ਕੀਤਾ ਸੀ ਕਿਉਂ ਕਿ ਉਹ ਗਿੱਲ ਜੀ ਨਾਲ ਪਰਸਨਲ ਪੀ. ਏ. ਦੇ ਤੌਰ ਤੇ ਵਿਚਰੇ ਸਨ । ਅਸੀ ਪਿਛਲੇ ਸਮੇਂ ਤੋਂ ਖਿੜਿਆ ਪੰਜਾਬ ਯੂ ਟਿਊਬ ਚੈਨਲ ਚਲਾ ਰਹੇ ਸੀ । ਹੁਣ ਪਿਤਾ ਜੀ ਵਲੋਂ ਸ਼ੁਰੂ ਕੀਤਾ ਨਿਊਜ਼ ਪੇਪਰ ਪੰਜਾਬੀ ਆਨਲਾਈਨ ਚਾਲੂ ਕੀਤਾ ਗਿਆ ਹੈ । ਅਕਾਲ ਪੁਰਖ ਸਹਾਈ ਹੋਵੇ ਪੰਜਾਬ ਅਤੇ ਪੰਜਾਬੀਅਤ ਦੀ ਸੇਵਾ ਕਰਨ ਦਾ ਬੱਲ ਬਖਸ਼ੇ ।