Home » ਨਵੀਂ ਦਿੱਲੀ » ਗੁਰਦੁਆਰਾ ਧੋਬੜੀ ਸਾਹਿਬ ਤੋਂ ਖ਼ਾਲਸਾਈ ਜਾਹੋ ਜਲਾਲ ਨਾਲ ਆਰੰਭ ਹੋਇਆ ਸ਼ਹੀਦੀ ਨਗਰ ਕੀਰਤਨ

ਗੁਰਦੁਆਰਾ ਧੋਬੜੀ ਸਾਹਿਬ ਤੋਂ ਖ਼ਾਲਸਾਈ ਜਾਹੋ ਜਲਾਲ ਨਾਲ ਆਰੰਭ ਹੋਇਆ ਸ਼ਹੀਦੀ ਨਗਰ ਕੀਰਤਨ

SHARE ARTICLE

11 Views

ਨਵੀਂ ਦਿੱਲੀ, 21 ਅਗਸਤ (ਮਨਪ੍ਰੀਤ ਸਿੰਘ ਖਾਲਸਾ):- ਨੌਵੇਂ ਪਾਤਸ਼ਾਹ ਸ੍ਰੀ ਗੁਰੂ ਤੇਗ਼ ਬਹਾਦਰ ਸਾਹਿਬ ਜੀ ਦੇ ਸ਼ਹੀਦੀ ਸਾਕੇ ਦੀ 350 ਸਾਲਾ ਸ਼ਤਾਬਦੀ ਦੇ ਸਬੰਧ ਵਿੱਚ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ ਅੱਜ ਗੁਰਦੁਆਰਾ ਸਾਹਿਬ ਪਾਤਸ਼ਾਹੀ ਨੌਵੀਂ ਧੋਬੜੀ ਸਾਹਿਬ ਤੋਂ ਇਤਿਹਾਸਕ ਸ਼ਹੀਦੀ ਨਗਰ ਕੀਰਤਨ ਖ਼ਾਲਸਾਈ ਪ੍ਰੰਪਰਾਵਾਂ ਅਨੁਸਾਰ ਆਰੰਭ ਹੋਇਆ। ਨੌਵੇਂ ਪਾਤਸ਼ਾਹ ਆਪਣੀ ਆਸਾਮ ਫੇਰੀ ਦੌਰਾਨ ਇਸ ਪਾਵਨ ਅਸਥਾਨ ਤੇ ਪੁੱਜੇ ਸਨ ਜਿਥੇ ਉਨ੍ਹਾਂ ਨੇ ਦੋ ਰਾਜਿਆਂ ਦੀ ਲੜਾਈ ਖ਼ਤਮ ਕਰਵਾਈ ਅਤੇ ਸੰਗਤਾਂ ਨੂੰ ਭਰਮਾਂ ਤੋਂ ਦੂਰ ਰਹਿਣ ਦਾ ਉਪਦੇਸ਼ ਦਿੱਤਾ। ਨਗਰ ਕੀਰਤਨ ਦੀ ਆਰੰਭਤਾ ਮੌਕੇ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦਾ ਪਾਵਨ ਸਰੂਪ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਨੇ ਪਾਲਕੀ ਸਾਹਿਬ ਵਿੱਚ ਸ਼ਸ਼ੋਬਿਤ ਕੀਤਾ ਅਤੇ ਚੌਰ ਸਾਹਿਬ ਦੀ ਸੇਵਾ ਗਿਆਨੀ ਕੁਲਦੀਪ ਸਿੰਘ ਗੜਗੱਜ ਨੇ ਨਿਭਾਈ। ਇਸ ਸਮੇਂ ਸ਼੍ਰੋਮਣੀ ਕਮੇਟੀ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਤੋਂ ਇਲਾਵਾ ਤਖ਼ਤ ਸ੍ਰੀ ਕੇਸਗੜ੍ਹ ਸਾਹਿਬ ਦੇ ਜਥੇਦਾਰ ਤੇ ਸ੍ਰੀ ਅਕਾਲ ਤਖ਼ਤ ਸਾਹਿਬ ਦੇ ਕਾਰਜਕਾਰੀ ਜਥੇਦਾਰ ਗਿਆਨੀ ਕੁਲਦੀਪ ਸਿੰਘ ਗੜਗੱਜ, ਦਮਦਮੀ ਟਕਸਾਲ ਦੇ ਮੁੱਖੀ ਗਿਆਨੀ ਹਰਨਾਮ ਸਿੰਘ ਖਾਲਸਾ, ਬੁੱਢਾ ਦਲ ਦੇ ਮੁੱਖੀ ਜਥੇਦਾਰ ਬਾਬਾ ਬਲਬੀਰ ਸਿੰਘ 96ਵੇਂ ਕਰੋੜੀ, ਪਦਮਸ਼੍ਰੀ ਬਾਬਾ ਸੇਵਾ ਸਿੰਘ ਖਡੂਰ ਸਾਹਿਬ, ਬਾਬਾ ਕਸ਼ਮੀਰ ਸਿੰਘ ਭੂਰੀ ਵਾਲੇ, ਮੁੱਖ ਸਕੱਤਰ ਸ. ਕੁਲਵੰਤ ਸਿੰਘ ਮੰਨਣ, ਮੈਂਬਰ ਭਾਈ ਰਜਿੰਦਰ ਸਿੰਘ ਮਹਿਤਾ, ਸ. ਸੁਰਜੀਤ ਸਿੰਘ ਭਿੱਟੇਵਡ, ਭਾਈ ਅਜੈਬ ਸਿੰਘ ਅਭਿਆਸੀ, ਸ. ਜਗਸੀਰ ਸਿੰਘ ਮਾਂਗੇਆਣਾ, ਧਰਮ ਪ੍ਰਚਾਰ ਕਮੇਟੀ ਦੇ ਸਕੱਤਰ ਸ. ਬਲਵਿੰਦਰ ਸਿੰਘ ਕਾਹਲਵਾਂ, ਬਾਬਾ ਮੇਜਰ ਸਿੰਘ ਸੋਢੀ ਸਮੇਤ ਪ੍ਰਮੁੱਖ ਸਖਸ਼ੀਅਤਾਂ ਹਾਜ਼ਰ ਸਨ। ਨਗਰ ਕੀਰਤਨ ਦੀ ਆਰੰਭਤਾ ਤੋਂ ਪਹਿਲਾਂ ਸ੍ਰੀ ਅਖੰਡ ਪਾਠ ਸਾਹਿਬ ਦੇ ਭੋਗ ਪਾਏ ਗਏ ਅਤੇ ਅਰਦਾਸ ਉਪਰੰਤ ਪਾਵਨ ਹੁਕਮਨਾਮਾ ਸਿੰਘ ਸਾਹਿਬ ਗਿਆਨੀ ਬਲਵਿੰਦਰ ਸਿੰਘ ਨੇ ਸਰਵਣ ਕਰਵਾਇਆ। ਇਸ ਮੌਕੇ ਦਮਦਮੀ ਟਕਸਾਲ ਦੇ ਮੁਖੀ ਬਾਬਾ ਹਰਨਾਮ ਸਿੰਘ ਖਾਲਸਾ ਨੇ ਕਥਾ ਵਿਚਾਰਾਂ ਕੀਤੀਆਂ। ਉਨ੍ਹਾਂ ਨੌਵੇਂ ਪਾਤਸ਼ਾਹ ਜੀ ਦੇ ਧੋਬੜੀ ਸਾਹਿਬ ਆਉਣ ਦੇ ਇਤਿਹਾਸ ਦੀ ਸੰਗਤਾਂ ਨਾਲ ਸਾਂਝ ਪਾਈ। ਇਸ ਦੌਰਾਨ ਸ਼੍ਰੋਮਣੀ ਕਮੇਟੀ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਨੇ ਕਿਹਾ ਕਿ ਇਸ ਅਸਥਾਨ ਤੇ ਨੌਵੇਂ ਪਾਤਸ਼ਾਹ ਨੇ ਦੋ ਰਾਜਿਆਂ ਦੀ ਆਪਸੀ ਸੁਲਾਹ ਕਰਵਾ ਕੇ ਸ਼ਾਂਤੀ ਤੇ ਸਦਭਾਵਨਾ ਦਾ ਸੰਦੇਸ਼ ਦਿੱਤਾ। ਉਨ੍ਹਾਂ ਕਿਹਾ ਕਿ ਗੁਰੂ ਸਾਹਿਬ ਦਾ ਇਹ ਸੰਦੇਸ਼ ਸਾਡੇ ਲਈ ਅੱਜ ਵੀ ਵੱਡੀ ਪ੍ਰੇਰਨਾ ਹੈ, ਜਿਸ ਤੋਂ ਸੇਧ ਲੈ ਕੇ ਪੰਥਕ ਮਾਮਲਿਆਂ ਦੇ ਹੱਲ ਅਤੇ ਕੌਮੀ ਏਕਤਾ ਲਈ ਇਕਜੁੱਟ ਹੋਣ ਦੀ ਲੋੜ ਹੈ। ਉਨ੍ਹਾਂ ਕਿਹਾ ਕਿ ਗੁਰੂ ਸਾਹਿਬ ਨੇ ਧਰਮ ਨੂੰ ਬਚਾਉਣ ਲਈ ਆਪਣੀ ਸ਼ਹਾਦਤ ਦਿੱਤੀ ਅਤੇ ਇਸੇ ਸ਼ਹਾਦਤ ਕਰਕੇ ਹੀ ਅੱਜ ਹਿੰਦੋਸਤਾਨ ਦੇ ਲੋਕ ਧਾਰਮਿਕ ਅਜ਼ਾਦੀ ਮਾਣ ਰਹੇ ਹਨ। ਸ਼੍ਰੋਮਣੀ ਕਮੇਟੀ ਪ੍ਰਧਾਨ ਨੇ ਸਰਕਾਰਾਂ ਨੂੰ ਵੀ ਅਪੀਲ ਕੀਤੀ ਕਿ ਇਸ ਇਤਿਹਾਸਕ ਮੌਕੇ ਤੇ ਸਜ਼ਾਵਾਂ ਪੂਰੀਆਂ ਕਰ ਚੁੱਕੇ ਬੰਦੀ ਸਿੰਘਾਂ ਦੀ ਰਿਹਾਈ ਦਾ ਐਲਾਨ ਕਰਨ। ਉਨ੍ਹਾਂ ਸਹਿਯੋਗ ਦੇਣ ਲਈ ਸਿੱਖ ਜੱਥੇਬੰਦੀਆਂ ਦੇ ਆਗੂਆਂ ਦਾ ਧੰਨਵਾਦ ਵੀ ਕੀਤਾ।
ਇਸੇ ਦੌਰਾਨ ਸ੍ਰੀ ਅਕਾਲ ਤਖ਼ਤ ਸਾਹਿਬ ਦੇ ਕਾਰਜਕਾਰੀ ਜਥੇਦਾਰ ਗਿਆਨੀ ਕੁਲਦੀਪ ਸਿੰਘ ਗੜਗੱਜ ਨੇ ਕਿਹਾ ਕਿ ਜਦੋਂ ਔਰੰਗਜ਼ੇਬ ਦੀ ਤਲਵਾਰ ਹਿੰਦੂਆਂ ਦੇ ਜ਼ਬਰੀ ਜਨੇਊ ਲੁਹਾ ਰਹੀ ਸੀ ਤਾਂ ਉਸ ਸਮੇਂ ਨੌਵੇਂ ਪਾਤਸ਼ਾਹ ਜੀ ਨੇ ਸ਼ਹਾਦਤ ਦੇ ਕੇ ਇਸ ਜ਼ੁਲਮ ਨੂੰ ਠੱਲ੍ਹ ਪਾਈ। ਉਨ੍ਹਾਂ ਸੰਗਤਾਂ ਨੂੰ ਅਪੀਲ ਕੀਤੀ ਕਿ ਗੁਰੂ ਸਾਹਿਬ ਦੀ ਸ਼ਹਾਦਤ ਨੂੰ ਯਾਦ ਕਰਦਿਆਂ ਆਪਸੀ ਵਖਰੇਵੇਂ ਭੁਲਾ ਕੇ ਏਕੇ ਦਾ ਸੰਦੇਸ਼ ਦਈਏ। ਉਨ੍ਹਾਂ ਸੰਗਤਾਂ ਨੂੰ ਸ਼ਤਾਬਦੀ ਸਮਾਗਮਾਂ ਵਿੱਚ ਪਰਿਵਾਰਾਂ ਸਮੇਤ ਸ਼ਮੂਲੀਅਤ ਦੀ ਪ੍ਰੇਰਨਾ ਵੀ ਕੀਤੀ। ਇਸ ਮੌਕੇ ਸ਼੍ਰੋਮਣੀ ਪੰਥ ਅਕਾਲੀ ਬੁੱਢਾ ਦਲ ਦੇ ਮੁਖੀ ਬਾਬਾ ਬਲਬੀਰ ਸਿੰਘ 96ਵੇਂ ਕਰੋੜੀ ਨੇ ਸ਼੍ਰੋਮਣੀ ਕਮੇਟੀ ਵੱਲੋਂ ਕੀਤੇ ਜਾ ਰਹੇ ਕਾਰਜਾਂ ਦੀ ਪ੍ਰਸੰਸਾ ਕਰਦਿਆਂ ਕਿਹਾ ਕਿ ਇਹ ਇਤਿਹਾਸਕ ਨਗਰ ਕੀਰਤਨ ਪੂਰੇ ਦੇਸ਼ ਅੰਦਰ ਗੁਰੂ ਸਾਹਿਬ ਦੀ ਵਿਚਾਰਧਾਰਾ ਨੂੰ ਪ੍ਰਚਾਰਨ ਦਾ ਕੰਮ ਕਰੇਗਾ। ਉਨ੍ਹਾਂ ਨਿਹੰਗ ਜਥੇਬੰਦੀਆਂ ਵੱਲੋਂ ਸ਼ਤਾਬਦੀ ਸਮਾਗਮਾਂ ਸਮੇਂ ਹਰ ਤਰ੍ਹਾਂ ਦੇ ਸਹਿਯੋਗ ਦਾ ਭਰੋਸਾ ਵੀ ਦਿੱਤਾ। ਨਗਰ ਕੀਰਤਨ ਦੌਰਾਨ ਵਿਸ਼ੇਸ਼ ਬਸ ਰਾਹੀਂ ਗੁਰੂ ਸਾਹਿਬਾਨ ਦੇ ਇਤਿਹਾਸਕ ਸ਼ਸਤਰਾਂ ਦੇ ਦਰਸ਼ਨ ਵੀ ਕਰਵਾਏ ਗਏ। ਇਸ ਦੇ ਨਾਲ ਹੀ ਵਡ ਅਕਾਰੀ ਸਕਰੀਨਾਂ ਤੇ ਗੁਰੂ ਸਾਹਿਬ ਨਾਲ ਸੰਬੰਧਿਤ ਪਾਵਨ ਅਸਥਾਨਾਂ ਅਤੇ ਇਤਿਹਾਸ ਬਾਰੇ ਦਸਤਾਵੇਜ਼ੀ ਵੀਡੀਓ ਵੀ ਦਿਖਾਈਆਂ ਜਾ ਰਹੀਆਂ ਹਨ, ਜਿਸ ਪ੍ਰਤੀ ਸੰਗਤਾਂ ਵਿੱਚ ਵੱਡਾ ਉਤਸ਼ਾਹ ਹੈ। ਇਹ ਨਗਰ ਕੀਰਤਨ ਵੱਖ ਵੱਖ ਪੜਾਵਾਂ ਤੋਂ ਹੁੰਦਾ ਹੋਇਆ ਗੁਰਦੁਆਰਾ ਸਿੰਘ ਸਭਾ ਸਿਲੀਗੁੜੀ ਪਹੁੰਚ ਕੇ ਰਾਤ ਦਾ ਵਿਸ਼ਰਾਮ ਕਰੇਗਾ, ਜਿਥੋਂ ਭਲਕੇ ਮਾਲਦਾ ਲਈ ਰਵਾਨਾ ਹੋਵੇਗਾ।
ਨਗਰ ਕੀਰਤਨ ਦੀ ਆਰੰਭਤਾ ਮੌਕੇ ਬਾਬਾ ਸੁਖਵਿੰਦਰ ਸਿੰਘ ਭੂਰੀ ਵਾਲੇ, ਜ਼ਿਲ੍ਹਾ ਧੋਬੜੀ ਦੇ ਡਿਪਟੀ ਕਮਿਸ਼ਨਰ ਸ੍ਰੀ ਦੀਵਾਕਰ ਨਾਥ, ਸ਼੍ਰੋਮਣੀ ਕਮੇਟੀ ਦੇ ਵਧੀਕ ਸਕੱਤਰ ਸ. ਗੁਰਿੰਦਰ ਸਿੰਘ ਮਥਰੇਵਾਲ, ਸ. ਬਿਜੈ ਸਿੰਘ, ਮੀਤ ਸਕੱਤਰ ਸ. ਬਲਵਿੰਦਰ ਸਿੰਘ ਖੈਰਾਬਾਦ, ਸ. ਹਰਭਜਨ ਸਿੰਘ ਵਕਤਾ, ਸ. ਰਾਮ ਸਿੰਘ ਰਾਠੌਰ ਮੁੰਬਈ, ਸਥਾਨਕ ਸਿੱਖ ਆਗੂ ਸ. ਹਰਚਰਨ ਸਿੰਘ ਬਾਵਾ, ਸ. ਚਰਨਜੀਤ ਸਿੰਘ ਗਾਂਧੀ, ਸ. ਰਵਿੰਦਰ ਸਿੰਘ ਉਬਰਾਏ, ਸ. ਤੇਜਪਾਲ ਸਿੰਘ, ਪ੍ਰਬੰਧਕ ਕਮੇਟੀ ਗੁਰਦੁਆਰਾ ਧੋਬੜੀ ਸਾਹਿਬ ਦੇ ਪ੍ਰਧਾਨ ਸ. ਦਲਜੀਤ ਸਿੰਘ ਸੇਠੀ, ਸਕੱਤਰ ਸ. ਭੁਪਿੰਦਰ ਸਿੰਘ, ਸ. ਰਵਿੰਦਰਪਾਲ ਸਿੰਘ, ਸ. ਭੁਪਿੰਦਰਪਾਲ ਸਿੰਘ, ਇੰਚਾਰਜ ਸ. ਦਵਿੰਦਰ ਸਿੰਘ ਖੁਸ਼ੀਪੁਰ, ਮੈਨੇਜਰ ਸ. ਸਤਿੰਦਰ ਸਿੰਘ, ਬਾਬਾ ਸੁਖਜੀਤ ਸਿੰਘ ਘਨੱਈਆ, ਸ. ਜਸਕਰਨ ਸਿੰਘ, ਹੈੱਡ ਪ੍ਰਚਾਰਕ ਭਾਈ ਜਗਦੇਵ ਸਿੰਘ ਆਦਿ ਹਾਜ਼ਰ ਸਨ।

khireyapunjab
Author: khireyapunjab

ਸ੍ਰ. ਸੰਤੋਖ ਸਿੰਘ ਪ੍ਰੇਮੀ (ਐਡੀਟਰ ਖਿੜਿਆ ਪੰਜਾਬ) ਸਤਿਕਾਰਯੋਗ ਪਿਤਾ ਜੀ ਨੇ ਸਭ ਤੋਂ ਪਹਿਲਾ ਪੇਪਰ 1969 ਵਿੱਚ ਬਾਜ਼ਾਰ ਕਾਠੀਆਂ ਅੰਮ੍ਰਿਤਸਰ ਤੋਂ ਸ਼ੁਰੂ ਕੀਤਾ ਸੀ । ਉਸ ਤੋਂ ਬਾਅਦ ਕੁੱਝ ਸਮਾਂ ਖਿੜਿਆ ਪੰਜਾਬ ਹਫਤਾਵਾਰੀ ਖਾਲੜਾ ਮੰਡੀ ਤੋਂ ਵੀ ਪ੍ਰਕਾਸ਼ਿਤ ਕੀਤਾ ਜਾਂਦਾ ਰਿਹਾ । ਪਿਤਾ ਜੀ ਨੇ ਇਹ ਮਹੀਨਾਵਾਰੀ ਪੇਪਰ ਸ੍ਰ. ਲਛਮਣ ਸਿੰਘ ਗਿੱਲ (ਮਰਹੂਮ ਮੁੱਖ ਮੰਤਰੀ ਪੰਜਾਬ) ਦੀ ਯਾਦ ਵਿੱਚ ਸ਼ੁਰੂ ਕੀਤਾ ਸੀ ਕਿਉਂ ਕਿ ਉਹ ਗਿੱਲ ਜੀ ਨਾਲ ਪਰਸਨਲ ਪੀ. ਏ. ਦੇ ਤੌਰ ਤੇ ਵਿਚਰੇ ਸਨ । ਅਸੀ ਪਿਛਲੇ ਸਮੇਂ ਤੋਂ ਖਿੜਿਆ ਪੰਜਾਬ ਯੂ ਟਿਊਬ ਚੈਨਲ ਚਲਾ ਰਹੇ ਸੀ । ਹੁਣ ਪਿਤਾ ਜੀ ਵਲੋਂ ਸ਼ੁਰੂ ਕੀਤਾ ਨਿਊਜ਼ ਪੇਪਰ ਪੰਜਾਬੀ ਆਨਲਾਈਨ ਚਾਲੂ ਕੀਤਾ ਗਿਆ ਹੈ । ਅਕਾਲ ਪੁਰਖ ਸਹਾਈ ਹੋਵੇ ਪੰਜਾਬ ਅਤੇ ਪੰਜਾਬੀਅਤ ਦੀ ਸੇਵਾ ਕਰਨ ਦਾ ਬੱਲ ਬਖਸ਼ੇ ।

Leave a Reply

Your email address will not be published. Required fields are marked *

Latest News

ਦਿੱਲੀ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਨੇ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦਾ ਪਹਿਲਾ ਪ੍ਰਕਾਸ਼ ਦਿਹਾੜਾ ਪੂਰਨ ਸ਼ਰਧਾ ਤੇ ਉਤਸ਼ਾਹ ਨਾਲ ਮਨਾਇਆ 👉 ਅਮਰੀਕਾ ’ਚ ਗ੍ਰਿਫਤਾਰ ਸਿੱਖ ਨੌਜਵਾਨ ਦੇ ਹੱਕ ’ਚ ਸੋਸ਼ਲ ਮੀਡੀਆ ’ਤੇ ਲਹਿਰ ਸਿਰਜਣ ਦਾ ਸੱਦਾ