‘ਆਪ’ ਸਰਕਾਰ ਦੀ ਅਣਦੇਖੀ ਤੋਂ ਪੀੜਤ ਕਿਸਾਨਾਂ ਦੇ ਹੰਝੂ ਪੂੰਝਣ ਲਈ ਖਡੂਰ ਸਾਹਿਬ ਪੁੱਜੇ ਸੁਖਬੀਰ ਸਿੰਘ ਬਾਦਲ
– ਮੁੱਖ ਮੰਤਰੀ ਦੀ ਗੈਰ-ਹਾਜ਼ਰੀ ‘ਤੇ ਚੁੱਕੇ ਸਵਾਲ, ਹੜ੍ਹ ਪ੍ਰਭਾਵਿਤ ਕਿਸਾਨਾਂ ਲਈ ਵੱਡੀ ਰਾਹਤ ਦਾ ਐਲਾਨ
ਤਰਨ ਤਾਰਨ 26 ਅਗਸਤ ( ਗੁਰਪ੍ਰੀਤ ਸਿੰਘ ਸੈਡੀ) ਹੜ੍ਹਾਂ ਦੀ ਭਿਆਨਕ ਮਾਰ ਝੱਲ ਰਹੇ ਖਡੂਰ ਸਾਹਿਬ ਹਲਕੇ ਦੇ ਪੀੜਤ ਕਿਸਾਨਾਂ ਦੀ ਬਾਂਹ ਫੜਨ ਲਈ ਅੱਜ ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਵਿਸ਼ੇਸ਼ ਤੌਰ ‘ਤੇ ਪਹੁੰਚੇ। ਹਲਕਾ ਇੰਚਾਰਜ ਤੇ ਸਾਬਕਾ ਵਿਧਾਇਕ ਰਵਿੰਦਰ ਸਿੰਘ ਬ੍ਰਹਮਪੁਰਾ ਨਾਲ ਹਾਲਾਤ ਦਾ ਜਾਇਜ਼ਾ ਲੈਣ ਉਪਰੰਤ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਉਨ੍ਹਾਂ ਇਸ ਗੱਲ ‘ਤੇ ਡੂੰਘੇ ਦੁੱਖ ਦਾ ਪ੍ਰਗਟਾਵਾ ਕੀਤਾ ਕਿ ਜਦੋਂ ਕਿਸਾਨ ਆਪਣੀ ਹੋਂਦ ਦੀ ਲੜਾਈ ਲੜ ਰਹੇ ਹਨ ਤਾਂ ਸੂਬੇ ਦੇ ਮੁੱਖ ਮੰਤਰੀ ਉਨ੍ਹਾਂ ਦੀ ਸਾਰ ਲੈਣ ਦੀ ਬਜਾਏ ਚੇਨਈ ‘ਚ ਛੁੱਟੀਆਂ ਮਨਾ ਰਿਹਾ ਹੈ।
ਸ੍ਰ. ਬਾਦਲ ਨੇ ਸਰਕਾਰੀ ਤੰਤਰ ਦੀ ਕਾਰਗੁਜ਼ਾਰੀ ‘ਤੇ ਸਵਾਲੀਆ ਚਿੰਨ੍ਹ ਲਾਉਂਦਿਆਂ ਕਿਹਾ ਕਿ ਮੁੱਖ ਮੰਤਰੀ ਦੀ ਅਗਵਾਈ ਤੋਂ ਬਿਨਾਂ ਪ੍ਰਸ਼ਾਸਨਿਕ ਅਧਿਕਾਰੀ ਕੁੰਭਕਰਨੀ ਨੀਂਦ ਸੁੱਤੇ ਪਏ ਹਨ ਅਤੇ ਲੋਕ ਆਪਣੀ ਮਦਦ ਆਪ ਕਰਨ ਲਈ ਮਜਬੂਰ ਹਨ। ਉਨ੍ਹਾਂ ਕਿਹਾ ਕਿ ਅਕਾਲੀ ਦਲ ਇਸ ਨਾਜ਼ੁਕ ਸਮੇਂ ‘ਤੇ ਲੋਕਾਂ ਨੂੰ ਇਕੱਲਾ ਨਹੀਂ ਛੱਡੇਗਾ ਅਤੇ ਇਸੇ ਲੜੀ ਤਹਿਤ ਰਾਹਤ ਕਾਰਜਾਂ ਲਈ 20 ਹਜ਼ਾਰ ਲੀਟਰ ਡੀਜ਼ਲ ਦੀ ਤੁਰੰਤ ਸਹਾਇਤਾ ਦਿੱਤੀ ਜਾਵੇਗੀ। ਉਨ੍ਹਾਂ ਨੇ ਪੀੜਤਾਂ ਨੂੰ ਯਕੀਨ ਦਿਵਾਇਆ ਕਿ 2027 ‘ਚ ਅਕਾਲੀ ਦਲ ਦੀ ਸਰਕਾਰ ਬਣਨ ‘ਤੇ ਦਰਿਆਈ ਬੰਨ੍ਹਾਂ ਨੂੰ ਪੱਕਾ ਕਰਕੇ ਇਸ ਸਮੱਸਿਆ ਦਾ ਸਥਾਈ ਹੱਲ ਕੀਤਾ ਜਾਵੇਗਾ।
ਇਸ ਤੋਂ ਪਹਿਲਾਂ, ਹਲਕਾ ਇੰਚਾਰਜ ਰਵਿੰਦਰ ਸਿੰਘ ਬ੍ਰਹਮਪੁਰਾ ਨੇ ਪਾਰਟੀ ਪ੍ਰਧਾਨ ਨੂੰ ਹਲਕੇ ਦੀ ਸਥਿਤੀ ਤੋਂ ਜਾਣੂ ਕਰਵਾਉਂਦਿਆਂ ਦੱਸਿਆ ਕਿ ਲਗਭਗ 15 ਹਜ਼ਾਰ ਏਕੜ ਤੋਂ ਵੱਧ ਫ਼ਸਲ ਪਾਣੀ ਦੀ ਭੇਟ ਚੜ੍ਹ ਗਈ ਹੈ। ਉਨ੍ਹਾਂ ਕਿਹਾ ਕਿ ਇਹ ‘ਆਪ’ ਸਰਕਾਰ ਦੀ ਸੰਵੇਦਨਹੀਣਤਾ ਦੀ ਹੱਦ ਹੈ ਕਿ ਦਾਅਵੇ ਵੱਡੇ-ਵੱਡੇ ਕੀਤੇ ਗਏ ਪਰ ਜ਼ਮੀਨ ‘ਤੇ ਕੋਈ ਵੀ ਅਧਿਕਾਰੀ ਲੋਕਾਂ ਦੇ ਦੁੱਖ-ਸੁੱਖ ਪੁੱਛਣ ਨਹੀਂ ਆਇਆ। ਅੰਤ ਵਿੱਚ, ਉਨ੍ਹਾਂ ਨੇ ਪਾਰਟੀ ਪ੍ਰਧਾਨ ਸੁਖਬੀਰ ਸਿੰਘ ਬਾਦਲ ਦਾ ਤਹਿ ਦਿਲੋਂ ਧੰਨਵਾਦ ਕਰਦਿਆਂ ਕਿਹਾ ਕਿ ਇਸ ਸੰਕਟ ਦੀ ਘੜੀ ਵਿੱਚ ਉਨ੍ਹਾਂ ਦੇ ਖੁਦ ਪਹੁੰਚਣ ਨਾਲ ਪੀੜਤ ਲੋਕਾਂ ਦੇ ਹੌਂਸਲੇ ਬੁਲੰਦ ਹੋਏ ਹਨ।
ਇਸ ਦੌਰੇ ਮੌਕੇ ਸੀਨੀਅਰ ਆਗੂ ਅਲਵਿੰਦਰਪਾਲ ਸਿੰਘ ਪੱਖੋਕੇ, ਇਕਬਾਲ ਸਿੰਘ ਸੰਧੂ ਅਤੇ ਹਲਕੇ ਦੀ ਹੋਰ ਸੀਨੀਅਰ ਲੀਡਰਸ਼ਿਪ ਵੀ ਉਨ੍ਹਾਂ ਦੇ ਨਾਲ ਸੀ।

Author: khireyapunjab
ਸ੍ਰ. ਸੰਤੋਖ ਸਿੰਘ ਪ੍ਰੇਮੀ (ਐਡੀਟਰ ਖਿੜਿਆ ਪੰਜਾਬ) ਸਤਿਕਾਰਯੋਗ ਪਿਤਾ ਜੀ ਨੇ ਸਭ ਤੋਂ ਪਹਿਲਾ ਪੇਪਰ 1969 ਵਿੱਚ ਬਾਜ਼ਾਰ ਕਾਠੀਆਂ ਅੰਮ੍ਰਿਤਸਰ ਤੋਂ ਸ਼ੁਰੂ ਕੀਤਾ ਸੀ । ਉਸ ਤੋਂ ਬਾਅਦ ਕੁੱਝ ਸਮਾਂ ਖਿੜਿਆ ਪੰਜਾਬ ਹਫਤਾਵਾਰੀ ਖਾਲੜਾ ਮੰਡੀ ਤੋਂ ਵੀ ਪ੍ਰਕਾਸ਼ਿਤ ਕੀਤਾ ਜਾਂਦਾ ਰਿਹਾ । ਪਿਤਾ ਜੀ ਨੇ ਇਹ ਮਹੀਨਾਵਾਰੀ ਪੇਪਰ ਸ੍ਰ. ਲਛਮਣ ਸਿੰਘ ਗਿੱਲ (ਮਰਹੂਮ ਮੁੱਖ ਮੰਤਰੀ ਪੰਜਾਬ) ਦੀ ਯਾਦ ਵਿੱਚ ਸ਼ੁਰੂ ਕੀਤਾ ਸੀ ਕਿਉਂ ਕਿ ਉਹ ਗਿੱਲ ਜੀ ਨਾਲ ਪਰਸਨਲ ਪੀ. ਏ. ਦੇ ਤੌਰ ਤੇ ਵਿਚਰੇ ਸਨ । ਅਸੀ ਪਿਛਲੇ ਸਮੇਂ ਤੋਂ ਖਿੜਿਆ ਪੰਜਾਬ ਯੂ ਟਿਊਬ ਚੈਨਲ ਚਲਾ ਰਹੇ ਸੀ । ਹੁਣ ਪਿਤਾ ਜੀ ਵਲੋਂ ਸ਼ੁਰੂ ਕੀਤਾ ਨਿਊਜ਼ ਪੇਪਰ ਪੰਜਾਬੀ ਆਨਲਾਈਨ ਚਾਲੂ ਕੀਤਾ ਗਿਆ ਹੈ । ਅਕਾਲ ਪੁਰਖ ਸਹਾਈ ਹੋਵੇ ਪੰਜਾਬ ਅਤੇ ਪੰਜਾਬੀਅਤ ਦੀ ਸੇਵਾ ਕਰਨ ਦਾ ਬੱਲ ਬਖਸ਼ੇ ।