ਨਵੀਂ ਦਿੱਲੀ, 20 ਸਤੰਬਰ (ਮਨਪ੍ਰੀਤ ਸਿੰਘ ਖਾਲਸਾ): ਦਿੱਲੀ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ ਗੁਰੂ ਤੇਗ ਬਹਾਦਰ ਸਾਹਿਬ ਜੀ ਦੇ 350 ਸਾਲਾ ਸ਼ਹੀਦੀ ਦਿਹਾੜੇ ਦੇ ਮੌਕੇ ’ਤੇ ਦਿੱਲੀ ਸਰਕਾਰ ਦੇ ਸਹਿਯੋਗ ਨਾਲ ਵਿਸ਼ਾਲ ਸਰਬ ਧਰਮ ਸੰਮੇਲਨ ਕਰਵਾਇਆ ਗਿਆ ਜਿਸ ਵਿਚ ਵੱਖ-ਵੱਖ ਧਰਮ ਗੁਰੂ ਉਚੇਚੇ ਤੌਰ ’ਤੇ ਸ਼ਾਮਲ ਹੋਏ। ਸਮਾਗਮ ਵਿਚ ਵਿਸ਼ੇਸ਼ ਮਹਿਮਾਨ ਵਜੋਂ ਦਿੱਲੀ ਦੇ ਕੈਬਨਿਟ ਮੰਤਰੀ ਸਰਦਾਰ ਮਨਜਿੰਦਰ ਸਿੰਘ ਸਿਰਸਾ ਤੇ ਸ੍ਰੀ ਕਪਿਲ ਮਿਸ਼ਰਾ ਪਹੁੰਚੇ। ਇਸ ਸਮਾਗਮ ਨੂੰ ਸੰਬੋਧਨ ਕਰਦਿਆਂ ਦਿੱਲੀ ਗੁਰਦੁਆਰਾ ਕਮੇਟੀ ਦੇ ਪ੍ਰਧਾਨ ਸਰਦਾਰ ਹਰਮੀਤ ਸਿੰਘ ਕਾਲਕਾ ਤੇ ਜਨਰਲ ਸਕੱਤਰ ਸਰਦਾਰ ਜਗਦੀਪ ਸਿੰਘ ਕਾਹਲੋਂ, ਧਰਮ ਪ੍ਰਚਾਰ ਚੈਅਰਮੈਨ ਜਸਪ੍ਰੀਤ ਸਿੰਘ ਕਰਮਸਰ ਨੇ ਕਿਹਾ ਕਿ ਉਹ ਦਿੱਲੀ ਸਰਕਾਰ ਦੇ ਧੰਨਵਾਦੀ ਹਨ ਜਿਹਨਾਂ ਦੇ ਵੱਡਮੁੱਲੇ ਸਹਿਯੋਗ ਨਾਲ ਇਹ ਦਾ ਇਹ ਸਮਾਗਮ ਹੋ ਰਿਹਾ ਹੈ। ਉਹਨਾਂ ਕਿਹਾ ਕਿ ਗੁਰੂ ਤੇਗ ਬਹਾਦਰ ਸਾਹਿਬ ਜੀ ਦੀ ਸ਼ਹਾਦਤ ਦੀ ਦੁਨੀਆਂ ਵਿਚ ਕੋਈ ਦੂਜੀ ਮਿਸਾਲ ਨਹੀਂ ਮਿਲਦੀ। ਗੁਰੂ ਸਾਹਿਬ ਨੇ ਦੂਜੇ ਧਰਮ ਦੀ ਰਾਖੀ ਵਾਸਤੇ ਸ਼ਹਾਦਤ ਦੇ ਕੇ ਨਿਵੇਕਲਾ ਇਤਿਹਾਸ ਰਚਿਆ ਹੈ। ਉਹਨਾਂ ਕਿਹਾ ਕਿ ਦਿੱਲੀ ਗੁਰਦੁਆਰਾ ਕਮੇਟੀ ਨੇ ਇਸ ਵਾਰ 350 ਸਾਲਾ ਸ਼ਹੀਦੀ ਦਿਹਾੜੇ ਨੂੰ ਸਮਰਪਿਤ ਸਾਰਾ ਸਾਲ ਦੇ ਪ੍ਰੋਗਰਾਮ ਉਲੀਕੇ ਹਨ ਜੋ ਚਲ ਰਹੇ ਹਨ ਤੇ ਇਹਨਾਂ ਦੀ ਲੜੀ ਤਹਿਤ ਹੀ ਅੱਜ ਦਾ ਸਰਬ ਧਰਮ ਸੰਮੇਲਨ ਹੋ ਰਿਹਾ ਹੈ। ਇਸ ਮੌਕੇ ਉਹਨਾਂ ਨੇ ਸਿੱਖ ਕੌਮ ਨੂੰ ਇਕਜੁੱਟ ਹੋਣ ਦੀ ਅਪੀਲ ਵੀ ਕੀਤੀ। ਸਮਾਗਮ ਨੂੰ ਸੰਬੋਧਨ ਕਰਦਿਆਂ ਕੈਬਨਿਟ ਮੰਤਰੀ ਸਰਦਾਰ ਮਨਜਿੰਦਰ ਸਿੰਘ ਸਿਰਸਾ ਨੇ ਕਿਹਾ ਕਿ 2022 ਵਿਚ ਲਾਲ ਕਿਲ੍ਹੇ ’ਤੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਕਿਹਾ ਸੀ ਕਿ ਜੇਕਰ ਗੁਰੂ ਤੇਗ ਬਹਾਦਰ ਸਾਹਿਬ ਜੀ ਦੀ ਸ਼ਹਾਦਤ ਨਾ ਹੁੰਦੀ ਤਾਂ ਨਾ ਦੇਸ਼ ਦੀਆਂ ਮੌਜੂਦਾ ਸਰਹੱਦਾਂ ਹੋਣੀਆਂ ਸਨ ਤੇ ਨਾ ਹੀ ਲੋਕ ਹੋਣੇ ਸਨ। ਉਹਨਾਂ ਕਿਹਾ ਕਿ ਗ੍ਰਹਿ ਮੰਤਰੀ ਅਮਿਤ ਸ਼ਾਹ ਨੇ ਵੀ ਇਹੀ ਕਿਹਾ ਕਿ ਜੇਕਰ ਦੇਸ਼ ਸੁਰੱਖਿਅਤ ਹੈ ਤਾਂ ਇਸ ਪਿੱਛੇ ਗੁਰੂ ਸਾਹਿਬ ਦੀ ਸ਼ਹਾਦਤ ਹੈ। ਉਹਨਾਂ ਕਿਹਾ ਕਿ ਗੁਰੂ ਸਾਹਿਬ ਨੇ ਇਹ ਸੋਚਿਆ ਕਿ ਮਨੁੱਖਤਾ ’ਤੇ ਸੰਕਟ ਆਇਆ ਹੈ ਤਾਂ ਮੈਂ ਆਪਣੀ ਸ਼ਹਾਦਤ ਦੇ ਕੇ ਇਸ ਸੰਕਟ ਦਾ ਟਾਕਰਾ ਕਰਨਾ ਹੈ ਕਿਉਂਕਿ ਸਮਾਜ ਵਿਚ ਸਾਰੇ ਮਨੁੱਖ ਸਭ ਬਰਾਬਰ ਹਨ। ਉਹਨਾਂ ਕਿਹਾ ਕਿ ਇਹ ਗੁਰੂ ਸਾਹਿਬ ਦੀ ਹੀ ਕ੍ਰਿਪਾ ਹੈ ਕਿ ਜਿਹਨਾਂ ਨੇ ਗੁਰੂ ਤੇਗ ਬਹਾਦਰ ਸਾਹਿਬ ਦੀ ਸ਼ਹਾਦਤ ਦੇ ਹੁਕਮ ਸੁਣਾਏ, ਅੱਜ ਉਹਨਾਂ ਦਾ ਨਾਂ ਲੈਣ ਵਾਲਾ ਕੋਈ ਨਹੀਂ ਜਦੋਂ ਕਿ ਗੁਰੂ ਤੇਗ ਬਹਾਦਰ ਸਾਹਿਬ ਦੀ ਉਸਤਤ ਕਰਨ ਵਾਲਿਆਂ ਦੀ ਗਿਣਤੀ ਕਰੋੜਾਂ ਅਰਬਾਂ ਵਿਚ ਹੈ।
ਸਮਾਗਮ ਨੂੰ ਸੰਬੋਧਨ ਕਰਦਿਆਂ ਕੈਬਨਿਟ ਮੰਤਰੀ ਸ੍ਰੀ ਕਪਿਲ ਮਿਸ਼ਰਾ ਨੇ ਦੱਸਿਆ ਕਿ ਦਿੱਲੀ ਦੀ ਮੁੱਖ ਮੰਤਰੀ ਰੇਖਾ ਗੁਪਤਾ ਦੀ ਅਗਵਾਈ ਹੇਠ ਗੁਰੂ ਤੇਗ ਬਹਾਦਰ ਸਾਹਿਬ ਦਾ 350 ਸਾਲਾ ਸ਼ਹੀਦੀ ਦਿਹਾੜਾ ਮਨਾਉਣ ਵਾਸਤੇ ਵਿਆਪਕ ਯੋਜਨਾ ਉਲੀਕੀ ਗਈ। ਉਹਨਾਂ ਦੱਸਿਆ ਕਿ ਨਵੰਬਰ ਮਹੀਨੇ ਵਿਚ ਲਾਲ ਕਿਲ੍ਹੇ ’ਤੇ ਤਿੰਨ ਦਿਨਾਂ ਸਮਾਗਮ ਹੋਣਗੇ ਜਿਹਨਾਂ ਵਿਚ ਕੀਰਤਨ ਵੀ ਹੋਵੇਗਾ ਤੇ ਅਸਥਾਈ ਮਿਊਜ਼ੀਅਮ ਵੀ ਬਣੇਗਾ। ਉਹਨਾਂ ਦੱਸਿਆ ਕਿ ਇਕ ਮਹੀਨੇ ਤੱਕ ਲਾਈਟ ਐਂਡ ਸਾਊਂਡ ਸ਼ੋਅ ਚੱਲੇਗਾ ਜਦੋਂ ਕਿ ਅਸੀਂ ਗੁਰੂ ਤੇਗ ਬਹਾਦਰ ਸਾਹਿਬ ਦੀ ਯਾਦਗਾਰ ਵਿਚ ਲੋੜੀਂਦਾ ਸੁਧਾਰ ਵੀ ਕਰ ਰਹੇ ਹਾਂ। ਸਮਾਗਮ ਵਿਚ ਸ੍ਰੀ ਦਰਬਾਰ ਸਾਹਿਬ ਦੇ ਹੈਡ ਗ੍ਰੰਥੀ, ਗਿਆਨੀ ਰਘਬੀਰ ਸਿੰਘ, ਸਵਾਮੀ ਚਿਦਾਨੰਦ ਸਰਸਵਤੀ, ਸ੍ਰੀ ਗੋਸਵਾਮੀ ਸੁਸ਼ੀਲ ਜੀ, ਸ੍ਰੀ ਭੀਖੂ ਸੰਘਾਸੈਨਾ ਜੀ, ਹਾਜੀ ਸਈਦ ਸਲਮਾਨ ਚਿਸ਼ਤੀ ਜੀ, ਸ੍ਰੀ ਰੱਬੀ ਈ ਆਈ ਮਾਲੇਕਰ ਜੀ, ਰਾਜਯੋਗਿਨੀ ਡਾ. ਬਿੰਨੀ ਸਰੀਨ ਜੀ, ਸ੍ਰੀ ਰਵਿੰਦਰ ਪੰਡਤਾ ਜੀ, ਡਾ. ਅਨਿਲ ਜੋਸਫ ਥਾਮਸ ਜੀ, ਸ੍ਰੀ ਸ੍ਰੀ ਰਵੀਸ਼ੰਕਰ ਵੱਲੋਂ ਸਵਾਮੀ ਭਵਤੇਜ ਜੀ, ਗਿਆਨੀ ਰਣਜੀਤ ਸਿੰਘ ਹੈਡ ਗ੍ਰੰਥੀ ਗੁਰਦੁਆਰਾ ਬੰਗਲਾ ਸਾਹਿਬ ਡਾ. ਲੋਕੇਸ਼ ਮੁਨੀ ਅਤੇ ਸ੍ਰੀ ਗੋਸਵਾਮੀ ਸੁਸ਼ੀਲ ਜੀ ਮਹਾਰਾਜ ਜੀ ਗੁਰੂ ਤੇਗ ਬਹਾਦਰ ਸਾਹਿਬ ਜੀ ਦੀ ਸ਼ਹਾਦਤ ਦੀ ਉਸਤਤ ਕੀਤੀ ਅਤੇ ਦੱਸਿਆ ਕਿ ਕਿਵੇਂ ਭਾਰਤ ਦਾ ਮੌਜੂਦਾ ਸਰੂਪ ਗੁਰੂ ਸਾਹਿਬ ਦੀ ਸ਼ਹਾਦਤ ਦੇ ਸਦਕਾ ਹੀ ਹੈ। ਇਸ ਮੌਕੇ ਕੈਬਨਿਟ ਮੰਤਰੀ ਸਰਦਾਰ ਮਨਜਿੰਦਰ ਸਿੰਘ ਸਿਰਸਾ ਅਤੇ ਸ੍ਰੀ ਕਪਿਲ ਮਿਸ਼ਰਾ ਨੂੰ ਦਿੱਲੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਸਰਦਾਰ ਹਰਮੀਤ ਸਿੰਘ ਕਾਲਕਾ, ਜਨਰਲ ਸਕੱਤਰ ਸਰਦਾਰ ਜਗਦੀਪ ਸਿੰਘ ਕਾਹਲੋਂ, ਸੀਨੀਅਰ ਮੀਤ ਪ੍ਰਧਾਨ ਸਰਦਾਰ ਹਰਵਿੰਦਰ ਸਿੰਘ ਕੇ.ਪੀ., ਮੀਤ ਪ੍ਰਧਾਨ ਸਰਦਾਰ ਆਤਮਾ ਸਿੰਘ ਲੁਬਾਣਾ ਅਤੇ ਜੁਆਇੰਟ ਸਕੱਤਰ ਸਰਦਾਰ ਜਸਮੇਨ ਸਿੰਘ ਨੋਨੀ ਵੱਲੋਂ ਦੁਸ਼ਾਲਾ ਤੇ ਯਾਦਗਾਰੀ ਚਿੰਨ ਦੇ ਕੇ ਸਨਮਾਨਤ ਕੀਤਾ ਗਿਆ ਜਦੋਂ ਕਿ ਦੋਵਾਂ ਕੈਬਨਿਟ ਮੰਤਰੀਆਂ ਨੇ ਪ੍ਰਬੰਧਕਾਂ ਨਾਲ ਮਿਲ ਕੇ ਆਏ ਸੰਤਾਂ ਮਹਾਂਪੁਰਖਾਂ ਦਾ ਸਨਮਾਨ ਕੀਤਾ। ਸਮਾਗਮ ਵਿਚ ਮੰਚ ਸੰਚਾਲਨ ਧਰਮ ਪ੍ਰਚਾਰ ਕਮੇਟੀ ਦੇ ਚੇਅਰਮੈਨ ਸਰਦਾਰ ਜਸਪ੍ਰੀਤ ਸਿੰਘ ਕਰਮਸਰ ਨੇ ਕੀਤਾ ਜਦੋਂ ਕਿ ਸਮਾਗਮ ਦੇ ਆਯੋਜਨ ਵਿਚ ਗਿਆਨੀ ਰਣਜੀਤ ਸਿੰਘ ਅਤੇ ਕਮੇਟੀ ਮੈਂਬਰ ਸਰਦਾਰ ਪਰਮਜੀਤ ਸਿੰਘ ਚੰਢੋਕ ਨੇ ਅਹਿਮ ਭੂਮਿਕਾ ਅਦਾ ਕੀਤੀ। ਸਮਾਗਮ ਵਿਚ ਸਰਦਾਰ ਤਰਲੋਚਨ ਸਿੰਘ ਸਾਬਕਾ ਐਮ ਪੀ, ਸਰਦਾਰ ਵਿਕਰਮਜੀਤ ਸਿੰਘ ਸਾਹਨੀ ਮੈਂਬਰ ਪਾਰਲੀਮੈਂਟ ਤੇ ਹੋਰ ਪਤਵੰਤੇ ਸੱਜਣ ਵੀ ਹਾਜ਼ਰ ਸਨ।
Author: khireyapunjab
ਸ੍ਰ. ਸੰਤੋਖ ਸਿੰਘ ਪ੍ਰੇਮੀ (ਐਡੀਟਰ ਖਿੜਿਆ ਪੰਜਾਬ) ਸਤਿਕਾਰਯੋਗ ਪਿਤਾ ਜੀ ਨੇ ਸਭ ਤੋਂ ਪਹਿਲਾ ਪੇਪਰ 1969 ਵਿੱਚ ਬਾਜ਼ਾਰ ਕਾਠੀਆਂ ਅੰਮ੍ਰਿਤਸਰ ਤੋਂ ਸ਼ੁਰੂ ਕੀਤਾ ਸੀ । ਉਸ ਤੋਂ ਬਾਅਦ ਕੁੱਝ ਸਮਾਂ ਖਿੜਿਆ ਪੰਜਾਬ ਹਫਤਾਵਾਰੀ ਖਾਲੜਾ ਮੰਡੀ ਤੋਂ ਵੀ ਪ੍ਰਕਾਸ਼ਿਤ ਕੀਤਾ ਜਾਂਦਾ ਰਿਹਾ । ਪਿਤਾ ਜੀ ਨੇ ਇਹ ਮਹੀਨਾਵਾਰੀ ਪੇਪਰ ਸ੍ਰ. ਲਛਮਣ ਸਿੰਘ ਗਿੱਲ (ਮਰਹੂਮ ਮੁੱਖ ਮੰਤਰੀ ਪੰਜਾਬ) ਦੀ ਯਾਦ ਵਿੱਚ ਸ਼ੁਰੂ ਕੀਤਾ ਸੀ ਕਿਉਂ ਕਿ ਉਹ ਗਿੱਲ ਜੀ ਨਾਲ ਪਰਸਨਲ ਪੀ. ਏ. ਦੇ ਤੌਰ ਤੇ ਵਿਚਰੇ ਸਨ । ਅਸੀ ਪਿਛਲੇ ਸਮੇਂ ਤੋਂ ਖਿੜਿਆ ਪੰਜਾਬ ਯੂ ਟਿਊਬ ਚੈਨਲ ਚਲਾ ਰਹੇ ਸੀ । ਹੁਣ ਪਿਤਾ ਜੀ ਵਲੋਂ ਸ਼ੁਰੂ ਕੀਤਾ ਨਿਊਜ਼ ਪੇਪਰ ਪੰਜਾਬੀ ਆਨਲਾਈਨ ਚਾਲੂ ਕੀਤਾ ਗਿਆ ਹੈ । ਅਕਾਲ ਪੁਰਖ ਸਹਾਈ ਹੋਵੇ ਪੰਜਾਬ ਅਤੇ ਪੰਜਾਬੀਅਤ ਦੀ ਸੇਵਾ ਕਰਨ ਦਾ ਬੱਲ ਬਖਸ਼ੇ ।









