ਨਵੀਂ ਦਿੱਲੀ, 30 ਅਕਤੂਬਰ (ਮਨਪ੍ਰੀਤ ਸਿੰਘ ਖਾਲਸਾ):-ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ ਨੌਵੇਂ ਪਾਤਸ਼ਾਹ ਸ੍ਰੀ ਗੁਰੂ ਤੇਗ ਬਹਾਦਰ ਸਾਹਿਬ ਜੀ, ਭਾਈ ਮਤੀ ਦਾਸ ਜੀ, ਭਾਈ ਸਤੀ ਦਾਸ ਜੀ ਅਤੇ ਭਾਈ ਦਿਆਲਾ ਜੀ ਦੇ ਸ਼ਹੀਦੀ ਸਾਕੇ ਦੀ 350 ਸਾਲਾ ਸ਼ਤਾਬਦੀ ਅਤੇ ਸ੍ਰੀ ਗੁਰੂ ਗੋਬਿੰਦ ਸਿੰਘ ਜੀ ਦੇ 350 ਸਾਲਾ ਗੁਰਿਆਈ ਦਿਵਸ ਨੂੰ ਸਮਰਪਿਤ ਅੱਜ ਖਾਲਸਾ ਕਾਲਜ ਅੰਮ੍ਰਿਤਸਰ ਵਿਖੇ ‘ਸ੍ਰੀ ਗੁਰੂ ਤੇਗ ਬਹਾਦਰ ਸਾਹਿਬ: ਜੀਵਨ ਤੇ ਬਾਣੀ’ ਵਿਸ਼ੇ ’ਤੇ ਪ੍ਰਭਾਵਸ਼ਾਲੀ ਸੈਮੀਨਾਰ ਕਰਵਾਇਆ ਗਿਆ। ਸੈਮੀਨਾਰ ਦੌਰਾਨ ਪੁੱਜੇ ਬੁਲਾਰਿਆਂ ਨੇ ਨੌਵੇਂ ਪਾਤਸ਼ਾਹ ਜੀ ਵੱਲੋਂ ਧਰਮਾਂ ਦੀ ਅਜ਼ਾਦੀ ਲਈ ਦਿੱਤੀ ਸ਼ਹਾਦਤ ਦੇ ਸੰਕਲਪ ਨੂੰ ਯਾਦ ਕੀਤਾ ਅਤੇ ਗੁਰੂ ਸਾਹਿਬ ਦੇ ਜੀਵਨ ਅਤੇ ਉਨ੍ਹਾਂ ਦੀਆਂ ਸਿੱਖਿਆਵਾਂ ’ਤੇ ਰੌਸ਼ਨੀ ਪਾਈ। ਇਸ ਮੌਕੇ ਸ਼੍ਰੋਮਣੀ ਕਮੇਟੀ ਦੇ ਮੁੱਖ ਸਕੱਤਰ ਸ. ਕੁਲਵੰਤ ਸਿੰਘ ਮੰਨਣ ਨੇ ਆਪਣੇ ਸੰਬੋਧਨ ਵਿਚ ਕਿਹਾ ਕਿ ਨੌਵੇਂ ਪਾਤਸ਼ਾਹ ਜੀ ਦੀ ਸ਼ਹਾਦਤ ਨੇ ਦੇਸ਼ ਦੇ ਲੋਕਾਂ ਨੂੰ ਧਾਰਮਿਕ ਅਜ਼ਾਦੀ ਨਾਲ ਜਿਊਣ ਦਾ ਮਾਰਗ ਦਿੱਤਾ। ਉਨ੍ਹਾਂ ਕਿਹਾ ਕਿ ਗੁਰੂ ਸਾਹਿਬ ਨਾਲ ਸ਼ਹਾਦਤ ਪ੍ਰਾਪਤ ਕਰਨ ਵਾਲੇ ਭਾਈ ਮਤੀ ਦਾਸ ਜੀ, ਭਾਈ ਸਤੀ ਦਾਸ ਜੀ ਅਤੇ ਭਾਈ ਦਿਆਲਾ ਜੀ ਨੇ ਆਖ਼ਰੀ ਸਮੇਂ ਤੱਕ ਮੁੱਖ ਗੁਰੂ ਵੱਲ ਰੱਖਣ ਦੀ ਇੱਛਾ ਨੇ ਗੁਰੂ ਪ੍ਰਤੀ ਸਮਰਪਣ ਦੀ ਮਿਸਾਲ ਕਾਇਮ ਕੀਤੀ। ਇਸੇ ਤਰ੍ਹਾਂ ਅੰਤ੍ਰਿੰਗ ਕਮੇਟੀ ਮੈਂਬਰ ਬੀਬੀ ਹਰਜਿੰਦਰ ਕੌਰ ਨੇ ਕਿਹਾ ਕਿ ਸੰਸਾਰ ’ਤੇ ਅਮਨ ਦੇ ਸੁਨੇਹੇ ਲਈ ਨੌਵੇਂ ਪਾਤਸ਼ਾਹ ਜੀ ਵੱਲੋਂ ਦੂਸਰਿਆਂ ਲਈ ਦਿੱਤੀ ਸ਼ਹਾਦਤ ਨੂੰ ਵਿਸ਼ਵ ਪੱਧਰ ’ਤੇ ਮਨੁੱਖੀ ਅਧਿਕਾਰ ਦਿਵਸ ਵਜੋਂ ਮਨਾਉਣਾ ਚਾਹੀਦਾ ਹੈ। ਉਨ੍ਹਾਂ ਕਿਹਾ ਕਿ ਇਸ ਮੌਕੇ ਭਾਈ ਲੱਖੀ ਸ਼ਾਹ ਵਣਜਾਰਾ ਤੇ ਭਾਈ ਜੈਤਾ ਜੀ ਦੀ ਕੁਰਬਾਨੀ ਨੂੰ ਯਾਦ ਕਰਨਾ ਵੀ ਸਾਡਾ ਫ਼ਰਜ਼ ਹੈ। ਸੈਮੀਨਰ ਦੌਰਾਨ ਡਾ. ਰੌਣਕੀ ਰਾਮ, ਡਾ. ਗੁਰਚਰਨਜੀਤ ਸਿੰਘ ਲਾਂਬਾ, ਡਾ. ਪਿਆਰੇ ਲਾਲ ਗਰਗ, ਡਾ. ਮੁਹੰਮਦ ਸਲੀਮ, ਡਾ. ਧਰਮ ਸਿੰਘ ਅਤੇ ਖਾਲਸਾ ਕਾਲਜ ਅੰਮ੍ਰਿਤਸਰ ਦੇ ਪ੍ਰਿੰਸੀਪਲ ਡਾ. ਆਤਮ ਸਿੰਘ ਨੇ ਵੀ ਸੰਬੋਧਨ ਕੀਤਾ। ਬੁਲਾਰਿਆਂ ਨੇ ਆਪਣੇ ਭਾਸ਼ਣ ਵਿਚ ਕਿਹਾ ਕਿ ਗੁਰੂ ਸਾਹਿਬ ਦੀ ਸ਼ਹਾਦਤ ਦੇ ਉਦੇਸ਼ ਨੂੰ ਸੀਮਤ ਨਹੀਂ ਕੀਤਾ ਜਾ ਸਕਦਾ। ਦੁਨੀਆਂ ਦੇ ਇਤਿਹਾਸ ਅੰਦਰ ਧਰਮ ਦੀ ਰੱਖਵਾਲੀ ਅਤੇ ਮਨੁਖੀ ਅਧਿਕਾਰਾਂ ਲਈ ਦਿੱਤੀ ਸ਼ਹਾਦਤ ਵੱਡੇ ਅਰਥ ਰੱਖਦੀ ਹੈ ਅਤੇ ਇਹ ਸ਼ਹਾਦਤ ਜ਼ੁਲਮੀ ਹਕੀਮਤ ਦੇ ਵਿਰੁੱਧ ਅਤੇ ਮਜ਼ਲੂਮਾਂ ਦੀ ਰਾਖੀ ਲਈ ਸੀ। ਬੁਲਾਰਿਆਂ ਨੇ ਕਿਹਾ ਕਿ ਅੱਜ ਵੀ ਹੁਕਮਰਾਨਾਂ ਵੱਲੋਂ ਦੂਸਰੇ ਧਰਮਾਂ ਨੂੰ ਕਮਜ਼ੋਰ ਕਰਨ ਦੇ ਯਤਨਾਂ ਤੋਂ ਸੁਚੇਤ ਹੋਣ ਦੀ ਲੋੜ ਹੈ। ਇਸ ਮੌਕੇ ਖਾਲਸਾ ਯੂਨੀਵਰਸਿਟੀ ਦੇ ਵਾਈਸ ਚਾਂਸਲਰ ਡਾ. ਮਹਿਲ ਸਿੰਘ ਨੇ ਧੰਨਵਾਦੀ ਭਾਸ਼ਣ ਵਿਚ ਸ਼੍ਰੋਮਣੀ ਕਮੇਟੀ ਵੱਲੋਂ ਗੁਰੂ ਸਾਹਿਬ ਦੇ ਸੰਦੇਸ਼ ਨੂੰ ਪ੍ਰਚਾਰਨ ਲਈ ਕੀਤੇ ਜਾ ਰਹੇ ਯਤਨਾਂ ਦੀ ਸ਼ਲਾਘਾ ਕੀਤੀ। ਇਸ ਮੌਕੇ ਸ਼੍ਰੋਮਣੀ ਕਮੇਟੀ ਅਤੇ ਖਾਲਸਾ ਕਾਲਜ ਦੇ ਪ੍ਰਬੰਧਕਾਂ ਵੱਲੋਂ ਵਿਦਵਾਨਾਂ ਅਤੇ ਪ੍ਰਮੁੱਖ ਸ਼ਖ਼ਸੀਅਤਾਂ ਨੂੰ ਸਨਮਾਨਿਤ ਵੀ ਕੀਤਾ ਗਿਆ। ਸਟੇਜ਼ ਦੀ ਸੰਚਾਲਨ ਮੀਤ ਸਕੱਤਰ ਸ. ਜਸਵਿੰਦਰ ਸਿੰਘ ਜੱਸੀ ਵੱਲੋਂ ਕੀਤਾ ਗਿਆ।
Author: khireyapunjab
ਸ੍ਰ. ਸੰਤੋਖ ਸਿੰਘ ਪ੍ਰੇਮੀ (ਐਡੀਟਰ ਖਿੜਿਆ ਪੰਜਾਬ) ਸਤਿਕਾਰਯੋਗ ਪਿਤਾ ਜੀ ਨੇ ਸਭ ਤੋਂ ਪਹਿਲਾ ਪੇਪਰ 1969 ਵਿੱਚ ਬਾਜ਼ਾਰ ਕਾਠੀਆਂ ਅੰਮ੍ਰਿਤਸਰ ਤੋਂ ਸ਼ੁਰੂ ਕੀਤਾ ਸੀ । ਉਸ ਤੋਂ ਬਾਅਦ ਕੁੱਝ ਸਮਾਂ ਖਿੜਿਆ ਪੰਜਾਬ ਹਫਤਾਵਾਰੀ ਖਾਲੜਾ ਮੰਡੀ ਤੋਂ ਵੀ ਪ੍ਰਕਾਸ਼ਿਤ ਕੀਤਾ ਜਾਂਦਾ ਰਿਹਾ । ਪਿਤਾ ਜੀ ਨੇ ਇਹ ਮਹੀਨਾਵਾਰੀ ਪੇਪਰ ਸ੍ਰ. ਲਛਮਣ ਸਿੰਘ ਗਿੱਲ (ਮਰਹੂਮ ਮੁੱਖ ਮੰਤਰੀ ਪੰਜਾਬ) ਦੀ ਯਾਦ ਵਿੱਚ ਸ਼ੁਰੂ ਕੀਤਾ ਸੀ ਕਿਉਂ ਕਿ ਉਹ ਗਿੱਲ ਜੀ ਨਾਲ ਪਰਸਨਲ ਪੀ. ਏ. ਦੇ ਤੌਰ ਤੇ ਵਿਚਰੇ ਸਨ । ਅਸੀ ਪਿਛਲੇ ਸਮੇਂ ਤੋਂ ਖਿੜਿਆ ਪੰਜਾਬ ਯੂ ਟਿਊਬ ਚੈਨਲ ਚਲਾ ਰਹੇ ਸੀ । ਹੁਣ ਪਿਤਾ ਜੀ ਵਲੋਂ ਸ਼ੁਰੂ ਕੀਤਾ ਨਿਊਜ਼ ਪੇਪਰ ਪੰਜਾਬੀ ਆਨਲਾਈਨ ਚਾਲੂ ਕੀਤਾ ਗਿਆ ਹੈ । ਅਕਾਲ ਪੁਰਖ ਸਹਾਈ ਹੋਵੇ ਪੰਜਾਬ ਅਤੇ ਪੰਜਾਬੀਅਤ ਦੀ ਸੇਵਾ ਕਰਨ ਦਾ ਬੱਲ ਬਖਸ਼ੇ ।









