ਨਵੀਂ ਦਿੱਲੀ, 7 ਨਵੰਬਰ (ਮਨਪ੍ਰੀਤ ਸਿੰਘ ਖਾਲਸਾ):-ਨੌਵੇਂ ਪਾਤਸ਼ਾਹ ਸ੍ਰੀ ਗੁਰੂ ਤੇਗ ਬਹਾਦਰ ਸਾਹਿਬ ਜੀ ਦੇ ਸ਼ਹੀਦੀ ਸਾਕੇ ਦੀ 350 ਸਾਲਾ ਸ਼ਤਾਬਦੀ ਦੇ ਸਬੰਧ ਵਿਚ ਗੁਰਦੁਆਰਾ ਧੋਬੜੀ ਸਾਹਿਬ ਆਸਾਮ ਤੋਂ ਆਰੰਭ ਹੋਇਆ ਸ਼ਹੀਦੀ ਨਗਰ ਕੀਰਤਨ ਵੱਖ-ਵੱਖ ਪੜਾਵਾਂ ਤੋਂ ਹੁੰਦਾ ਹੋਇਆ ਅੱਜ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਸ੍ਰੀ ਦਰਬਾਰ ਸਾਹਿਬ ਵਿਖੇ ਪੁੱਜਾ, ਜਿਥੇ ਸੰਗਤਾਂ ਨੇ ਨਗਰ ਕੀਰਤਨ ਦਾ ਖ਼ਾਲਸਾਈ ਜਾਹੋ-ਜਲਾਲ ਨਾਲ ਭਰਵਾਂ ਸਵਾਗਤ ਕੀਤਾ। ਇਹ ਨਗਰ ਕੀਰਤਨ ਅੱਜ ਗੁਰਦੁਆਰਾ ਸਾਹਿਬ ਪਾਤਸ਼ਾਹੀ ਛੇਵੀਂ ਛੇਹਰਟਾ ਤੋਂ ਗੁਰਮਤਿ ਸਮਾਗਮ ਮਗਰੋਂ ਰਵਾਨਾ ਹੋਇਆ। ਇਸ ਮੌਕੇ ਸਜੇ ਧਾਰਮਿਕ ਦੀਵਾਨ ਮੌਕੇ ਰਾਗੀ ਜਥੇ ਵੱਲੋਂ ਗੁਰਬਾਣੀ ਕੀਰਤਨ ਕੀਤਾ ਗਿਆ ਅਤੇ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਦੇ ਗ੍ਰੰਥੀ ਸਿੰਘ ਸਾਹਿਬ ਗਿਆਨੀ ਕੇਵਲ ਸਿੰਘ ਨੇ ਕਥਾ ਵਿਚਾਰ ਕਰਦਿਆਂ ਨੌਵੇਂ ਪਾਤਸ਼ਾਹ ਸ੍ਰੀ ਗੁਰੂ ਤੇਗ ਬਹਾਦਰ ਸਾਹਿਬ ਜੀ ਦੇ ਜੀਵਨ ਇਤਿਹਾਸ ਦੀ ਸਾਂਝ ਪਾਈ। ਉਨ੍ਹਾਂ ਸੰਗਤਾਂ ਨੂੰ ਗੁਰੂ ਸਾਹਿਬ ਦੇ ਆਸ਼ੇ ਅਨੁਸਾਰ ਜੀਵਨ ਬਤੀਤ ਕਰਨ ਦੀ ਪ੍ਰੇਰਨਾ ਕੀਤੀ। ਇਸ ਮੌਕੇ ਪ੍ਰਬੰਧਕਾਂ ਨੇ ਪੰਜ ਪਿਆਰੇ ਸਾਹਿਬਾਨ, ਨਿਸ਼ਾਨਚੀ ਸਿੰਘਾਂ ਅਤੇ ਪ੍ਰਮੁੱਖ ਸ਼ਖਸੀਅਤਾਂ ਨੂੰ ਸਿਰੋਪਾਓ ਦੇ ਕੇ ਸਨਮਾਨ ਦਿੱਤਾ। ਛੇਹਰਟਾ ਸਾਹਿਬ ਤੋਂ ਸ੍ਰੀ ਦਰਬਾਰ ਸਾਹਿਬ ਤੱਕ ਰਸਤੇ ਵਿਚ ਵੱਖ ਵੱਖ ਪੜਾਵਾਂ ਤੇ ਸੰਗਤਾਂ ਵੱਲੋਂ ਨਗਰ ਕੀਰਤਨ ਦਾ ਭਰਵਾਂ ਸਵਾਗਤ ਕਰਦਿਆਂ ਗੁਰੂ ਸਾਹਿਬ ਨੂੰ ਸਤਿਕਾਰ ਭੇਟ ਕੀਤਾ ਗਿਆ।
Author: khireyapunjab
ਸ੍ਰ. ਸੰਤੋਖ ਸਿੰਘ ਪ੍ਰੇਮੀ (ਐਡੀਟਰ ਖਿੜਿਆ ਪੰਜਾਬ) ਸਤਿਕਾਰਯੋਗ ਪਿਤਾ ਜੀ ਨੇ ਸਭ ਤੋਂ ਪਹਿਲਾ ਪੇਪਰ 1969 ਵਿੱਚ ਬਾਜ਼ਾਰ ਕਾਠੀਆਂ ਅੰਮ੍ਰਿਤਸਰ ਤੋਂ ਸ਼ੁਰੂ ਕੀਤਾ ਸੀ । ਉਸ ਤੋਂ ਬਾਅਦ ਕੁੱਝ ਸਮਾਂ ਖਿੜਿਆ ਪੰਜਾਬ ਹਫਤਾਵਾਰੀ ਖਾਲੜਾ ਮੰਡੀ ਤੋਂ ਵੀ ਪ੍ਰਕਾਸ਼ਿਤ ਕੀਤਾ ਜਾਂਦਾ ਰਿਹਾ । ਪਿਤਾ ਜੀ ਨੇ ਇਹ ਮਹੀਨਾਵਾਰੀ ਪੇਪਰ ਸ੍ਰ. ਲਛਮਣ ਸਿੰਘ ਗਿੱਲ (ਮਰਹੂਮ ਮੁੱਖ ਮੰਤਰੀ ਪੰਜਾਬ) ਦੀ ਯਾਦ ਵਿੱਚ ਸ਼ੁਰੂ ਕੀਤਾ ਸੀ ਕਿਉਂ ਕਿ ਉਹ ਗਿੱਲ ਜੀ ਨਾਲ ਪਰਸਨਲ ਪੀ. ਏ. ਦੇ ਤੌਰ ਤੇ ਵਿਚਰੇ ਸਨ । ਅਸੀ ਪਿਛਲੇ ਸਮੇਂ ਤੋਂ ਖਿੜਿਆ ਪੰਜਾਬ ਯੂ ਟਿਊਬ ਚੈਨਲ ਚਲਾ ਰਹੇ ਸੀ । ਹੁਣ ਪਿਤਾ ਜੀ ਵਲੋਂ ਸ਼ੁਰੂ ਕੀਤਾ ਨਿਊਜ਼ ਪੇਪਰ ਪੰਜਾਬੀ ਆਨਲਾਈਨ ਚਾਲੂ ਕੀਤਾ ਗਿਆ ਹੈ । ਅਕਾਲ ਪੁਰਖ ਸਹਾਈ ਹੋਵੇ ਪੰਜਾਬ ਅਤੇ ਪੰਜਾਬੀਅਤ ਦੀ ਸੇਵਾ ਕਰਨ ਦਾ ਬੱਲ ਬਖਸ਼ੇ ।









