ਨਵੀਂ ਦਿੱਲੀ, 26 ਨਵੰਬਰ (ਮਨਪ੍ਰੀਤ ਸਿੰਘ ਖਾਲਸਾ): ਦਿੱਲੀ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਸਰਦਾਰ ਹਰਮੀਤ ਸਿੰਘ ਕਾਲਕਾ ਤੇ ਜਨਰਲ ਸਕੱਤਰ ਸਰਦਾਰ ਜਗਦੀਪ ਸਿੰਘ ਕਾਹਲੋਂ ਨੇ ਦੱਸਿਆ ਕਿ ਗੁਰੂ ਤੇਗ ਬਹਾਦਰ ਸਾਹਿਬ ਜੀ ਅਤੇ ਉਹਨਾਂ ਦੇ ਅਨਿੰਨ ਸੇਵਕਾਂ ਭਾਈ ਮਤੀ ਦਾਸ, ਭਾਈ ਸਤੀ ਦਾਸ ਤੇ ਭਾਈ ਦਿਆਲਾ ਜੀ ਦੇ 350 ਸਾਲਾ ਸ਼ਹੀਦੀ ਦਿਹਾੜੇ ’ਤੇ ਲਾਲ ਕਿਲ੍ਹੇ ’ਤੇ ਹੋਏ ਤਿੰਨ ਰੋਜ਼ਾ ਸਮਾਗਮਾਂ ਵਿਚ 6 ਲੱਖ ਲੋਕਾਂ ਨੇ ਨਤਮਸਤਕ ਹੋ ਕੇ ਗੁਰੂ ਸਾਹਿਬ ਦਾ ਆਸ਼ੀਰਵਾਦ ਪ੍ਰਾਪਤ ਕੀਤਾ ਹੈ। ਭਾਈ ਲੱਖੀ ਸ਼ਾਹ ਵਣਜਾਰਾ ਹਾਲ ਵਿਚ ਹੋਏ ਗੁਰਮਤਿ ਸਮਾਗਮ ਨੂੰ ਸੰਬੋਧਨ ਕਰਦਿਆਂ ਸਰਦਾਰ ਹਰਮੀਤ ਸਿੰਘ ਕਾਲਕਾ ਤੇ ਸਰਦਾਰ ਜਗਦੀਪ ਸਿੰਘ ਕਾਹਲੋਂ ਨੇ ਦੱਸਿਆ ਕਿ ਸੰਗਤਾਂ ਵੱਲੋਂ ਇਹਨਾਂ ਸਮਾਗਮਾਂ ਪ੍ਰਤੀ ਇਤਿਹਾਸਕ ਹੁੰਗਾਰਾ ਭਰਨ ਲਈ ਉਹਨਾਂ ਦਾ ਰੋਮ-ਰੋਮ ਸੰਗਤਾਂ ਦਾ ਧੰਨਵਾਦੀ ਰਹੇਗਾ। ਉਹਨਾਂ ਕਿਹਾ ਕਿ ਇਹਨਾਂ ਸਮਾਗਮਾਂ ਵਿਚ ਰਾਸ਼ਟਰਪਤੀ ਸ੍ਰੀਮਤੀ ਦਰੋਪਦੀ ਮੁਰਮੂ, ਗ੍ਰਹਿ ਮੰਤਰੀ ਸ੍ਰੀ ਅਮਿਤ ਸ਼ਾਹ, ਮੁੱਖ ਮੰਤਰੀ ਸ੍ਰੀਮਤੀ ਰੇਖਾ ਗੁਪਤਾ ਅਤੇ ਸੰਤਾਂ ਮਹਾਂਪੁਰਖਾਂ ਤੇ ਨਿਹੰਗ ਸਿੰਘ ਜਥੇਬੰਦੀਆਂ ਦੀ ਹਾਜ਼ਰੀ ਨੇ ਸਮਾਗਮਾਂ ਨੂੰ ਹੋਰ ਵੀ ਪ੍ਰਭਾਵਸ਼ਾਲੀ ਬਣਾਇਆ ਹੈ। ਉਹਨਾਂ ਕਿਹਾ ਕਿ ਸੰਗਤਾਂ ਨੇ ਬਹੁਤ ਸ਼ਰਧਾ ਭਾਵਨਾ ਨਾਲ ਲੰਗਰ ਤੇ ਹੋਰ ਸੇਵਾਵਾਂ ਵਿਚ ਸ਼ਮੂਲੀਅਤ ਕੀਤੀ ਤੇ ਲੱਖਾਂ ਦੀ ਗਿਣਤੀ ਵਿਚ ਸੰਗਤਾਂ ਨੇ ਸ੍ਰੀ ਸਹਿਜ ਪਾਠਾਂ ਦੀ ਲੜੀ ਦੀ ਸੰਪੂਰਨਤਾ ਵਿਚ ਨੌਵੇਂ ਮਹੱਲੇ ਦੇ ਸਲੋਕ ਪੜ੍ਹੇ। ਉਹਨਾਂ ਕਿਹਾ ਕਿ ਜਿਥੇ ਦਿੱਲੀ ਦੀਆਂ ਸੰਗਤਾਂ ਆਪ ਨਿੱਜੀ ਤੌਰ ’ਤੇ ਸਮਾਗਮਾਂ ਵਿਚ ਹਾਜ਼ਰ ਸਨ, ਉਥੇ ਹੀ ਲੱਖਾਂ ਲੋਕਾਂ ਨੇ ਆਨਲਾਈਨ ਤੇ ਹੋਰ ਜ਼ਰੀਏ ਸਮਾਗਮਾਂ ਵਿਚ ਸ਼ਮੂਲੀਅਤ ਕੀਤੀ। ਉਹਨਾਂ ਕਿਹਾ ਕਿ ਇਹ ਬਹੁਤ ਹੀ ਮੰਦਭਾਗੀ ਗੱਲ ਹੈ ਕਿ ਸਾਡਾ ਵਿਰੋਧ ਕਰਨ ਵਾਲੇ ਸਿਆਸੀ ਵਿਰੋਧੀਆਂ ਨੇ ਇਹਨਾਂ ਇਤਿਹਾਸਕ ਦਿਹਾੜਿਆਂ ਦਾ ਵਿਰੋਧ ਕਰਨ ਵਾਸਤੇ ਵੀ ਕੋਈ ਕਸਰ ਬਾਕੀ ਨਹੀਂ ਛੱਡੀ। ਉਹਨਾਂ ਕਿਹਾ ਕਿ ਜਾਣ ਬੁੱਝ ਕੇ ਇਹਨਾਂ ਇਤਿਹਾਸਕ ਸਮਾਗਮਾਂ ਦੇ ਬਰਾਬਰ ਸਮਾਗਮ ਰੱਖੇ ਗਏ। ਉਹਨਾਂ ਕਿਹਾ ਕਿ ਗੁਰੂ ਸਾਹਿਬ ਦੀ ਸ਼ਹਾਦਤ ਕਿਉਂਕਿ ਦਿੱਲੀ ਵਿਚ ਹੋਈ ਸੀ, ਇਸ ਲਈ ਇਹ ਸਮਾਗਮ ਕਰਨ ਦੀ ਮੁੱਢਲੀ ਜ਼ਿੰਮੇਵਾਰੀ ਦਿੱਲੀ ਗੁਰਦੁਆਰਾ ਕਮੇਟੀ ਦੀ ਬਣਦੀ ਸੀ ਪਰ ਕੌਮ ਦੀ ਵੱਡੀ ਸੰਸਥਾ ਚਲਾਉਣ ਵਾਲਿਆਂ ਨੇ ਬਰਾਬਰ ਦੇ ਸਮਾਗਮ ਦੇ ਸ੍ਰੀ ਆਨੰਦਪੁਰ ਸਾਹਿਬ ਵਿਚ ਰੱਖ ਦਿੱਤੇ ਤੇ ਰਹਿੰਦੀ ਖੂਹੰਦੀ ਕਸਰ ਪੰਜਾਬ ਸਰਕਾਰ ਨੇ ਵੱਖਰੇ ਸਮਾਗਮ ਰੱਖ ਕੇ ਕੱਢੀ। ਉਹਨਾਂ ਕਿਹਾ ਕਿ ਇਹਨਾਂ ਦੇ ਫੈਸਲਿਆਂ ਨੇ ਉਲਟਾ ਸੰਗਤ ਵਿਚ ਦੁਬਿਧਾ ਪੈਦਾ ਕੀਤੀ ਤੇ ਸ੍ਰੀ ਆਨੰਦਪੁਰ ਸਾਹਿਬ ਵਿਚ ਸੰਗਤਾਂ ਦੀ ਹਾਜ਼ਰੀ ਆਪ ਇਸ ਗੱਲੋਂ ਮੂੰਹੋਂ ਬੋਲਦੀ ਤਸਵੀਰ ਸੀ। ਉਹਨਾਂ ਕਿਹਾ ਕਿ ਦਿੱਲੀ ਵਿਚ ਵੀ ਬਰਾਬਰ ਦੇ ਨਗਰ ਕੀਰਤਨ ਸਜਾਉਣ ਦੇ ਯਤਨ ਕੀਤੇ ਗਏ ਪਰ ਉਹ ਸੰਗਤਾਂ ਦੇ ਧੰਨਵਾਦੀ ਹਨ ਜਿਹਨਾਂ ਨੇ ਲਾਲ ਕਿਲ੍ਹੇ ’ਤੇ ਹੋਏ ਸਮਾਗਮਾਂ ਵਿਚ ਭਰਪੂਰ ਹਾਜ਼ਰੀ ਨਾਲ ਸਗਾਮ ਸਫਲ ਕੀਤੇ। ਸਰਦਾਰ ਕਾਲਕਾ ਤੇ ਸਰਦਾਰ ਕਾਹਲੋਂ ਨੇ ਕਿਹਾ ਕਿ ਅਸੀਂ ਧਾਰਮਿਕ ਖੇਤਰ ਵਿਚ ਆਪਣੀ ਜ਼ਿੰਮੇਵਾਰੀ ਨਿਭਾਉਣ ਦੇ ਨਾਲ-ਨਾਲ ਸਿਹਤ ਅਤੇ ਸਿੱਖਿਆ ਦੇ ਖੇਤਰ ਵਿਚ ਵੀ ਜ਼ਿੰਮੇਵਾਰੀ ਨਿਭਾ ਰਹੇ ਹਾਂ ਤੇ ਸੰਗਤਾਂ ਦੀ ਸੇਵਾ ਕਰ ਰਹੇ ਹਾਂ ਜਿਸ ਤੋਂ ਸਾਰੀ ਸੰਗਤ ਜਾਣੂ ਹੈ। ਉਹਨਾਂ ਕਿਹਾ ਕਿ ਸਾਡੀ ਪੁਰਜ਼ੋਰ ਕੋਸ਼ਿਸ਼ ਹੋਵੇਗੀ ਕਿ ਇਹਨਾਂ ਦੋਵਾਂ ਖੇਤਰਾਂ ਵਿਚ ਆਉਂਦੇ ਸਮੇਂ ਵਿਚ ਹੋਰ ਸੁਧਾਰ ਕੀਤਾ ਜਾਵੇ ਤਾਂ ਜੋ ਸੰਗਤਾਂ ਨੂੰ ਹੋਰ ਸਹੂਲਤਾਂ ਮਿਲ ਸਕਣ।
Author: khireyapunjab
ਸ੍ਰ. ਸੰਤੋਖ ਸਿੰਘ ਪ੍ਰੇਮੀ (ਐਡੀਟਰ ਖਿੜਿਆ ਪੰਜਾਬ) ਸਤਿਕਾਰਯੋਗ ਪਿਤਾ ਜੀ ਨੇ ਸਭ ਤੋਂ ਪਹਿਲਾ ਪੇਪਰ 1969 ਵਿੱਚ ਬਾਜ਼ਾਰ ਕਾਠੀਆਂ ਅੰਮ੍ਰਿਤਸਰ ਤੋਂ ਸ਼ੁਰੂ ਕੀਤਾ ਸੀ । ਉਸ ਤੋਂ ਬਾਅਦ ਕੁੱਝ ਸਮਾਂ ਖਿੜਿਆ ਪੰਜਾਬ ਹਫਤਾਵਾਰੀ ਖਾਲੜਾ ਮੰਡੀ ਤੋਂ ਵੀ ਪ੍ਰਕਾਸ਼ਿਤ ਕੀਤਾ ਜਾਂਦਾ ਰਿਹਾ । ਪਿਤਾ ਜੀ ਨੇ ਇਹ ਮਹੀਨਾਵਾਰੀ ਪੇਪਰ ਸ੍ਰ. ਲਛਮਣ ਸਿੰਘ ਗਿੱਲ (ਮਰਹੂਮ ਮੁੱਖ ਮੰਤਰੀ ਪੰਜਾਬ) ਦੀ ਯਾਦ ਵਿੱਚ ਸ਼ੁਰੂ ਕੀਤਾ ਸੀ ਕਿਉਂ ਕਿ ਉਹ ਗਿੱਲ ਜੀ ਨਾਲ ਪਰਸਨਲ ਪੀ. ਏ. ਦੇ ਤੌਰ ਤੇ ਵਿਚਰੇ ਸਨ । ਅਸੀ ਪਿਛਲੇ ਸਮੇਂ ਤੋਂ ਖਿੜਿਆ ਪੰਜਾਬ ਯੂ ਟਿਊਬ ਚੈਨਲ ਚਲਾ ਰਹੇ ਸੀ । ਹੁਣ ਪਿਤਾ ਜੀ ਵਲੋਂ ਸ਼ੁਰੂ ਕੀਤਾ ਨਿਊਜ਼ ਪੇਪਰ ਪੰਜਾਬੀ ਆਨਲਾਈਨ ਚਾਲੂ ਕੀਤਾ ਗਿਆ ਹੈ । ਅਕਾਲ ਪੁਰਖ ਸਹਾਈ ਹੋਵੇ ਪੰਜਾਬ ਅਤੇ ਪੰਜਾਬੀਅਤ ਦੀ ਸੇਵਾ ਕਰਨ ਦਾ ਬੱਲ ਬਖਸ਼ੇ ।








