ਨਵੀਂ ਦਿੱਲੀ, 4 ਦਸੰਬਰ (ਮਨਪ੍ਰੀਤ ਸਿੰਘ ਖਾਲਸਾ):- ਤਖ਼ਤ ਪਟਨਾ ਸਾਹਿਬ ਕਮੇਟੀ ਦੇ ਸੀਨੀਅਰ ਉਪ ਪ੍ਰਧਾਨ ਸਰਦਾਰ ਲਖਵਿੰਦਰ ਸਿੰਘ ਅਤੇ ਮਹਾਂਸਚਿਵ ਸਰਦਾਰ ਇੰਦਰਜੀਤ ਸਿੰਘ ਨੇ ਦੁਬਈ ਦੇ ਗੁਰਦੁਆਰਾ ਗੁਰੂ ਨਾਨਕ ਦਰਬਾਰ ਵਿੱਚ ਆਯੋਜਿਤ ਗੁਰੂ ਤੇਗ ਬਹਾਦਰ ਜੀ ਦੇ 350 ਸਾਲਾ ਸ਼ਹੀਦੀ ਸ਼ਤਾਬਦੀ ਸਮਾਗਮ ਵਿੱਚ ਭਾਗ ਲੈ ਕੇ ਸੰਗਤ ਨਾਲ ਵਿਚਾਰ ਸਾਂਝੇ ਕੀਤੇ। ਗੁਰਦੁਆਰਾ ਸਾਹਿਬ ਦੇ ਪ੍ਰਧਾਨ ਸਰਦਾਰ ਸੁਰਿੰਦਰ ਸਿੰਘ ਕੰਧਾਰੀ ਵੱਲੋਂ ਉਨ੍ਹਾਂ ਦਾ ਗਰਮਜੋਸ਼ੀ ਨਾਲ ਸਵਾਗਤ ਕੀਤਾ ਗਿਆ। ਸਰਦਾਰ ਲਖਵਿੰਦਰ ਸਿੰਘ ਅਤੇ ਸਰਦਾਰ ਇੰਦਰਜੀਤ ਸਿੰਘ ਨੇ ਦੱਸਿਆ ਕਿ ਪੂਰੀ ਦੁਨੀਆ ਦੇ ਬਾਰ੍ਹਾਂ ਦੇਸ਼ਾਂ ਤੋਂ ਸਿੱਖ ਨੁਮਾਇੰਦਿਆਂ ਨੇ ਸਮਾਗਮ ਵਿੱਚ ਭਾਗ ਲਿਆ, ਜਿੱਥੇ ਉਨ੍ਹਾਂ ਨੇ ਤਖ਼ਤ ਪਟਨਾ ਸਾਹਿਬ ਦੇ ਪ੍ਰਤੀਨਿਧੀਆਂ ਵਜੋਂ ਹਾਜ਼ਰੀ ਭਰੀ। ਉਨ੍ਹਾਂ ਨੇ ਕਿਹਾ ਕਿ ਦੁਬਈ ਗੁਰਦੁਆਰਾ ਬਣਨ ਤੋਂ ਲੈ ਕੇ ਅੱਜ ਤੱਕ ਤਖ਼ਤ ਪਟਨਾ ਸਾਹਿਬ ਦੀ ਓਰੋਂ ਕਿਸੇ ਵੀ ਅਧਿਕਾਰੀ ਨੇ ਇਥੇ ਹੋਣ ਵਾਲੇ ਵੱਡੇ ਸਮਾਗਮ ਵਿੱਚ ਸ਼ਮੂਲੀਅਤ ਨਹੀਂ ਕੀਤੀ ਸੀ। ਉਨ੍ਹਾਂ ਨੇ ਇਹ ਵੀ ਜਾਣਕਾਰੀ ਦਿੱਤੀ ਕਿ ਸਰਦਾਰ ਇੰਦਰਜੀਤ ਸਿੰਘ ਅਤੇ ਸਰਦਾਰ ਲਖਵਿੰਦਰ ਸਿੰਘ ਵੱਲੋਂ ਸਰਦਾਰ ਸੁਰਿੰਦਰ ਸਿੰਘ ਕੰਧਾਰੀ ਅਤੇ ਉਨ੍ਹਾਂ ਦੀ ਟੀਮ ਨੂੰ ਗੁਰੂ ਗੋਬਿੰਦ ਸਿੰਘ ਜੀ ਦੇ ਪ੍ਰਕਾਸ਼ ਪੁਰਬ ’ਤੇ ਤਖ਼ਤ ਸਾਹਿਬ ਆਉਣ ਦਾ ਨਿਯੋਤਾ ਵੀ ਦਿੱਤਾ ਗਿਆ। ਸਰਦਾਰ ਇੰਦਰਜੀਤ ਸਿੰਘ ਅਤੇ ਸਰਦਾਰ ਲਖਵਿੰਦਰ ਸਿੰਘ ਨੇ ਕਿਹਾ ਕਿ ਦੁਬਈ ਗੁਰਦੁਆਰਾ ਸਾਹਿਬ ਦੀ ਸਫ਼ਾਈ ਅਤੇ ਬਿਹਤਰ ਪ੍ਰਬੰਧ ਦੇਖ ਕੇ ਉਹਨਾਂ ਨੂੰ ਬਹੁਤ ਹੀ ਖੁਸ਼ੀ ਮਹਿਸੂਸ ਹੋਈ।
Author: khireyapunjab
ਸ੍ਰ. ਸੰਤੋਖ ਸਿੰਘ ਪ੍ਰੇਮੀ (ਐਡੀਟਰ ਖਿੜਿਆ ਪੰਜਾਬ) ਸਤਿਕਾਰਯੋਗ ਪਿਤਾ ਜੀ ਨੇ ਸਭ ਤੋਂ ਪਹਿਲਾ ਪੇਪਰ 1969 ਵਿੱਚ ਬਾਜ਼ਾਰ ਕਾਠੀਆਂ ਅੰਮ੍ਰਿਤਸਰ ਤੋਂ ਸ਼ੁਰੂ ਕੀਤਾ ਸੀ । ਉਸ ਤੋਂ ਬਾਅਦ ਕੁੱਝ ਸਮਾਂ ਖਿੜਿਆ ਪੰਜਾਬ ਹਫਤਾਵਾਰੀ ਖਾਲੜਾ ਮੰਡੀ ਤੋਂ ਵੀ ਪ੍ਰਕਾਸ਼ਿਤ ਕੀਤਾ ਜਾਂਦਾ ਰਿਹਾ । ਪਿਤਾ ਜੀ ਨੇ ਇਹ ਮਹੀਨਾਵਾਰੀ ਪੇਪਰ ਸ੍ਰ. ਲਛਮਣ ਸਿੰਘ ਗਿੱਲ (ਮਰਹੂਮ ਮੁੱਖ ਮੰਤਰੀ ਪੰਜਾਬ) ਦੀ ਯਾਦ ਵਿੱਚ ਸ਼ੁਰੂ ਕੀਤਾ ਸੀ ਕਿਉਂ ਕਿ ਉਹ ਗਿੱਲ ਜੀ ਨਾਲ ਪਰਸਨਲ ਪੀ. ਏ. ਦੇ ਤੌਰ ਤੇ ਵਿਚਰੇ ਸਨ । ਅਸੀ ਪਿਛਲੇ ਸਮੇਂ ਤੋਂ ਖਿੜਿਆ ਪੰਜਾਬ ਯੂ ਟਿਊਬ ਚੈਨਲ ਚਲਾ ਰਹੇ ਸੀ । ਹੁਣ ਪਿਤਾ ਜੀ ਵਲੋਂ ਸ਼ੁਰੂ ਕੀਤਾ ਨਿਊਜ਼ ਪੇਪਰ ਪੰਜਾਬੀ ਆਨਲਾਈਨ ਚਾਲੂ ਕੀਤਾ ਗਿਆ ਹੈ । ਅਕਾਲ ਪੁਰਖ ਸਹਾਈ ਹੋਵੇ ਪੰਜਾਬ ਅਤੇ ਪੰਜਾਬੀਅਤ ਦੀ ਸੇਵਾ ਕਰਨ ਦਾ ਬੱਲ ਬਖਸ਼ੇ ।








