ਅੰਮ੍ਰਿਤਸਰ, 28 ਜਨਵਰੀ ( ਖਿੜਿਆ ਪੰਜਾਬ): ਸ੍ਰੀ ਦਰਬਾਰ ਸਾਹਿਬ ਦੇ ਸਾਬਕਾ ਹਜ਼ੂਰੀ ਰਾਗੀ ਅਤੇ ਸਿੱਖ ਸਦਭਾਵਨਾ ਦਲ ਦੇ ਆਗੂ ਭਾਈ ਬਲਦੇਵ ਸਿੰਘ ਵਡਾਲਾ ਤੇ ਸਿੱਖ ਯੂਥ ਫੈਡਰੇਸ਼ਨ ਭਿੰਡਰਾਂਵਾਲਾ ਦੇ ਪ੍ਰਧਾਨ ਭਾਈ ਰਣਜੀਤ ਸਿੰਘ ਦਮਦਮੀ ਟਕਸਾਲ ਨੇ ਕਿਹਾ ਕਿ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੇ ਲਾਪਤਾ 328 ਪਾਵਨ ਸਰੂਪਾਂ ਦੇ ਮਾਮਲੇ ‘ਚ ਸ਼੍ਰੋਮਣੀ ਕਮੇਟੀ ਅਤੇ ਭਗਵੰਤ ਮਾਨ ਸਰਕਾਰ ਮਿਲੀਭੁਗਤ ਸਾਜ਼ਿਸ਼ ਤਹਿਤ ਸਿੱਖ ਕੌਮ ਨਾਲ ਬੇਇਨਸਾਫ਼ੀ ਕਰ ਰਹੀ ਹੈ ਜਿਸ ਨਾਲ ਦੋਵਾਂ ਨੂੰ ਕੌਮ ਦੇ ਰੋਹ ਦਾ ਸ਼ਿਕਾਰ ਹੋਣਾ ਪਵੇਗਾ। ਉਹਨਾਂ ਕਿਹਾ ਕਿ ਇਸ ਗੰਭੀਰ ਮਾਮਲੇ ਨੂੰ ਵੀ ਬਰਗਾੜੀ ਕਾਂਡ ਵਾਂਗ ਠੰਡੇ ਬਸਤੇ ਪਾਇਆ ਜਾ ਰਿਹਾ ਹੈ। ਸ਼੍ਰੋਮਣੀ ਕਮੇਟੀ ਅਤੇ ਸਿੱਟ ਵਿੱਚ ਕੋਈ ਸਪੱਸ਼ਟਤਾ ਨਜ਼ਰ ਨਹੀਂ ਆ ਰਹੀ ਤੇ ਬਾਕੀ ਸਿਆਸੀ ਪਾਰਟੀਆਂ ਦੇ ਆਗੂਆਂ ਨੇ ਵੀ ਚੁੱਪੀ ਧਾਰ ਲਈ ਹੈ। ਉਹਨਾਂ ਕਿਹਾ ਕਿ “ਸਿੱਟ ਅਦਾਲਤ ‘ਚ ਆਖ ਰਹੀ ਕਿ ਸ਼੍ਰੋਮਣੀ ਵੱਲੋਂ ਦਸਤਾਵੇਜ਼ ਨਹੀਂ ਦਿੱਤੇ ਗਏ ਤੇ ਦਸਤਾਵੇਜ਼ ਆਉਣ ‘ਤੇ ਹੀ ਤਫਤੀਸ਼ ਕੀਤੀ ਜਾ ਸਕੇਗੀ। ਦੂਜੇ ਪਾਸੇ ਸ਼੍ਰੋਮਣੀ ਕਮੇਟੀ ਦੇ ਸੱਕਤਰ ਦਾ ਕਹਿਣਾ ਹੈ ਕਿ ਅਸੀਂ ਸਿੱਟ ਨੂੰ ਕਈ ਵਾਰ ਰਿਕਾਰਡ ਦੇਣ ਲਈ ਸਿੱਟ ਨਾਲ ਸੰਪਰਕ ਕਰ ਚੁੱਕੇ ਹਾਂ, ਸਿੱਟ ਖ਼ੁਦ ਹੀ ਸਾਡੇ ਨਾਲ ਸੰਪਰਕ ਨਹੀ ਕਰ ਰਹੀ ਤੇ ਨਾ ਹੀ ਕੋਈ ਜਵਾਬ ਦੇ ਰਹੀ ਹੈ।” ਪੰਥਕ ਆਗੂਆਂ ਨੇ ਸਵਾਲ ਕੀਤਾ ਕਿ ਇਹ ਦੋਵਾਂ ਧਿਰਾਂ ਵੱਲੋਂ ਰਲ ਕੇ ਸਿਆਸੀ ਖੇਡ ਕਿਉਂ ਖੇਡੀ ਜਾ ਰਹੀ ਏ ? ਸਾਫ਼ ਨਜ਼ਰ ਆ ਰਿਹਾ ਹੈ ਕਿ ਦੋਸ਼ੀਆਂ ਨੂੰ ਬਚਾਉਣ, ਮਾਮਲੇ ਨੂੰ ਲਟਕਾਉਣ ਤੇ ਕਾਨੂੰਨੀ ਕਾਰਵਾਈ ਵਿੱਚ ਵਿਘਨ ਪਾਉਣ ਲਈ ਕੋਝੀਆਂ ਚਾਲਾਂ ਚੱਲੀਆਂ ਜਾ ਰਹੀਆਂ ਹਨ ਜਿਸ ਨੂੰ ਖ਼ਾਲਸਾ ਪੰਥ ਬਰਦਾਸ਼ਤ ਨਹੀਂ ਕਰੇਗਾ। ਸ਼੍ਰੋਮਣੀ ਕਮੇਟੀ, ਪੰਜਾਬ ਸਰਕਾਰ ਅਤੇ ਪੁਲਿਸ ਪ੍ਰਸ਼ਾਸਨ ਸਾਨੂੰ ਦੁਬਾਰਾ ਸੰਘਰਸ਼ ਕਰਨ ਲਈ ਮਜ਼ਬੂਰ ਨਾ ਕਰੇ। ਉਹਨਾਂ ਕਿਹਾ ਕਿ ਲਾਪਤਾ 328 ਪਾਵਨ ਸਰੂਪਾਂ ਦਾ ਸੱਚ ਸਾਹਮਣੇ ਲਿਆਂਦਾ ਜਾਵੇ ਤੇ ਸਾਰੇ ਦੋਸ਼ੀਆਂ ਨੂੰ ਸਖ਼ਤ ਸਜਾਵਾਂ ਦਿੱਤੀਆਂ ਜਾਣ। ਸ੍ਰੀ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਗਿਆਨੀ ਕੁਲਦੀਪ ਸਿੰਘ ਗੜਗੱਜ, ਸ਼੍ਰੋਮਣੀ ਕਮੇਟੀ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਤੇ ਪੰਜਾਬ ਸਰਕਾਰ ਸਪੱਸ਼ਟ ਕਰੇ ਕਿ ਉਹ ਤਖ਼ਤ ਸਾਹਿਬ ਜੀ ਦੇ ਆਦੇਸ਼, ਮਾਣ ਮਰਯਾਦਾ, ਗੁਰੂ ਸਾਹਿਬ ਜੀ ਦੇ ਅਦਬ, ਕਾਨੂੰਨ, ਸੰਵਿਧਾਨ, ਜ਼ਮਹੂਰੀਅਤ ਨੂੰ ਮੁੱਖ ਰੱਖਕੇ ਇਨਸਾਫ਼ ਕਰਨਗੇ ਜਾਂ ਫਿਰ ਸਿੱਖ ਸੰਗਤ ਦੀਆਂ ਭਾਵਨਾਵਾਂ ਨਾਲ ਖਿਲਵਾੜ ਕਰਕੇ ਇਸ ਮੁੱਦੇ ਨੂੰ ਛਿੱਕੇ ਟੰਗ ਕੇ ਵੋਟ ਤੇ ਨੋਟ ਦੀ ਸਿਆਸਤ ਕਰਕੇ ਇਤਿਹਾਸ ਨੂੰ ਕਲੰਕਤ ਕਰਨਗੇ ?
Author: khireyapunjab
ਸ੍ਰ. ਸੰਤੋਖ ਸਿੰਘ ਪ੍ਰੇਮੀ (ਐਡੀਟਰ ਖਿੜਿਆ ਪੰਜਾਬ) ਸਤਿਕਾਰਯੋਗ ਪਿਤਾ ਜੀ ਨੇ ਸਭ ਤੋਂ ਪਹਿਲਾ ਪੇਪਰ 1969 ਵਿੱਚ ਬਾਜ਼ਾਰ ਕਾਠੀਆਂ ਅੰਮ੍ਰਿਤਸਰ ਤੋਂ ਸ਼ੁਰੂ ਕੀਤਾ ਸੀ । ਉਸ ਤੋਂ ਬਾਅਦ ਕੁੱਝ ਸਮਾਂ ਖਿੜਿਆ ਪੰਜਾਬ ਹਫਤਾਵਾਰੀ ਖਾਲੜਾ ਮੰਡੀ ਤੋਂ ਵੀ ਪ੍ਰਕਾਸ਼ਿਤ ਕੀਤਾ ਜਾਂਦਾ ਰਿਹਾ । ਪਿਤਾ ਜੀ ਨੇ ਇਹ ਮਹੀਨਾਵਾਰੀ ਪੇਪਰ ਸ੍ਰ. ਲਛਮਣ ਸਿੰਘ ਗਿੱਲ (ਮਰਹੂਮ ਮੁੱਖ ਮੰਤਰੀ ਪੰਜਾਬ) ਦੀ ਯਾਦ ਵਿੱਚ ਸ਼ੁਰੂ ਕੀਤਾ ਸੀ ਕਿਉਂ ਕਿ ਉਹ ਗਿੱਲ ਜੀ ਨਾਲ ਪਰਸਨਲ ਪੀ. ਏ. ਦੇ ਤੌਰ ਤੇ ਵਿਚਰੇ ਸਨ । ਅਸੀ ਪਿਛਲੇ ਸਮੇਂ ਤੋਂ ਖਿੜਿਆ ਪੰਜਾਬ ਯੂ ਟਿਊਬ ਚੈਨਲ ਚਲਾ ਰਹੇ ਸੀ । ਹੁਣ ਪਿਤਾ ਜੀ ਵਲੋਂ ਸ਼ੁਰੂ ਕੀਤਾ ਨਿਊਜ਼ ਪੇਪਰ ਪੰਜਾਬੀ ਆਨਲਾਈਨ ਚਾਲੂ ਕੀਤਾ ਗਿਆ ਹੈ । ਅਕਾਲ ਪੁਰਖ ਸਹਾਈ ਹੋਵੇ ਪੰਜਾਬ ਅਤੇ ਪੰਜਾਬੀਅਤ ਦੀ ਸੇਵਾ ਕਰਨ ਦਾ ਬੱਲ ਬਖਸ਼ੇ ।









