Home » ਮਾਝਾ » ਬੰਦੀ ਸਿੰਘਾਂ ਨੂੰ ਰਿਹਾਅ ਨਾ ਕਰਨਾ ਦੇਸ਼ ਅੰਦਰ ਘੱਟਗਿਣਤੀ ਸਿੱਖਾਂ ਨਾਲ ਵਿਤਕਰਾ- ਐਡਵੋਕੇਟ ਧਾਮੀ 👉 ਗਿਆਨੀ ਰਘਬੀਰ ਸਿੰਘ ਵਲੋਂ ਲਗਾਏ ਇਲਜ਼ਾਮਾਂ ਸਬੰਧੀ 72 ਘੰਟਿਆਂ ਵਿਚ ਸਬੂਤ ਪੇਸ਼ ਕਰਨ – ਐਡਵੋਕੇਟ ਧਾਮੀ 👉 ਗਿਆਨੀ ਹਰਪ੍ਰੀਤ ਸਿੰਘ ਸ਼੍ਰੋਮਣੀ ਕਮੇਟੀ ਨੂੰ ਬਦਨਾਮ ਕਰਨ ਲਈ ਮੁਆਫ਼ੀ ਮੰਗਣ, ਨਹੀਂ ਹੋਵੇਗਾ ਮਾਨਹਾਨੀ ਦਾ ਮੁਕੱਦਮਾ

ਬੰਦੀ ਸਿੰਘਾਂ ਨੂੰ ਰਿਹਾਅ ਨਾ ਕਰਨਾ ਦੇਸ਼ ਅੰਦਰ ਘੱਟਗਿਣਤੀ ਸਿੱਖਾਂ ਨਾਲ ਵਿਤਕਰਾ- ਐਡਵੋਕੇਟ ਧਾਮੀ 👉 ਗਿਆਨੀ ਰਘਬੀਰ ਸਿੰਘ ਵਲੋਂ ਲਗਾਏ ਇਲਜ਼ਾਮਾਂ ਸਬੰਧੀ 72 ਘੰਟਿਆਂ ਵਿਚ ਸਬੂਤ ਪੇਸ਼ ਕਰਨ – ਐਡਵੋਕੇਟ ਧਾਮੀ 👉 ਗਿਆਨੀ ਹਰਪ੍ਰੀਤ ਸਿੰਘ ਸ਼੍ਰੋਮਣੀ ਕਮੇਟੀ ਨੂੰ ਬਦਨਾਮ ਕਰਨ ਲਈ ਮੁਆਫ਼ੀ ਮੰਗਣ, ਨਹੀਂ ਹੋਵੇਗਾ ਮਾਨਹਾਨੀ ਦਾ ਮੁਕੱਦਮਾ

SHARE ARTICLE

16 Views

ਅੰਮ੍ਰਿਤਸਰ, 19 ਫ਼ਰਵਰੀ (ਮਨਪ੍ਰੀਤ ਸਿੰਘ ਖਾਲਸਾ):- ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੀ ਅੰਤ੍ਰਿੰਗ ਕਮੇਟੀ ਦੀ ਅੱਜ ਹੋਈ ਇਕੱਤਰਤਾ ’ਚ ਸਰਕਾਰਾਂ ਵੱਲੋਂ ਬੰਦੀ ਸਿੰਘਾਂ ਨਾਲ ਕੀਤੀ ਜਾ ਰਹੀ ਬੇਇਨਸਾਫ਼ੀ ਦੀ ਕਰੜੀ ਨਿਖੇਧੀ ਕਰਦਿਆਂ ਇਸ ਨੂੰ ਦੇਸ਼ ਅੰਦਰ ਘੱਟਗਿਣਤੀ ਸਿੱਖਾਂ ਨਾਲ ਵਿਤਕਰਾ ਕਰਾਰ ਦਿੱਤਾ ਗਿਆ। ਇਕੱਤਰਤਾ ਬਾਅਦ ਮੀਡੀਆ ਨਾਲ ਗੱਲ ਕਰਦਿਆਂ ਸ਼੍ਰੋਮਣੀ ਕਮੇਟੀ ਦੇ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਨੇ ਕਿਹਾ ਕਿ ਹਾਲ ਹੀ ਵਿਚ ਦਿੱਲੀ ਦੀ ਭਾਜਪਾ ਸਰਕਾਰ ਦੇ ਸਜ਼ਾ ਸਮੀਖਿਆ ਬੋਰਡ ਵੱਲੋਂ ਪ੍ਰੋ. ਦਵਿੰਦਰਪਾਲ ਸਿੰਘ ਭੁੱਲਰ ਦੀ ਰਿਹਾਈ ਅਪੀਲ ਨੂੰ ਰੱਦ ਕਰਨਾ ਦੁਖਦਾਈ ਹੈ। ਉਨ੍ਹਾਂ ਕਿਹਾ ਕਿ ਪਹਿਲਾਂ ਆਮ ਆਦਮੀ ਪਾਰਟੀ ਦੀ ਸਰਕਾਰ ਅਜਿਹਾ ਕਰਦੀ ਰਹੀ ਅਤੇ ਹੁਣ ਭਾਜਪਾ ਸਰਕਾਰ ਵੀ ਸਿੱਖ ਵਿਰੋਧੀ ਲੀਹਾਂ ’ਤੇ ਚੱਲ ਰਹੀ ਹੈ। ਉਨ੍ਹਾਂ ਭਾਜਪਾ ਵਿਚ ਬੈਠੇ ਸਿੱਖ ਆਗੂਆਂ ਦੇ ਇਸ ਮਾਮਲੇ ’ਤੇ ਚੁੱਪ ਰਹਿਣ ’ਤੇ ਵੀ ਸਵਾਲ ਉਠਾਏ। ਐਡਵੋਕੇਟ ਧਾਮੀ ਨੇ ਕਿਹਾ ਕਿ ਇਸ ਨਾਲ ਭਾਜਪਾ ਵਿਚਲੇ ਸਿੱਖ ਆਗੂਆਂ ਦਾ ਦੋਗਲਾ ਚਿਹਰਾ ਨੰਗਾ ਹੋਇਆ ਹੈ। ਉਨ੍ਹਾਂ ਕੇਂਦਰ ਸਰਕਾਰ ਵੱਲੋਂ ਭਾਈ ਬਲਵੰਤ ਸਿੰਘ ਰਾਜੋਆਣਾ ਸਮੇਤ ਹੋਰ ਬੰਦੀ ਸਿੰਘਾਂ ਨੂੰ ਸਜ਼ਾਵਾਂ ਭੁਗਤਣ ਦੇ ਬਾਵਜੂਦ ਵੀ ਰਿਹਾਅ ਨਾ ਕਰਨ ਨੂੰ ਵੀ ਮਾਨਵੀ ਅਧਿਕਾਰਾਂ ਦਾ ਉਲੰਘਣ ਆਖਿਆ। ਸ਼੍ਰੋਮਣੀ ਕਮੇਟੀ ਪ੍ਰਧਾਨ ਨੇ ਕਿਹਾ ਕਿ ਸਰਕਾਰਾਂ ਨੂੰ ਬੰਦੀ ਸਿੰਘਾਂ ਨਾਲ ਇਸ ਤਰ੍ਹਾਂ ਬੇਗਾਨਿਆਂ ਵਾਲਾ ਵਿਹਾਰ ਨਹੀਂ ਕਰਨਾ ਚਾਹੀਦਾ ਅਤੇ ਸਜ਼ਾਵਾਂ ਭੁਗਤ ਚੁੱਕੇ ਹਰ ਸਿੱਖ ਬੰਦੀ ਨੂੰ ਤੁਰੰਤ ਰਿਹਾਅ ਕੀਤਾ ਜਾਵੇ। ਐਡਵੋਕੇਟ ਧਾਮੀ ਨੇ ਦੱਸਿਆ ਕਿ ਅੰਤ੍ਰਿੰਗ ਕਮੇਟੀ ਨੇ ਏਆਈ ਤਕਨੀਕ ਨਾਲ ਸਿੱਖ ਵਿਰੋਧੀ ਕਾਰਵਾਈਆਂ ਦਾ ਵੀ ਨੋਟਿਸ ਲਿਆ ਹੈ। ਉਨ੍ਹਾਂ ਕਿਹਾ ਕਿ ਇਸ ਆਧੁਨਿਕ ਤਕਨੀਕ ਨਾਲ ਧਰਮਾਂ ਵਿਰੁੱਧ ਹਰਕਤਾਂ ਕਰਨ ਵਾਲਿਆਂ ਨੂੰ ਰੋਕਣ ਲਈ ਸ਼੍ਰੋਮਣੀ ਕਮੇਟੀ ਸੁਚੇਤ ਰੂਪ ਵਿਚ ਕੰਮ ਕਰ ਰਹੀ ਹੈ। ਸ਼੍ਰੋਮਣੀ ਕਮੇਟੀ ਵੱਲੋਂ ਇਸ ਸਬੰਧ ਵਿਚ ਇਕ ਕਮੇਟੀ ਗਠਤ ਕਰਨ ਦੇ ਨਾਲ-ਨਾਲ ਕਾਨੂੰਨ ਵਿਭਾਗ ਰਾਹੀਂ ਵੀ ਯਤਨ ਜਾਰੀ ਹਨ। ਉਨ੍ਹਾਂ ਕਿਹਾ ਕਿ ਭਵਿੱਖ ਵਿਚ ਸ਼੍ਰੋਮਣੀ ਕਮੇਟੀ ਸਿੱਖ ਸਿਧਾਂਤਾਂ, ਇਤਿਹਾਸ ਅਤੇ ਸਰੋਤਾਂ ਆਦਿ ਦੇ ਸਬੰਧ ਵਿਚ ਆਪਣਾ ਡਾਟਾ ਬੈਂਕ ਤਿਆਰ ਕਰੇਗੀ, ਤਾਂ ਜੋ ਸਹੀ ਜਾਣਕਾਰੀ ਲੋਕਾਂ ਨੂੰ ਮਿਲ ਸਕੇ। ਇਸ ਦੇ ਨਾਲ ਹੀ ਏਆਈ ਕੰਪਨੀਆਂ ਨਾਲ ਵੀ ਰਾਬਤਾ ਕੀਤਾ ਜਾ ਰਿਹਾ ਹੈ ਅਤੇ ਇਕ ਮਾਸ ਰਿਪੋਟਿੰਗ ਸਾਫਟਵੇਅਰ ਵੀ ਜਲਦ ਜਾਰੀ ਕੀਤਾ ਜਾਵੇਗਾ। ਇਸ ਤੋਂ ਇਲਾਵਾ ਜਾਗੂਕਰਤਾ ਵਾਸਤੇ ਵੀ ਯਤਨ ਕੀਤੇ ਜਾਣਗੇ।
ਸ਼੍ਰੋਮਣੀ ਕਮੇਟੀ ਪ੍ਰਧਾਨ ਨੇ ਸਾਬਕਾ ਜਥੇਦਾਰ ਗਿਆਨੀ ਹਰਪ੍ਰੀਤ ਸਿੰਘ ਵੱਲੋਂ ਸ਼੍ਰੋਮਣੀ ਕਮੇਟੀ ’ਤੇ ਗੁਰਦੁਆਰਾ ਅੰਬ ਸਾਹਿਬ ਮੋਹਾਲੀ ਦੀ ਗਮਾਡਾ ਵੱਲੋਂ ਸਕੀਮ ਤਹਿਤ ਲਈ ਜ਼ਮੀਨ ਦੇ ਪੈਸਿਆਂ ਅਤੇ ਗੁਰਦੁਆਰਾ ਸ੍ਰੀ ਭੱਠਾ ਸਾਹਿਬ ਰੋਪੜ ਦੀ ਜਗ੍ਹਾ ਵੇਚਣ ਦੇ ਲਗਾਏ ਗਏ ਇਲਜ਼ਾਮਾਂ ਬਾਰੇ ਗੱਲ ਕਰਦਿਆਂ ਕਿਹਾ ਕਿ ਇਹ ਬਿਲਕੁਲ ਬੇਬੁਨਿਆਦ ਦੋਸ਼ ਹਨ। ਉਨ੍ਹਾਂ ਕਿਹਾ ਕਿ ਗੁਰਦੁਆਰਾ ਸ੍ਰੀ ਭੱਠਾ ਸਾਹਿਬ ਨਾਲ ਸਬੰਧਤ ਜਗ੍ਹਾ ਵੇਚਣ ਅਤੇ ਖਰੀਦਣ ਦਾ ਕਾਰਜ ਬਿਲਕੁਲ ਨਿਯਮਾਂ ਅਨਸੁਾਰ ਅਤੇ ਪਾਰਦਰਸ਼ੀ ਢੰਗ ਨਾਲ ਕੀਤਾ ਗਿਆ ਹੈ ਅਤੇ ਇਸੇ ਤਰ੍ਹਾਂ ਹੀ ਗੁਰਦੁਆਰਾ ਸ੍ਰੀ ਅੰਬ ਸਾਹਿਬ ਮੋਹਾਲੀ ਦੀ ਗਮਾਡਾ ਵੱਲੋਂ ਲਈ ਗਈ ਜ਼ਮੀਨ ਦੀ ਰਕਮ ਵੀ ਨਿਯਮਾਂ ਅਨੁਸਾਰ ਹੈ। ਇਸ ਸਬੰਧੀ ਬੇਬੁਨਿਆਦ ਦੋਸ਼ ਲਗਾ ਕੇ ਸ਼੍ਰੋਮਣੀ ਕਮੇਟੀ ਦੇ ਪ੍ਰਬੰਧਾਂ ਨੂੰ ਬਦਨਾਮ ਕਰਨਾ ਅਤੇ ਸੰਗਤ ਨੂੰ ਗੁਮਰਾਹ ਕਰਨਾ ਕਿਸੇ ਵੀ ਤਰ੍ਹਾਂ ਜਾਇਜ਼ ਨਹੀਂ ਹੈ। ਇਸ ਕਰਕੇ ਗਿਆਨੀ ਹਰਪ੍ਰੀਤ ਸਿੰਘ ਜਨਤਕ ਤੌਰ ’ਤੇ ਮੁਆਫ਼ੀ ਮੰਗਣ ਨਹੀਂ ਤਾਂ ਗੁਰਦੁਆਰਾ ਸਾਹਿਬਾਨ ਦੇ ਪ੍ਰਬੰਧ ਵੱਲੋਂ ਇਨ੍ਹਾਂ ਖਿਲਾਫ਼ ਮਾਨਹਾਨੀ ਦਾ ਮੁਕੱਦਮਾ ਕੀਤਾ ਜਾਵੇਗਾ। ਐਡਵੋਕੇਟ ਧਾਮੀ ਨੇ ਲੰਘੇ ਕੱਲ੍ਹ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਦੇ ਮੁੱਖ ਗ੍ਰੰਥੀ ਗਿਆਨੀ ਰਘਬੀਰ ਸਿੰਘ ਵੱਲੋਂ ਪ੍ਰੈੱਸ ਵਾਰਤਾ ਰਾਹੀਂ ਲਗਾਏ ਗਏ ਇਲਜ਼ਾਮਾਂ ਦੇ ਸਬੰਧ ਵਿਚ ਕਿਹਾ ਕਿ ਅੰਤ੍ਰਿੰਗ ਕਮੇਟੀ ਨੇ ਇਸ ’ਤੇ ਗੰਭੀਰਤਾ ਵਿਚਾਰ ਕਰਕੇ ਫੈਸਲਾ ਲੈਂਦਿਆਂ 72 ਘੰਟੇ ਵਿਚ ਲਗਾਏ ਦੋਸ਼ ਸਿੱਧ ਕਰਨ ਲਈ ਨੋਟਿਸ ਜਾਰੀ ਕੀਤਾ ਗਿਆ ਹੈ। ਐਡਵੋਕੇਟ ਧਾਮੀ ਨੇ ਕਿਹਾ ਕਿ ਗਿਆਨੀ ਰਘਬੀਰ ਸਿੰਘ ਜੋ ਕਿ ਇਸ ਸਮੇਂ ਛੁੱਟੀ ’ਤੇ ਚੱਲ ਰਹੇ ਹਨ, ਵੱਲੋਂ ਸਤਿਕਾਰਤ ਅਹੁਦੇ ’ਤੇ ਹੁੰਦਿਆਂ ਬਿਨਾਂ ਠੋਸ ਸਬੂਤਾਂ ਦੇ ਸੰਸਥਾ ’ਤੇ ਇਲਜ਼ਾਮ ਲਗਾ ਕੇ ਇਸ ਦੇ ਪ੍ਰਬੰਧਾਂ ਨੂੰ ਬਦਨਾਮ ਕੀਤਾ ਹੈ। ਇਸ ਲਈ ਇਹ 72 ਘੰਟਿਆਂ ਵਿਚ ਇਲਜ਼ਾਮਾਂ ਸਬੰਧੀ ਸਬੂਤ ਪੇਸ਼ ਕਰਨ। ਜੇਕਰ ਇਨ੍ਹਾਂ ਵੱਲੋਂ ਨੀਯਤ ਸਮੇਂ ਅੰਦਰ ਲਿਖਤੀ ਤੌਰ ’ਤੇ ਸਬੂਤ ਪੇਸ਼ ਨਾ ਕੀਤੇ ਗਏ ਤਾਂ ਇਨ੍ਹਾਂ ਖਿਲਾਫ਼ ਲੋੜੀਂਦੀ ਕਾਰਵਾਈ ਕੀਤੀ ਜਾਵੇਗੀ।
ਪੱਤਰਕਾਰਾਂ ਨਾਲ ਗੱਲ ਕਰਦਿਆਂ ਐਡਵੋਕੇਟ ਧਾਮੀ ਨੇ ਗੁਰਦੁਆਰਾ ਸ੍ਰੀ ਅੰਬ ਸਾਹਿਬ ਦੇ ਮੈਨੇਜਰ ਵੱਲੋਂ ਜਾਅਲਸਾਜ਼ੀ ਕਰਕੇ ਵੇਚੀ ਗਈ ਜਗ੍ਹਾ ਦੇ ਸਬੰਧ ਵਿਚ ਕਿਹਾ ਕਿ ਇਸ ਦੀ ਜਾਂਚ ਜਾਰੀ ਹੈ ਅਤੇ ਇਸ ਵਿਚ ਸ਼ਾਮਲ ਕਿਸੇ ਵੀ ਅਧਿਕਾਰੀ, ਕਰਮਚਾਰੀ ਜਾਂ ਬਾਹਰੀ ਵਿਅਕਤੀ ਨੂੰ ਬਖ਼ਸ਼ਿਆ ਨਹੀਂ ਜਾਵੇਗਾ। ਰਿਪੋਰਟ ਸਾਹਮਣੇ ਆਉਣ ’ਤੇ ਹਰ ਦੋਸ਼ੀ ਵਿਰੁੱਧ ਕਾਰਵਾਈ ਹੋਵੇਗੀ। ਐਡਵੋਕੇਟ ਧਾਮੀ ਨੇ ਇਹ ਵੀ ਜਾਣਕਾਰੀ ਵੀ ਸਾਂਝੀ ਕੀਤੀ ਕਿ ਭਵਿੱਖ ਅੰਦਰ ਕਿਸੇ ਵੀ ਮੁਲਾਜ਼ਮ ਨੂੰ ਕਿਸੇ ਗ਼ਲਤੀ ਕਾਰਨ ਹੋਈ ਵਾਰਨਿੰਗ ਅਤੇ ਜ਼ੁਰਮਾਨਾ ਮੁਆਫ਼ ਨਹੀਂ ਕੀਤਾ ਜਾਇਆ ਕਰੇਗਾ। ਉਨ੍ਹਾਂ ਨੇ ਆਸਟ੍ਰੇਲੀਆ ਅੰਦਰ ਇਕ ਸਿੱਖ ’ਤੇ ਕੀਤੇ ਗਏ ਹਮਲੇ ਦੀ ਵੀ ਨਿੰਦਾ ਕੀਤੀ ਅਤੇ ਅਜਿਹੇ ਮਾਮਲਿਆਂ ਵਿਚ ਭਾਰਤ ਸਰਕਾਰ ਨੂੰ ਸਬੰਧਤ ਦੇਸ਼ਾਂ ਨਾਲ ਕੂਟਨੀਤਕ ਪੱਧਰ ’ਤੇ ਗੱਲ ਕਰਨ ਵਾਸਤੇ ਕਿਹਾ। ਇਕੱਤਰਤਾ ਦੌਰਾਨ ਸ਼੍ਰੋਮਣੀ ਕਮੇਟੀ ਦੇ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਦੇ ਨਾਲ ਸੀਨੀਅਰ ਮੀਤ ਪ੍ਰਧਾਨ ਸ. ਰਘੂਜੀਤ ਸਿੰਘ ਵਿਰਕ, ਜੂਨੀਅਰ ਮੀਤ ਪ੍ਰਧਾਨ ਸ. ਬਲਦੇਵ ਸਿੰਘ ਕਲਿਆਣ, ਜਨਰਲ ਸਕੱਤਰ ਸ. ਸ਼ੇਰ ਸਿੰਘ ਮੰਡਵਾਲਾ, ਮੁੱਖ ਸਕੱਤਰ ਸ. ਕੁਲਵੰਤ ਸਿੰਘ ਮੰਨਣ, ਸ. ਸੁਰਜੀਤ ਸਿੰਘ ਗੜ੍ਹੀ, ਸ. ਸੁਰਜੀਤ ਸਿੰਘ ਤੁਗਲਵਾਲ, ਸ. ਸੁਰਜੀਤ ਸਿੰਘ ਕੰਗ, ਸ. ਦਲਜੀਤ ਸਿੰਘ ਭਿੰਡਰ, ਬੀਬੀ ਹਰਜਿੰਦਰ ਕੌਰ, ਸ. ਬਲਦੇਵ ਸਿੰਘ ਕਾਇਮਪੁਰ, ਸ. ਮੇਜਰ ਸਿੰਘ ਢਿੱਲੋਂ, ਸ. ਮੰਗਵਿੰਦਰ ਸਿੰਘ ਖਾਪੜਖੇੜੀ, ਡਾ. ਜੰਗ ਬਹਾਦਰ ਸਿੰਘ ਰਾਏ, ਸ. ਮਿੱਠੂ ਸਿੰਘ ਕਾਹਨੇਕੇ, ਓਐਸਡੀ ਸ. ਸਤਬੀਰ ਸਿੰਘ, ਸਕੱਤਰ ਸ. ਪ੍ਰਤਾਪ ਸਿੰਘ, ਸ. ਸੁਖਮਿੰਦਰ ਸਿੰਘ, ਸ. ਬਲਵਿੰਦਰ ਸਿੰਘ ਕਾਹਲਵਾਂ, ਸ. ਗੁਰਿੰਦਰ ਸਿੰਘ ਮਥਰੇਵਾਲ, ਨਿੱਜੀ ਸਕੱਤਰ ਸ. ਸ਼ਾਹਬਾਜ਼ ਸਿੰਘ, ਵਧੀਕ ਸਕੱਤਰ ਸ. ਤੇਜਿੰਦਰ ਸਿੰਘ ਪੱਡਾ, ਮੀਤ ਸਕੱਤਰ ਸ. ਗੁਰਦਿਆਲ ਸਿੰਘ, ਸ. ਬਲਵਿੰਦਰ ਸਿੰਘ ਖੈਰਾਬਾਦ, ਸ. ਹਰਭਜਨ ਸਿੰਘ ਵਕਤਾ, ਮੈਨੇਜਰ ਸ. ਭਗਵੰਤ ਸਿੰਘ ਧੰਗੇੜਾ ਆਦਿ ਮੌਜੂਦ ਸਨ।

khireyapunjab
Author: khireyapunjab

ਸ੍ਰ. ਸੰਤੋਖ ਸਿੰਘ ਪ੍ਰੇਮੀ (ਐਡੀਟਰ ਖਿੜਿਆ ਪੰਜਾਬ) ਸਤਿਕਾਰਯੋਗ ਪਿਤਾ ਜੀ ਨੇ ਸਭ ਤੋਂ ਪਹਿਲਾ ਪੇਪਰ 1969 ਵਿੱਚ ਬਾਜ਼ਾਰ ਕਾਠੀਆਂ ਅੰਮ੍ਰਿਤਸਰ ਤੋਂ ਸ਼ੁਰੂ ਕੀਤਾ ਸੀ । ਉਸ ਤੋਂ ਬਾਅਦ ਕੁੱਝ ਸਮਾਂ ਖਿੜਿਆ ਪੰਜਾਬ ਹਫਤਾਵਾਰੀ ਖਾਲੜਾ ਮੰਡੀ ਤੋਂ ਵੀ ਪ੍ਰਕਾਸ਼ਿਤ ਕੀਤਾ ਜਾਂਦਾ ਰਿਹਾ । ਪਿਤਾ ਜੀ ਨੇ ਇਹ ਮਹੀਨਾਵਾਰੀ ਪੇਪਰ ਸ੍ਰ. ਲਛਮਣ ਸਿੰਘ ਗਿੱਲ (ਮਰਹੂਮ ਮੁੱਖ ਮੰਤਰੀ ਪੰਜਾਬ) ਦੀ ਯਾਦ ਵਿੱਚ ਸ਼ੁਰੂ ਕੀਤਾ ਸੀ ਕਿਉਂ ਕਿ ਉਹ ਗਿੱਲ ਜੀ ਨਾਲ ਪਰਸਨਲ ਪੀ. ਏ. ਦੇ ਤੌਰ ਤੇ ਵਿਚਰੇ ਸਨ । ਅਸੀ ਪਿਛਲੇ ਸਮੇਂ ਤੋਂ ਖਿੜਿਆ ਪੰਜਾਬ ਯੂ ਟਿਊਬ ਚੈਨਲ ਚਲਾ ਰਹੇ ਸੀ । ਹੁਣ ਪਿਤਾ ਜੀ ਵਲੋਂ ਸ਼ੁਰੂ ਕੀਤਾ ਨਿਊਜ਼ ਪੇਪਰ ਪੰਜਾਬੀ ਆਨਲਾਈਨ ਚਾਲੂ ਕੀਤਾ ਗਿਆ ਹੈ । ਅਕਾਲ ਪੁਰਖ ਸਹਾਈ ਹੋਵੇ ਪੰਜਾਬ ਅਤੇ ਪੰਜਾਬੀਅਤ ਦੀ ਸੇਵਾ ਕਰਨ ਦਾ ਬੱਲ ਬਖਸ਼ੇ ।

Leave a Reply

Your email address will not be published. Required fields are marked *

Latest News

ਚੀਨ ਅਤੇ ਭਾਰਤ ਵਰਗੇ ਦੇਸ਼ ਵੀ ਡਿਪਲੋਮੈਟਿਕ ਸਟਾਫ ਨੂੰ ਵਿਦੇਸ਼ਾਂ ਵਿੱਚ ਦਮਨ ਦੀਆਂ ਕੋਸ਼ਿਸ਼ਾਂ ਕਰਨ ਲਈ ਕਰਦੇ ਹਨ ਨਿਯੁਕਤ: ਐਮਆਈਜੀਐਸ ਰਿਪੋਰਟ 👉ਕੈਨੇਡਾ ਦੀ ਐਮਆਈਜੀਐਸ ਵਲੋਂ ਜਾਰੀ ਰਿਪੋਰਟ ਵਿਚ ਕੈਨੇਡੀਅਨ ਸਿੱਖ ਕਾਰਕੁਨਾਂ ਨੂੰ ਮਿਲ਼ ਰਹੇ ਦਰਪੇਸ਼ ਹਿੰਸਕ ਖਤਰਿਆਂ ਨੂੰ ਕੀਤਾ ਗਿਆ ਉਜਾਗਰ

ਬੰਦੀ ਸਿੰਘਾਂ ਨੂੰ ਰਿਹਾਅ ਨਾ ਕਰਨਾ ਦੇਸ਼ ਅੰਦਰ ਘੱਟਗਿਣਤੀ ਸਿੱਖਾਂ ਨਾਲ ਵਿਤਕਰਾ- ਐਡਵੋਕੇਟ ਧਾਮੀ 👉 ਗਿਆਨੀ ਰਘਬੀਰ ਸਿੰਘ ਵਲੋਂ ਲਗਾਏ ਇਲਜ਼ਾਮਾਂ ਸਬੰਧੀ 72 ਘੰਟਿਆਂ ਵਿਚ ਸਬੂਤ ਪੇਸ਼ ਕਰਨ – ਐਡਵੋਕੇਟ ਧਾਮੀ 👉 ਗਿਆਨੀ ਹਰਪ੍ਰੀਤ ਸਿੰਘ ਸ਼੍ਰੋਮਣੀ ਕਮੇਟੀ ਨੂੰ ਬਦਨਾਮ ਕਰਨ ਲਈ ਮੁਆਫ਼ੀ ਮੰਗਣ, ਨਹੀਂ ਹੋਵੇਗਾ ਮਾਨਹਾਨੀ ਦਾ ਮੁਕੱਦਮਾ