ਖਡੂਰ ਸਾਹਿਬ ਵਿੱਚ ‘ਪੰਜਾਬ ਬਚਾਓ’ ਰੈਲੀ ਦੇ ਸਬੰਧ ਵਿੱਚ ਬਾਦਲ ਨਾਲ਼ ਬ੍ਰਹਮਪੁਰਾ ਤੇ ਸ਼ੇਖ ਦੀ ਮੁਲਾਕ਼ਾਤ
ਆਮ ਆਦਮੀ ਪਾਰਟੀ ਪੰਜਾਬ ਨੂੰ ਰੰਗਲਾ ਨਹੀਂ ਕੰਗਾਲ ਪੰਜਾਬ ਬਣਾਉਣਾ ਚਾਹੁੰਦੀ: ਬ੍ਰਹਮਪੁਰਾ, ਸ਼ੇਖ
ਤਰਨਤਾਰਨ ਤੋਂ ਗੁਰਪ੍ਰੀਤ ਸਿੰਘ ਸੈਡੀ
ਸ਼੍ਰੋਮਣੀ ਅਕਾਲੀ ਦਲ ਵੱਲੋ ਪੰਜਾਬ ਦੇ ਹਰ ਹਲਕੇ ਵਿੱਚ ‘ਪੰਜਾਬ ਬਚਾਓ’ ਮੁਹਿੰਮ ਤਹਿਤ ਰੈਲੀ ਆਯੋਜਿਤ ਕੀਤੀ ਜਾ ਰਹੀ ਹੈ ਜਿਸ ਤਹਿਤ ਹਲਕਾ ਖਡੂਰ ਸਾਹਿਬ ਤੋਂ ਹਲਕਾ ਇੰਚਾਰਜ ਅਤੇ ਸਾਬਕਾ ਵਿਧਾਇਕ ਰਵਿੰਦਰ ਸਿੰਘ ਬ੍ਰਹਮਪੁਰਾ ਮੀਤ ਪ੍ਰਧਾਨ ਸ਼੍ਰੋਮਣੀ ਅਕਾਲੀ ਦਲ ਦੀ ਅਗਵਾਈ ਵਿੱਚ ਗੁਰਸੇਵਕ ਸਿੰਘ ਸ਼ੇਖ਼ ਕੋਰ ਕਮੇਟੀ ਮੈਂਬਰ ਯੂਥ ਅਕਾਲੀ ਦਲ ਅਤੇ ਹੋਰ ਸੀਨੀਅਰ ਆਗੂ ਸਹਿਬਾਨ ਨੇ ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਨਾਲ ਵਿਸ਼ੇਸ਼ ਮੁਲਾਕਾਤ ਕਰਕੇ ਵਿਸਥਾਰਪੂਰਵਕ ਵਿਚਾਰ-ਵਟਾਂਦਰਾ ਕੀਤਾ। ਇਸ ਦੌਰਾਨ ਹਲਕੇ ਦੀ ਸੰਗਠਨਾਤਮਕ ਸਥਿਤੀ, ਰੈਲੀ ਦੀ ਰਣਨੀਤੀ ਅਤੇ ਮੌਜੂਦਾ ਸਿਆਸੀ ਹਾਲਾਤਾਂ ’ਤੇ ਚਰਚਾ ਹੋਈ। ਉਨ੍ਹਾਂ ਕਿਹਾ ਕਿ ਸ਼੍ਰੋਮਣੀ ਅਕਾਲੀ ਦਲ ਵੱਲੋਂ ਪੰਜਾਬ ਦੇ ਹਰ ਹਲਕੇ ਵਿੱਚ ਚਲਾਈ ਜਾ ਰਹੀ ‘ਪੰਜਾਬ ਬਚਾਓ’ ਮੁਹਿੰਮ ਲੋਕਾਂ ਦੇ ਹੱਕਾਂ ਅਤੇ ਸੂਬੇ ਦੀ ਇੱਜ਼ਤ ਬਚਾਉਣ ਦੀ ਲੜਾਈ ਹੈ ਅਤੇ ਖਡੂਰ ਸਾਹਿਬ ਦੀ ਰੈਲੀ ਇਸ ਅਭਿਆਨ ਦਾ ਮਹੱਤਵਪੂਰਨ ਪੜਾਅ ਸਾਬਤ ਹੋਵੇਗੀ।
ਬ੍ਰਹਮਪੁਰਾ ਤੇ ਸ਼ੇਖ ਨੇ ਕਿਹਾ ਕਿ ਉਹ ਆਪਣੀ ਪੂਰੀ ਟੀਮ ਅਤੇ ਸੀਨੀਅਰ ਆਗੂਆਂ ਨਾਲ ਮਿਲ ਕੇ ਇਹ ਯਕੀਨੀ ਬਣਾਉਣਗੇ ਕਿ ਖਡੂਰ ਸਾਹਿਬ ਦੀ ਧਰਤੀ ‘ਤੇ ਇਤਿਹਾਸਕ ਇਕੱਠ ਹੋਵੇ ਅਤੇ ਪੰਜਾਬ ਦੀ ਆਵਾਜ਼ ਨੂੰ ਦਿੱਲੀ ਤੱਕ ਸੁਣਾਇਆ ਜਾਵੇ। ਉਨ੍ਹਾਂ ਦਾਅਵਾ ਕੀਤਾ ਕਿ ਲੋਕ ਅੱਜ ਮੌਜੂਦਾ ਸਰਕਾਰ ਤੋਂ ਨਿਰਾਸ਼ ਹਨ ਅਤੇ ਬਦਲਾਅ ਦੀ ਲੋੜ ਮਹਿਸੂਸ ਕਰ ਰਹੇ ਹਨ।
ਉਨ੍ਹਾਂ ਨੇ ਮੌਜੂਦਾ ਆਮ ਆਦਮੀ ਪਾਰਟੀ ਦੀ ਸਰਕਾਰ ’ਤੇ ਤਿੱਖਾ ਹਮਲਾ ਕਰਦਿਆਂ ਕਿਹਾ ਕਿ ਜਿਨ੍ਹਾਂ ਵਾਅਦਿਆਂ ਦੇ ਆਧਾਰ ’ਤੇ ਸੱਤਾ ਹਾਸਲ ਕੀਤੀ ਗਈ ਸੀ, ਉਹ ਅੱਜ ਕਾਗਜ਼ਾਂ ਤੱਕ ਸੀਮਿਤ ਰਹਿ ਗਏ ਹਨ। ਉਨ੍ਹਾਂ ਮੁਤਾਬਕ ਪੰਜਾਬ ਕਰਜ਼ੇ ਦੇ ਬੋਝ ਹੇਠ ਹੋਰ ਦੱਬਦਾ ਜਾ ਰਿਹਾ ਹੈ ਅਤੇ ਆਮ ਆਦਮੀ ਪਾਰਟੀ ਪੰਜਾਬ ਦਾ ਖ਼ਜ਼ਾਨਾ ਲੁੱਟਣ ਵਿੱਚ ਕੋਈ ਕਸਰ ਨਹੀਂ ਛੱਡ ਰਹੀ।
ਕਾਨੂੰਨ-ਵਿਵਸਥਾ ਦੀ ਸਥਿਤੀ ਚਿੰਤਾਜਨਕ ਬਣੀ ਹੋਈ ਹੈ ਅਤੇ ਨੌਜਵਾਨਾਂ ਨੂੰ ਰੋਜ਼ਗਾਰ ਦੇ ਨਾਂ ’ਤੇ ਸਿਰਫ਼ ਐਲਾਨ ਮਿਲੇ ਹਨ। ਬ੍ਰਹਮਪੁਰਾ ਨੇ ਦੋਸ਼ ਲਾਇਆ ਕਿ ਸਰਕਾਰ ਪ੍ਰਚਾਰ ਅਤੇ ਇਸ਼ਤਿਹਾਰਬਾਜ਼ੀ ਵਿੱਚ ਵੱਧ ਰੁਚੀ ਲੈ ਰਹੀ ਹੈ ਜਦਕਿ ਜ਼ਮੀਨੀ ਪੱਧਰ ’ਤੇ ਵਿਕਾਸ ਦੀ ਰਫ਼ਤਾਰ ਸੁਸਤ ਹੈ।
ਉਨ੍ਹਾਂ ਕਿਹਾ ਕਿ ਜਦੋਂ ਵਿਕਾਸ ਦੀ ਗੱਲ ਹੁੰਦੀ ਹੈ ਤਾਂ ਅਕਾਲੀ ਸਰਕਾਰ ਦੌਰਾਨ ਕੀਤੇ ਗਏ ਕਾਰਜ ਅੱਜ ਵੀ ਆਪਣੀ ਗਵਾਹੀ ਦੇ ਰਹੇ ਹਨ। ਸੁਖਬੀਰ ਸਿੰਘ ਬਾਦਲ ਦੀ ਅਗਵਾਈ ਵਿੱਚ ਪੰਜਾਬ ਨੂੰ ਬਿਜਲੀ ਦੇ ਖੇਤਰ ਵਿੱਚ ਆਤਮਨਿਰਭਰ ਬਣਾਉਣ ਲਈ ਨਵੇਂ ਥਰਮਲ ਪਾਵਰ ਪਲਾਂਟ ਲਗਾਏ ਗਏ ਸਨ, ਸੜਕਾਂ ਦਾ ਵਿਸ਼ਾਲ ਜਾਲ ਤਿਆਰ ਕੀਤਾ ਗਿਆ ਅਤੇ ਉਦਯੋਗਿਕ ਵਿਕਾਸ ਲਈ ਮਜ਼ਬੂਤ ਢਾਂਚਾ ਖੜ੍ਹਾ ਕੀਤਾ ਗਿਆ। ਮੋਹਾਲੀ ਨੂੰ ਆਈਟੀ ਹੱਬ ਵਜੋਂ ਵਿਕਸਿਤ ਕਰਕੇ ਨੌਜਵਾਨਾਂ ਲਈ ਰੋਜ਼ਗਾਰ ਦੇ ਮੌਕੇ ਪੈਦਾ ਕੀਤੇ ਗਏ ਅਤੇ ਸੂਬੇ ਨੂੰ ਨਿਵੇਸ਼ ਲਈ ਆਕਰਸ਼ਕ ਮੰਜ਼ਿਲ ਬਣਾਇਆ ਗਿਆ। ਸਮਾਜਿਕ ਭਲਾਈ ਲਈ ‘ਸ਼ਗਨ ਸਕੀਮ’, ਬੁਢਾਪਾ ਪੈਨਸ਼ਨ, ਵਿਧਵਾ ਪੈਨਸ਼ਨ ਵਰਗੀਆਂ ਯੋਜਨਾਵਾਂ ਨੂੰ ਲਾਗੂ ਕੀਤਾ ਅਤੇ ਯਕੀਨੀ ਬਣਾਇਆ,ਗਰੀਬ ਪਰਿਵਾਰਾਂ ਦੀ ਮਦਦ ਕੀਤੀ ਗਈ, ਜਦਕਿ ਅੰਤਰਰਾਸ਼ਟਰੀ ਪੱਧਰ ਦੇ ਹਵਾਈ ਅੱਡਿਆਂ ਅਤੇ ਟੁਰੀਜਮ ਪ੍ਰੋਜੈਕਟਾਂ ਨਾਲ ਪੰਜਾਬ ਨੂੰ ਵਿਸ਼ਵ ਨਾਲ ਜੋੜਨ ਦੇ ਯਤਨ ਕੀਤੇ ਗਏ।
ਬ੍ਰਹਮਪੁਰਾ ਨੇ ਕਿਹਾ ਕਿ ਅੱਜ ਪੰਜਾਬ ਨੂੰ ਮਜ਼ਬੂਤ ਅਤੇ ਤਜਰਬੇਕਾਰ ਨ੍ਰੇਤਿਤਵ ਦੀ ਲੋੜ ਹੈ ਜੋ ਸੂਬੇ ਦੀ ਅਰਥਵਿਵਸਥਾ ਨੂੰ ਪਟੜੀ ’ਤੇ ਲਿਆ ਸਕੇ ਅਤੇ ਨੌਜਵਾਨਾਂ ਨੂੰ ਭਵਿੱਖ ਦੀ ਆਸ ਦੇ ਸਕੇ। ਉਨ੍ਹਾਂ ਵਿਸ਼ਵਾਸ ਜਤਾਇਆ ਕਿ ‘ਪੰਜਾਬ ਬਚਾਓ’ ਮੁਹਿੰਮ ਸੂਬੇ ਵਿੱਚ ਨਵਾਂ ਜਾਗਰੂਕਤਾ ਅਭਿਆਨ ਸਾਬਤ ਹੋਵੇਗੀ ਅਤੇ ਖਡੂਰ ਸਾਹਿਬ ਦੀ ਰੈਲੀ ਇਸ ਸੰਘਰਸ਼ ਦੀ ਮਜ਼ਬੂਤ ਸ਼ੁਰੂਆਤ ਬਣੇਗੀ ਜੋਂ ਹੋ ਰਹੀਆ ਰੈਲੀਆ ਤੋਂ ਬਾਅਦ ਅਗਲੇ ਪੜਾਅ ਵਿੱਚ ਕੀਤੀ ਜਾਵੇਗੀ। ਇਸ ਮੌਕੇ ਸਤਨਾਮ ਸਿੰਘ ਸ਼ਾਹ ਮਾਨੋਚਾਹਲ,ਕੁਲਵਿੰਦਰ ਸਿੰਘ ਪਿੰਕਾ, ਲਖਬੀਰ ਸਿੰਘ ਸੈਕਟਰੀ,ਕੁਲਦੀਪ ਸਿੰਘ ਆਦਿ ਹਾਜ਼ਰ ਸਨ।
Author: khireyapunjab
ਸ੍ਰ. ਸੰਤੋਖ ਸਿੰਘ ਪ੍ਰੇਮੀ (ਐਡੀਟਰ ਖਿੜਿਆ ਪੰਜਾਬ) ਸਤਿਕਾਰਯੋਗ ਪਿਤਾ ਜੀ ਨੇ ਸਭ ਤੋਂ ਪਹਿਲਾ ਪੇਪਰ 1969 ਵਿੱਚ ਬਾਜ਼ਾਰ ਕਾਠੀਆਂ ਅੰਮ੍ਰਿਤਸਰ ਤੋਂ ਸ਼ੁਰੂ ਕੀਤਾ ਸੀ । ਉਸ ਤੋਂ ਬਾਅਦ ਕੁੱਝ ਸਮਾਂ ਖਿੜਿਆ ਪੰਜਾਬ ਹਫਤਾਵਾਰੀ ਖਾਲੜਾ ਮੰਡੀ ਤੋਂ ਵੀ ਪ੍ਰਕਾਸ਼ਿਤ ਕੀਤਾ ਜਾਂਦਾ ਰਿਹਾ । ਪਿਤਾ ਜੀ ਨੇ ਇਹ ਮਹੀਨਾਵਾਰੀ ਪੇਪਰ ਸ੍ਰ. ਲਛਮਣ ਸਿੰਘ ਗਿੱਲ (ਮਰਹੂਮ ਮੁੱਖ ਮੰਤਰੀ ਪੰਜਾਬ) ਦੀ ਯਾਦ ਵਿੱਚ ਸ਼ੁਰੂ ਕੀਤਾ ਸੀ ਕਿਉਂ ਕਿ ਉਹ ਗਿੱਲ ਜੀ ਨਾਲ ਪਰਸਨਲ ਪੀ. ਏ. ਦੇ ਤੌਰ ਤੇ ਵਿਚਰੇ ਸਨ । ਅਸੀ ਪਿਛਲੇ ਸਮੇਂ ਤੋਂ ਖਿੜਿਆ ਪੰਜਾਬ ਯੂ ਟਿਊਬ ਚੈਨਲ ਚਲਾ ਰਹੇ ਸੀ । ਹੁਣ ਪਿਤਾ ਜੀ ਵਲੋਂ ਸ਼ੁਰੂ ਕੀਤਾ ਨਿਊਜ਼ ਪੇਪਰ ਪੰਜਾਬੀ ਆਨਲਾਈਨ ਚਾਲੂ ਕੀਤਾ ਗਿਆ ਹੈ । ਅਕਾਲ ਪੁਰਖ ਸਹਾਈ ਹੋਵੇ ਪੰਜਾਬ ਅਤੇ ਪੰਜਾਬੀਅਤ ਦੀ ਸੇਵਾ ਕਰਨ ਦਾ ਬੱਲ ਬਖਸ਼ੇ ।








