ਨਵੀਂ ਦਿੱਲੀ, 21 ਫਰਵਰੀ (ਮਨਪ੍ਰੀਤ ਸਿੰਘ ਖਾਲਸਾ): ਦਿੱਲੀ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ ਗੁਰਦੁਆਰਾ ਰਕਾਬਗੰਜ ਸਾਹਿਬ ਵਿਖੇ ਲਿਫਟ ਦੀ ਸਹੂਲਤ ਦੀ ਸ਼ੁਰੂਆਤ ਕੀਤੀ ਗਈ। ਇਸ ਬਾਰੇ ਜਾਣਕਾਰੀ ਦਿੰਦਿਆਂ ਕਮੇਟੀ ਪ੍ਰਧਾਨ ਸਰਦਾਰ ਹਰਮੀਤ ਸਿੰਘ ਕਾਲਕਾ ਤੇ ਜਨਰਲ ਸਕੱਤਰ ਸਰਦਾਰ ਜਗਦੀਪ ਸਿੰਘ ਕਾਹਲੋਂ ਨੇ ਦੱਸਿਆ ਕਿ ਇਸ ਲਿਫਟ ਵਾਸਤੇ ਸੇਵਾ ਆਨੰਦ ਪਰਿਵਾਰ ਵੱਲੋਂ ਕੀਤੀ ਗਈ ਹੈ ਤੇ ਉਹਨਾਂ ਦਾ ਉਪਰਾਲਾ ਸ਼ਲਾਘਾਯੋਗ ਹੈ। ਉਹਨਾਂ ਦੱਸਿਆ ਕਿ ਕਾਰ ਸੇਵਾ ਵਾਲੇ ਬਾਬਾ ਬਚਨ ਸਿੰਘ ਜੀ ਅਤੇ ਬਾਬਾ ਸੁਰਿੰਦਰ ਸਿੰਘ ਜੀ ਦੀ ਨਿਗਰਾਨੀ ਹੇਠ ਲਿਫਟ ਲਗਾਉਣ ਦੀ ਸੇਵਾ ਕੀਤੀ ਗਈ ਹੈ ਜਿਸ ਵਾਸਤੇ ਕਮੇਟੀ ਹਮੇਸ਼ਾ ਹੀ ਬਾਬਾ ਜੀ ਦੀ ਧੰਨਵਾਦੀ ਰਹੇਗੀ।ਉਹਨਾਂ ਕਿਹਾ ਕਿ ਜਿਹੜੀਆਂ ਸੰਗਤਾਂ ਨੂੰ ਪੌੜੀਆਂ ਚੜ੍ਹ ਕੇ ਗੁਰੂ ਘਰ ਦੇ ਦਰਸ਼ਨ ਕਰਨ ਵਿਚ ਮੁਸ਼ਕਿਲ ਆਉਂਦੀ ਸੀ, ਹੁਣ ਉਹ ਲਿਫਟ ਰਾਹੀਂ ਗੁਰਦੁਆਰਾ ਸਾਹਿਬ ਤੱਕ ਪਹੁੰਚ ਕੇ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਅਤੇ ਸ੍ਰੀ ਗੁਰੂ ਤੇਗ ਬਹਾਦਰ ਸਾਹਿਬ ਜੀ ਦੇ ਅਸਥਾਨ ਦੇ ਦਰਸ਼ਨ ਕਰ ਸਕਣਗੀਆਂ। ਉਹਨਾਂ ਕਿਹਾ ਕਿ ਇਹ ਬਹੁਤ ਵੱਡੀ ਸੇਵਾ ਹੈ ਜਿਸ ਵਾਸਤੇ ਆਨੰਦ ਪਰਿਵਾਰ ਦੀ ਜਿੰਨੀ ਵੀ ਸ਼ਲਾਘਾ ਕੀਤੀ ਜਾਵੇ ਥੋੜ੍ਹੀ ਹੈ। ਉਹਨਾਂ ਨੇ ਆਸ ਪ੍ਰਗਟਾਈ ਕਿ ਇਹ ਸਹੂਲਤ ਸੰਗਤਾਂ ਵਾਸਤੇ ਬਹੁਤ ਲਾਹੇਵੰਦ ਸਾਬਤ ਹੋਵੇਗੀ।
Author: khireyapunjab
ਸ੍ਰ. ਸੰਤੋਖ ਸਿੰਘ ਪ੍ਰੇਮੀ (ਐਡੀਟਰ ਖਿੜਿਆ ਪੰਜਾਬ) ਸਤਿਕਾਰਯੋਗ ਪਿਤਾ ਜੀ ਨੇ ਸਭ ਤੋਂ ਪਹਿਲਾ ਪੇਪਰ 1969 ਵਿੱਚ ਬਾਜ਼ਾਰ ਕਾਠੀਆਂ ਅੰਮ੍ਰਿਤਸਰ ਤੋਂ ਸ਼ੁਰੂ ਕੀਤਾ ਸੀ । ਉਸ ਤੋਂ ਬਾਅਦ ਕੁੱਝ ਸਮਾਂ ਖਿੜਿਆ ਪੰਜਾਬ ਹਫਤਾਵਾਰੀ ਖਾਲੜਾ ਮੰਡੀ ਤੋਂ ਵੀ ਪ੍ਰਕਾਸ਼ਿਤ ਕੀਤਾ ਜਾਂਦਾ ਰਿਹਾ । ਪਿਤਾ ਜੀ ਨੇ ਇਹ ਮਹੀਨਾਵਾਰੀ ਪੇਪਰ ਸ੍ਰ. ਲਛਮਣ ਸਿੰਘ ਗਿੱਲ (ਮਰਹੂਮ ਮੁੱਖ ਮੰਤਰੀ ਪੰਜਾਬ) ਦੀ ਯਾਦ ਵਿੱਚ ਸ਼ੁਰੂ ਕੀਤਾ ਸੀ ਕਿਉਂ ਕਿ ਉਹ ਗਿੱਲ ਜੀ ਨਾਲ ਪਰਸਨਲ ਪੀ. ਏ. ਦੇ ਤੌਰ ਤੇ ਵਿਚਰੇ ਸਨ । ਅਸੀ ਪਿਛਲੇ ਸਮੇਂ ਤੋਂ ਖਿੜਿਆ ਪੰਜਾਬ ਯੂ ਟਿਊਬ ਚੈਨਲ ਚਲਾ ਰਹੇ ਸੀ । ਹੁਣ ਪਿਤਾ ਜੀ ਵਲੋਂ ਸ਼ੁਰੂ ਕੀਤਾ ਨਿਊਜ਼ ਪੇਪਰ ਪੰਜਾਬੀ ਆਨਲਾਈਨ ਚਾਲੂ ਕੀਤਾ ਗਿਆ ਹੈ । ਅਕਾਲ ਪੁਰਖ ਸਹਾਈ ਹੋਵੇ ਪੰਜਾਬ ਅਤੇ ਪੰਜਾਬੀਅਤ ਦੀ ਸੇਵਾ ਕਰਨ ਦਾ ਬੱਲ ਬਖਸ਼ੇ ।








