ਸਕੂਲ ਆਫ਼ ਐਮੀਨੈਂਸ’ ਤੇ ਮੈਰੀਟੋਰੀਅਸ ਦਾਖ਼ਲਾ ਪ੍ਰੀਖਿਆ 1 ਮਾਰਚ ਨੂੰ
-ਪ੍ਰੀਖਿਆ ਦੀਆਂ ਤਿਆਰੀਆਂ ਮੁਕੰਮਲ – ਡੀ.ਈ.ਓ ਸਤਿਨਾਮ ਸਿੰਘ ਬਾਠ
-11 ਉਡਣ ਦਸਤੇ ਰਹਿਣਗੇ ਤਾਇਨਾਤ
ਤਰਨ ਤਾਰਨ, 27 ਫਰਵਰੀ : ਗੁਰਪ੍ਰੀਤ ਸਿੰਘ ਸੈਡੀ
ਪੰਜਾਬ ਸਰਕਾਰ ਦੇ ਫਲੈਗਸ਼ਿਪ ਪ੍ਰੋਗਰਾਮ ‘ਸਕੂਲ ਆਫ਼ ਐਮੀਨੈਂਸ’ ਅਤੇ ਮੈਰੀਟੋਰੀਅਸ ਸਕੂਲਾਂ ਵਿਚ ਨੌਵੀਂ ਅਤੇ ਗਿਆਰਵੀਂ ਸ਼੍ਰੇਣੀ ਦੇ ਦਾਖ਼ਲੇ ਲਈ ਸਾਂਝੀ ਪ੍ਰਵੇਸ਼ ਪ੍ਰੀਖਿਆ 1 ਮਾਰਚ ਨੂੰ ਹੋਣ ਜਾ ਰਹੀ ਹੈ। ਇਸ ਸਬੰਧੀ ਜਾਣਕਾਰੀ ਦਿੰਦਿਆਂ ਜ਼ਿਲ੍ਹਾ ਸਿੱਖਿਆ ਅਫ਼ਸਰ (ਸੈ.) ਸਤਿਨਾਮ ਸਿੰਘ ਬਾਠ ਨੇ ਦੱਸਿਆ ਕਿ ਜ਼ਿਲ੍ਹੇ ਵਿਚ ਪ੍ਰੀਖਿਆ ਦੇ ਸਾਰੇ ਪ੍ਰਬੰਧ ਮੁਕੰਮਲ ਕਰ ਲਏ ਗਏ ਹਨ।
ਉਨ੍ਹਾਂ ਦੱਸਿਆ ਕਿ ਇਸ ਵਾਰ ਜ਼ਿਲ੍ਹਾ ਤਰਨ ਤਾਰਨ ਵਿਚ ਕੁੱਲ 9,312 ਵਿਦਿਆਰਥੀ ਪ੍ਰੀਖਿਆ ਵਿਚ ਬੈਠਣਗੇ, ਜਿਸ ਵਿਚੋਂ ਨੌਵੀਂ ਜਮਾਤ ਲਈ 4,145 ਉਮੀਦਵਾਰ ਅਤੇ ਗਿਆਰਵੀਂ ਜਮਾਤ ਲਈ 5,167 ਉਮੀਦਵਾਰ ਹੋਣਗੇ ।
ਪ੍ਰੀਖਿਆ ਨੂੰ ਪਾਰਦਰਸ਼ੀ ਅਤੇ ਨਿਰਵਿਘਨ ਚਲਾਉਣ ਲਈ ਜ਼ਿਲ੍ਹੇ ਵਿਚ 33 ਪ੍ਰੀਖਿਆ ਕੇਂਦਰ ਬਣਾਏ ਗਏ ਹਨ। ਪ੍ਰੀਖਿਆ ਸਬੰਧੀ 11 ਵਿਸ਼ੇਸ਼ ਉਡਣ ਦਸਤੇ ਗਠਿਤ ਕੀਤੇ ਗਏ ਹਨ, ਜੋ ਪ੍ਰੀਖਿਆ ਕੇਂਦਰਾਂ ‘ਤੇ ਬਾਜ਼ ਅੱਖ ਰੱਖਣਗੇ ਅਤੇ ਆਪਣੀ ਰਿਪੋਰਟ ਡੀਲਿੰਗ ਹੈਂਡ ਇਕਬਾਲ ਸਿੰਘ ਨੂੰ ਸੌਂਪਣਗੇ।
ਜ਼ਿਲ੍ਹਾ ਸਿੱਖਿਆ ਅਫ਼ਸਰ ਨੇ ਵਿਦਿਆਰਥੀਆਂ ਨੂੰ ਹਦਾਇਤ ਕੀਤੀ ਹੈ ਕਿ ਉਹ ਪ੍ਰੀਖਿਆ ਕੇਂਦਰਾਂ ‘ਤੇ ਸਮੇਂ ਸਿਰ ਪਹੁੰਚਣਾ ਯਕੀਨੀ ਬਣਾਉਣ, ਤਾਂ ਜੋ ਕਿਸੇ ਵੀ ਤਰ੍ਹਾਂ ਦੀ ਪਰੇਸ਼ਾਨੀ ਤੋਂ ਬਚਿਆ ਜਾ ਸਕੇ। ਵਿਦਿਆਰਥੀ ਆਪਣੇ ਨਾਲ ਆਪਣਾ ਰੋਲ ਨੰਬਰ ਅਤੇ ਜ਼ਰੂਰੀ ਸਾਮਾਨ ਲੈ ਕੇ ਆਉਣ। ਸਮੂਹ ਕੇਂਦਰ ਕੰਟਰੋਲਰਾਂ ਨੂੰ ਹਦਾਇਤ ਕੀਤੀ ਗਈ ਹੈ ਕਿ ਉਹ ਸਵੇਰੇ 7:00 ਵਜੇ ‘ਸਕੂਲ ਆਫ਼ ਐਮੀਨੈਂਸ’ ਤਰਨ ਤਾਰਨ (ਮੰਡੀ ਵਾਲਾ ਸਕੂਲ) ਤੋਂ ਪ੍ਰਸ਼ਨ ਪੱਤਰ ਪ੍ਰਾਪਤ ਕਰਨਗੇ। ਉਨ੍ਹਾਂ ਸਪੱਸ਼ਟ ਕੀਤਾ ਕਿ ਪ੍ਰੀਖਿਆ ਪ੍ਰਬੰਧਾਂ ਵਿਚ ਕਿਸੇ ਵੀ ਤਰ੍ਹਾਂ ਦੀ ਢਿੱਲ ਬਰਦਾਸ਼ਤ ਨਹੀਂ ਕੀਤੀ ਜਾਵੇਗੀ। ਇਸ ਮੌਕੇ ਡੀਲਿੰਗ ਹੈਂਡ ਇਕਬਾਲ ਸਿੰਘ ਹਾਜਰ ਸਨ ।
Author: khireyapunjab
ਸ੍ਰ. ਸੰਤੋਖ ਸਿੰਘ ਪ੍ਰੇਮੀ (ਐਡੀਟਰ ਖਿੜਿਆ ਪੰਜਾਬ) ਸਤਿਕਾਰਯੋਗ ਪਿਤਾ ਜੀ ਨੇ ਸਭ ਤੋਂ ਪਹਿਲਾ ਪੇਪਰ 1969 ਵਿੱਚ ਬਾਜ਼ਾਰ ਕਾਠੀਆਂ ਅੰਮ੍ਰਿਤਸਰ ਤੋਂ ਸ਼ੁਰੂ ਕੀਤਾ ਸੀ । ਉਸ ਤੋਂ ਬਾਅਦ ਕੁੱਝ ਸਮਾਂ ਖਿੜਿਆ ਪੰਜਾਬ ਹਫਤਾਵਾਰੀ ਖਾਲੜਾ ਮੰਡੀ ਤੋਂ ਵੀ ਪ੍ਰਕਾਸ਼ਿਤ ਕੀਤਾ ਜਾਂਦਾ ਰਿਹਾ । ਪਿਤਾ ਜੀ ਨੇ ਇਹ ਮਹੀਨਾਵਾਰੀ ਪੇਪਰ ਸ੍ਰ. ਲਛਮਣ ਸਿੰਘ ਗਿੱਲ (ਮਰਹੂਮ ਮੁੱਖ ਮੰਤਰੀ ਪੰਜਾਬ) ਦੀ ਯਾਦ ਵਿੱਚ ਸ਼ੁਰੂ ਕੀਤਾ ਸੀ ਕਿਉਂ ਕਿ ਉਹ ਗਿੱਲ ਜੀ ਨਾਲ ਪਰਸਨਲ ਪੀ. ਏ. ਦੇ ਤੌਰ ਤੇ ਵਿਚਰੇ ਸਨ । ਅਸੀ ਪਿਛਲੇ ਸਮੇਂ ਤੋਂ ਖਿੜਿਆ ਪੰਜਾਬ ਯੂ ਟਿਊਬ ਚੈਨਲ ਚਲਾ ਰਹੇ ਸੀ । ਹੁਣ ਪਿਤਾ ਜੀ ਵਲੋਂ ਸ਼ੁਰੂ ਕੀਤਾ ਨਿਊਜ਼ ਪੇਪਰ ਪੰਜਾਬੀ ਆਨਲਾਈਨ ਚਾਲੂ ਕੀਤਾ ਗਿਆ ਹੈ । ਅਕਾਲ ਪੁਰਖ ਸਹਾਈ ਹੋਵੇ ਪੰਜਾਬ ਅਤੇ ਪੰਜਾਬੀਅਤ ਦੀ ਸੇਵਾ ਕਰਨ ਦਾ ਬੱਲ ਬਖਸ਼ੇ ।








