2027 ‘ਚ ਅਕਾਲੀ ਸਰਕਾਰ ਬਣਨ ‘ਤੇ ਖਡੂਰ ਸਾਹਿਬ ‘ਚ ਸਿਹਤ ਸੇਵਾਵਾਂ ਦਾ ਸੁਧਾਰ ਹੋਵੇਗਾ ‘ਪਹਿਲਾ ਕੰਮ’ – ਸੁਖਬੀਰ ਬਾਦਲ ਵੱਲੋਂ ਬ੍ਰਹਮਪੁਰਾ ਨੂੰ ਭਰੋਸਾ
ਬ੍ਰਹਮਪੁਰਾ ਨੇ ਪਾਰਟੀ ਪ੍ਰਧਾਨ ਅੱਗੇ ਰੱਖੀ ਹਲਕੇ ਦੇ ਮਾੜੇ ਸਿਹਤ ਢਾਂਚੇ ਦੀ ਗੱਲ
ਚੇਅਰਮੈਨ ਸ਼ੇਖ ਨੇ ਖਡੂਰ ਸਾਹਿਬ ਦੇ ਹੋਰ ਭਖਦੇ ਮਸਲਿਆਂ ਤੋਂ ਕਰਵਾਇਆ ਜਾਣੂ
ਤਰਨ ਤਾਰਨ 13 ਮਾਰਚ 2026: (ਗੁਰਪ੍ਰੀਤ ਸਿੰਘ ਸੈਡੀ) ਸ਼੍ਰੋਮਣੀ ਅਕਾਲੀ ਦਲ ਦੇ ਸੀਨੀਅਰ ਆਗੂ ਅਤੇ ਹਲਕਾ ਖਡੂਰ ਸਾਹਿਬ ਦੇ ਇੰਚਾਰਜ ਰਵਿੰਦਰ ਸਿੰਘ ਬ੍ਰਹਮਪੁਰਾ ਨੇ ਅੰਮ੍ਰਿਤਸਰ ਵਿਖੇ ਪਾਰਟੀ ਪ੍ਰਧਾਨ ਸੁਖਬੀਰ ਸਿੰਘ ਬਾਦਲ ਨਾਲ ਵਿਸ਼ੇਸ਼ ਮੁਲਾਕਾਤ ਕਰਕੇ ਹਲਕੇ ਦੇ ਨਿੱਘਰ ਰਹੇ ਸਿਹਤ ਢਾਂਚੇ ਦਾ ਮੁੱਦਾ ਪ੍ਰਮੁੱਖਤਾ ਨਾਲ ਚੁੱਕਿਆ। ਇਸ ਮੁਲਾਕਾਤ ਦੌਰਾਨ ਸ੍ਰ. ਬ੍ਰਹਮਪੁਰਾ ਨੇ ਪਾਰਟੀ ਪ੍ਰਧਾਨ ਦੇ ਧਿਆਨ ਵਿੱਚ ਲਿਆਂਦਾ ਕਿ ਮੌਜੂਦਾ ਸਰਕਾਰ ਦੀ ਅਣਦੇਖੀ ਕਾਰਨ ਇਲਾਕੇ ਦੇ ਸਰਕਾਰੀ ਹਸਪਤਾਲਾਂ ਵਿੱਚ ਡਾਕਟਰਾਂ ਅਤੇ ਆਧੁਨਿਕ ਮਸ਼ੀਨਰੀ ਦੀ ਭਾਰੀ ਘਾਟ ਹੈ। ਸਿਹਤ ਸਹੂਲਤਾਂ ਦੀ ਘਾਟ ਕਾਰਨ ਗਰੀਬ ਅਤੇ ਆਮ ਲੋਕਾਂ ਨੂੰ ਇਲਾਜ ਲਈ ਦਰ-ਦਰ ਦੀਆਂ ਠੋਕਰਾਂ ਖਾਣੀਆਂ ਪੈ ਰਹੀਆਂ ਹਨ ਅਤੇ ਮਹਿੰਗੇ ਪ੍ਰਾਈਵੇਟ ਹਸਪਤਾਲਾਂ ਵੱਲ ਰੁਖ਼ ਕਰਨਾ ਪੈ ਰਿਹਾ ਹੈ।
ਪਾਰਟੀ ਪ੍ਰਧਾਨ ਸੁਖਬੀਰ ਸਿੰਘ ਬਾਦਲ ਨੇ ਸ੍ਰ. ਬ੍ਰਹਮਪੁਰਾ ਨਾਲ ਗੱਲਬਾਤ ਦੌਰਾਨ ਭਰੋਸਾ ਦਿੱਤਾ ਕਿ 2027 ਵਿੱਚ ਸ਼੍ਰੋਮਣੀ ਅਕਾਲੀ ਦਲ ਦੀ ਸਰਕਾਰ ਬਣਦੇ ਹੀ ਖਡੂਰ ਸਾਹਿਬ ਸਮੇਤ ਸੂਬੇ ਭਰ ਵਿੱਚ ਸਿਹਤ ਢਾਂਚੇ ਨੂੰ ਮਜ਼ਬੂਤ ਕੀਤਾ ਜਾਵੇਗਾ ਅਤੇ ਇਲਾਕੇ ਵਿੱਚ ਉੱਚ ਪੱਧਰੀ ਆਧੁਨਿਕ ਹਸਪਤਾਲ ਬਣਾਉਣਾ ਸਰਕਾਰ ਦੀ ਪਹਿਲੀ ਤਰਜੀਹ ਹੋਵੇਗੀ। ਇਸਤੋਂ ਇਲਾਵਾ ਸ੍ਰ. ਬਾਦਲ ਨੇ ਭਰੋਸਾ ਦਿਵਾਇਆ ਕਿ 2027 ਵਿੱਚ ਅਕਾਲੀ ਦਲ ਦੀ ਸਰਕਾਰ ਬਣਨ ‘ਤੇ ਸ੍ਰੀ ਗੋਇੰਦਵਾਲ ਸਾਹਿਬ ‘ਚ ਨਵੀਂ ਇੰਡਸਟਰੀ ਲਿਆਂਦੀ ਜਾਵੇਗੀ ਤਾਂ ਜੋ ਇੱਥੋਂ ਦੇ ਨੌਜਵਾਨਾਂ ਨੂੰ ਰੁਜ਼ਗਾਰ ਮਿਲ ਸਕੇ। ਇਸ ਦੇ ਨਾਲ ਹੀ ਇਲਾਕੇ ਵਿੱਚ ‘ਸਿਹਤ ਸਹੂਲਤਾਂ’ ਨੂੰ ਪਹਿਲ ਦੇ ਆਧਾਰ ‘ਤੇ ਉੱਚਾ ਚੁੱਕਿਆ ਜਾਵੇਗਾ।
ਇਸ ਅਹਿਮ ਮੁਲਾਕਾਤ ਮੌਕੇ ਵਿਸ਼ੇਸ਼ ਤੌਰ ‘ਤੇ ਹਾਜ਼ਰ ਸੀਨੀਅਰ ਅਕਾਲੀ ਆਗੂ ਅਤੇ ਚੇਅਰਮੈਨ ਗੁਰਸੇਵਕ ਸਿੰਘ ਸ਼ੇਖ ਨੇ ਸ੍ਰ. ਬਾਦਲ ਨੂੰ ਖਡੂਰ ਸਾਹਿਬ ਦੇ ਉਨ੍ਹਾਂ ਹੋਰ ਅਹਿਮ ਅਤੇ ਭਖਦੇ ਮੁੱਦਿਆਂ ਤੋਂ ਜਾਣੂ ਕਰਵਾਇਆ ਜਿੰਨ੍ਹਾਂ ਦੇ ਹੱਲ ਦੀ ਇਲਾਕਾ ਨਿਵਾਸੀਆਂ ਨੂੰ ਸਖ਼ਤ ਲੋੜ ਹੈ। ਉਨ੍ਹਾਂ ਦੱਸਿਆ ਕਿ ਸਿਹਤ ਸਹੂਲਤਾਂ ਤੋਂ ਇਲਾਵਾ ਇਲਾਕੇ ਦੇ ਬੁਨਿਆਦੀ ਢਾਂਚੇ ਦੀ ਤਰਸਯੋਗ ਹਾਲਤ ਅਤੇ ਹੋਰ ਜ਼ਰੂਰੀ ਮਸਲਿਆਂ ਵੱਲ ਮੌਜੂਦਾ ਸਰਕਾਰ ਨੇ ਪੂਰੀ ਤਰ੍ਹਾਂ ਪਿੱਠ ਕਰ ਲਈ ਹੈ ਜਿਸ ਕਾਰਨ ਲੋਕਾਂ ਵਿੱਚ ਭਾਰੀ ਰੋਸ ਹੈ।
ਸੀਨੀਅਰ ਆਗੂ ਗੁਰਸੇਵਕ ਸਿੰਘ ਸ਼ੇਖ ਨੇ ਕਿਹਾ ਕਿ ਕੁਝ ‘ਸਿਆਸੀ ਸੈਲਾਨੀ’ ਹਲਕੇ ਦੇ ਲੋਕਾਂ ਨੂੰ ਗੁੰਮਰਾਹ ਕਰਨ ਦਾ ਅਸਫ਼ਲ ਯਤਨ ਕਰ ਰਹੇ ਹਨ ਪਰ ਬ੍ਰਹਮਪੁਰਾ ਪਰਿਵਾਰ ਦੇ ਅਟੁੱਟ ਕਿਲ੍ਹੇ ਵਿੱਚ ਸੰਨ੍ਹ ਲਗਾਉਣੀ ਇਨ੍ਹਾਂ ਦੇ ਵੱਸ ਦੀ ਗੱਲ ਨਹੀਂ। ਖਡੂਰ ਸਾਹਿਬ ਦੇ ਲੋਕ ਸਿਰਫ਼ ਅਕਾਲੀ ਦਲ ਦੀ ਉਸਾਰੂ ਸਿਆਸਤ ਅਤੇ ਬ੍ਰਹਮਪੁਰਾ ਪਰਿਵਾਰ ਦੀ ਦੂਰਅੰਦੇਸ਼ੀ ਅਗਵਾਈ ‘ਤੇ ਹੀ ਮੋਹਰ ਲਗਾਉਣਗੇ।
Author: khireyapunjab
ਸ੍ਰ. ਸੰਤੋਖ ਸਿੰਘ ਪ੍ਰੇਮੀ (ਐਡੀਟਰ ਖਿੜਿਆ ਪੰਜਾਬ) ਸਤਿਕਾਰਯੋਗ ਪਿਤਾ ਜੀ ਨੇ ਸਭ ਤੋਂ ਪਹਿਲਾ ਪੇਪਰ 1969 ਵਿੱਚ ਬਾਜ਼ਾਰ ਕਾਠੀਆਂ ਅੰਮ੍ਰਿਤਸਰ ਤੋਂ ਸ਼ੁਰੂ ਕੀਤਾ ਸੀ । ਉਸ ਤੋਂ ਬਾਅਦ ਕੁੱਝ ਸਮਾਂ ਖਿੜਿਆ ਪੰਜਾਬ ਹਫਤਾਵਾਰੀ ਖਾਲੜਾ ਮੰਡੀ ਤੋਂ ਵੀ ਪ੍ਰਕਾਸ਼ਿਤ ਕੀਤਾ ਜਾਂਦਾ ਰਿਹਾ । ਪਿਤਾ ਜੀ ਨੇ ਇਹ ਮਹੀਨਾਵਾਰੀ ਪੇਪਰ ਸ੍ਰ. ਲਛਮਣ ਸਿੰਘ ਗਿੱਲ (ਮਰਹੂਮ ਮੁੱਖ ਮੰਤਰੀ ਪੰਜਾਬ) ਦੀ ਯਾਦ ਵਿੱਚ ਸ਼ੁਰੂ ਕੀਤਾ ਸੀ ਕਿਉਂ ਕਿ ਉਹ ਗਿੱਲ ਜੀ ਨਾਲ ਪਰਸਨਲ ਪੀ. ਏ. ਦੇ ਤੌਰ ਤੇ ਵਿਚਰੇ ਸਨ । ਅਸੀ ਪਿਛਲੇ ਸਮੇਂ ਤੋਂ ਖਿੜਿਆ ਪੰਜਾਬ ਯੂ ਟਿਊਬ ਚੈਨਲ ਚਲਾ ਰਹੇ ਸੀ । ਹੁਣ ਪਿਤਾ ਜੀ ਵਲੋਂ ਸ਼ੁਰੂ ਕੀਤਾ ਨਿਊਜ਼ ਪੇਪਰ ਪੰਜਾਬੀ ਆਨਲਾਈਨ ਚਾਲੂ ਕੀਤਾ ਗਿਆ ਹੈ । ਅਕਾਲ ਪੁਰਖ ਸਹਾਈ ਹੋਵੇ ਪੰਜਾਬ ਅਤੇ ਪੰਜਾਬੀਅਤ ਦੀ ਸੇਵਾ ਕਰਨ ਦਾ ਬੱਲ ਬਖਸ਼ੇ ।








