Home » ਪੰਜਾਬ » ਹੈਦਰਾਬਾਦ ’ਚ ਗੁਰਦੁਆਰਾ ਸਾਹਿਬ ਦੀ ਜਗ੍ਹਾ ’ਤੇ ਜਬਰੀ ਕਬਜ਼ੇ ਦਾ ਸ਼੍ਰੋਮਣੀ ਕਮੇਟੀ ਨੇ ਲਿਆ ਨੋਟਿਸ

ਹੈਦਰਾਬਾਦ ’ਚ ਗੁਰਦੁਆਰਾ ਸਾਹਿਬ ਦੀ ਜਗ੍ਹਾ ’ਤੇ ਜਬਰੀ ਕਬਜ਼ੇ ਦਾ ਸ਼੍ਰੋਮਣੀ ਕਮੇਟੀ ਨੇ ਲਿਆ ਨੋਟਿਸ

SHARE ARTICLE

39 Views

ਅੰਮ੍ਰਿਤਸਰ, 16 ਮਾਰਚ (ਮਨਪ੍ਰੀਤ ਸਿੰਘ ਖਾਲਸਾ):- ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਨੇ ਹੈਦਰਾਬਾਦ ਵਿਖੇ ਗੁਰਦੁਆਰਾ ਸਾਹਿਬ ਬਰਮਬਾਲਾ ਦੀ ਜਗ੍ਹਾ ’ਤੇ ਸਥਾਨਕ ਪ੍ਰਸ਼ਾਸਨ ਵੱਲੋਂ ਜਬਰੀ ਕਬਜ਼ਾ ਕਰਨ ਦੀ ਕੀਤੀ ਜਾ ਰਹੀ ਕਾਰਵਾਈ ’ਤੇ ਗੰਭੀਰ ਸਵਾਲ ਉਠਾਉਂਦਿਆਂ ਇਸ ਦੀ ਕਰੜੇ ਸ਼ਬਦਾਂ ਵਿਚ ਨਿੰਦਾ ਕੀਤੀ ਹੈ। ਉਨ੍ਹਾਂ ਕਿਹਾ ਕਿ ਗੁਰਦੁਆਰਾ ਸਾਹਿਬ ਨਾਲ ਸੰਬੰਧਤ ਜਗ੍ਹਾ ’ਤੇ ਇਸ ਤਰ੍ਹਾਂ ਦੀ ਜਬਰਦਸਤੀ ਕਰਨੀ ਨਾ ਸਿਰਫ਼ ਦੁਖਦਾਈ ਹੈ, ਸਗੋਂ ਇਹ ਸਿੱਖ ਭਾਈਚਾਰੇ ਦੀਆਂ ਧਾਰਮਿਕ ਭਾਵਨਾਵਾਂ ਨੂੰ ਠੇਸ ਪਹੁੰਚਾਉਣ ਵਾਲੀ ਵੀ ਹੈ। ਐਡਵੋਕੇਟ ਧਾਮੀ ਨੇ ਕਿਹਾ ਕਿ ਗੁਰਦੁਆਰਾ ਸਾਹਿਬ ਬਰਮਬਾਲਾ ਨੂੰ ਪੁਰਾਣੇ ਸਮੇਂ ਤੋਂ ਮਿਲੀ ਹੋਈ ਜਗ੍ਹਾ ’ਤੇ ਜਬਰਨ ਕਬਜ਼ਾ ਕਰਨ ਦੀ ਕੋਸ਼ਿਸ਼ ਕਰਨਾ ਕਾਨੂੰਨ ਅਤੇ ਨਿਆਂ ਦੇ ਮੂਲ ਸਿਧਾਂਤਾਂ ਦੇ ਖ਼ਿਲਾਫ਼ ਹੈ। ਗੁਰਦੁਆਰਾ ਸਾਹਿਬ ਨਾਲ ਇਸ ਤਰ੍ਹਾਂ ਦੀ ਧੱਕੇਸ਼ਾਹੀ ਕਿਸੇ ਵੀ ਕੀਮਤ ’ਤੇ ਬਰਦਾਸ਼ਤ ਨਹੀਂ ਕੀਤੀ ਜਾ ਸਕਦੀ। ਉਨ੍ਹਾਂ ਕਿਹਾ ਕਿ ਸਿੱਖ ਧਰਮ ਵਿਚ ਗੁਰਦੁਆਰਾ ਸਾਹਿਬਾਨ ਸੰਗਤ ਦੀ ਆਸਥਾ ਅਤੇ ਵਿਸ਼ਵਾਸ ਦਾ ਕੇਂਦਰ ਹਨ। ਪ੍ਰਸ਼ਾਸਕੀ ਕਾਰਵਾਈ ਦੇ ਨਾਂ ’ਤੇ ਗੁਰਦੁਆਰਾ ਸਾਹਿਬ ਦੀ ਜਗ੍ਹਾ ’ਤੇ ਜਬਰੀ ਕਬਜ਼ਾ ਕਰਨ ਦੀ ਕੋਸ਼ਿਸ਼ ਸਿੱਖ ਕੌਮ ਦੀਆਂ ਧਾਰਮਿਕ ਭਾਵਨਾਵਾਂ ’ਤੇ ਹਮਲਾ ਹੈ। ਉਨ੍ਹਾਂ ਕਿਹਾ ਕਿ ਸਰਕਾਰ ਇਸ ਧੱਕੇਸ਼ਾਹੀ ਵਾਲੀ ਕਾਰਵਾਈ ਤੋਂ ਤੁਰੰਤ ਪਿੱਛੇ ਹਟੇ। ਉਨ੍ਹਾਂ ਕੇਂਦਰ ਸਰਕਾਰ ਨੂੰ ਵੀ ਅਪੀਲ ਕੀਤੀ ਕਿ ਇਸ ਮਾਮਲੇ ਵਿਚ ਤੁਰੰਤ ਦਖ਼ਲ ਦੇ ਕੇ ਸਿੱਖ ਭਾਈਚਾਰੇ ਦੀਆਂ ਭਾਵਨਾਵਾਂ ਦਾ ਆਦਰ ਕੀਤਾ ਜਾਵੇ ਅਤੇ ਗੁਰਦੁਆਰਾ ਸਾਹਿਬ ਬਰਮਬਾਲਾ ਨਾਲ ਸਬੰਧਤ ਜਗ੍ਹਾ ’ਤੇ ਕਬਜ਼ਾ ਦੀ ਨੀਅਤ ਨਾਲ ਕੀਤੀ ਜਾ ਰਹੀ ਕਾਰਵਾਈ ਨੂੰ ਮੁਕੰਮਲ ਤੌਰ ’ਤੇ ਰੋਕਣ ਦਾ ਸਥਾਨਕ ਸੂਬੇ ਦੀ ਸਰਕਾਰ ਨੂੰ ਆਦੇਸ਼ ਕਰੇ। ਉਨ੍ਹਾਂ ਸਥਾਨਕ ਸੰਗਤਾਂ ਨੂੰ ਇਸ ਮਾਮਲੇ ਵਿਚ ਸ਼੍ਰੋਮਣੀ ਕਮੇਟੀ ਵੱਲੋਂ ਪੂਰਨ ਸਹਿਯੋਗ ਦੀ ਵਚਨਬਧਤਾ ਪ੍ਰਗਟਾਉਂਦਿਆਂ ਕਿਹਾ ਕਿ ਕਿਸੇ ਵੀ ਧੱਕੇਸ਼ਾਹੀ ਵਿਰੁੱਧ ਸਿੱਖ ਸੰਸਥਾ ਪੂਰੇ ਵਿਸ਼ਵ ਦੀਆਂ ਸੰਗਤਾਂ ਨਾਲ ਖੜ੍ਹੀ ਹੈ ਅਤੇ ਖੜ੍ਹੀ ਰਹੇਗੀ।

khireyapunjab
Author: khireyapunjab

ਸ੍ਰ. ਸੰਤੋਖ ਸਿੰਘ ਪ੍ਰੇਮੀ (ਐਡੀਟਰ ਖਿੜਿਆ ਪੰਜਾਬ) ਸਤਿਕਾਰਯੋਗ ਪਿਤਾ ਜੀ ਨੇ ਸਭ ਤੋਂ ਪਹਿਲਾ ਪੇਪਰ 1969 ਵਿੱਚ ਬਾਜ਼ਾਰ ਕਾਠੀਆਂ ਅੰਮ੍ਰਿਤਸਰ ਤੋਂ ਸ਼ੁਰੂ ਕੀਤਾ ਸੀ । ਉਸ ਤੋਂ ਬਾਅਦ ਕੁੱਝ ਸਮਾਂ ਖਿੜਿਆ ਪੰਜਾਬ ਹਫਤਾਵਾਰੀ ਖਾਲੜਾ ਮੰਡੀ ਤੋਂ ਵੀ ਪ੍ਰਕਾਸ਼ਿਤ ਕੀਤਾ ਜਾਂਦਾ ਰਿਹਾ । ਪਿਤਾ ਜੀ ਨੇ ਇਹ ਮਹੀਨਾਵਾਰੀ ਪੇਪਰ ਸ੍ਰ. ਲਛਮਣ ਸਿੰਘ ਗਿੱਲ (ਮਰਹੂਮ ਮੁੱਖ ਮੰਤਰੀ ਪੰਜਾਬ) ਦੀ ਯਾਦ ਵਿੱਚ ਸ਼ੁਰੂ ਕੀਤਾ ਸੀ ਕਿਉਂ ਕਿ ਉਹ ਗਿੱਲ ਜੀ ਨਾਲ ਪਰਸਨਲ ਪੀ. ਏ. ਦੇ ਤੌਰ ਤੇ ਵਿਚਰੇ ਸਨ । ਅਸੀ ਪਿਛਲੇ ਸਮੇਂ ਤੋਂ ਖਿੜਿਆ ਪੰਜਾਬ ਯੂ ਟਿਊਬ ਚੈਨਲ ਚਲਾ ਰਹੇ ਸੀ । ਹੁਣ ਪਿਤਾ ਜੀ ਵਲੋਂ ਸ਼ੁਰੂ ਕੀਤਾ ਨਿਊਜ਼ ਪੇਪਰ ਪੰਜਾਬੀ ਆਨਲਾਈਨ ਚਾਲੂ ਕੀਤਾ ਗਿਆ ਹੈ । ਅਕਾਲ ਪੁਰਖ ਸਹਾਈ ਹੋਵੇ ਪੰਜਾਬ ਅਤੇ ਪੰਜਾਬੀਅਤ ਦੀ ਸੇਵਾ ਕਰਨ ਦਾ ਬੱਲ ਬਖਸ਼ੇ ।

Leave a Reply

Your email address will not be published. Required fields are marked *

Latest News